ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਫਗਵਾੜਾ ਵਿੱਚ ਹੋਈ ਝੜਪ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਦੀ ਅਪੀਲ
ਫਗਵਾੜਾ ਵਿੱਚ ਹੋਈ ਝੜਪ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਦੀ ਅਪੀਲ
Page Visitors: 2330

ਫਗਵਾੜਾ ਵਿੱਚ ਹੋਈ ਝੜਪ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਦੀ ਅਪੀਲ
ਅਫਵਾਹਾਂ ਰੋਕਣ ਲਈ ਚਾਰ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਠੱਪ ਕਰਨ ਦੇ ਹੁਕਮ
By : ਬਾਬੂਸ਼ਾਹੀ ਬਿਊਰੋ
Saturday, Apr 14, 2018 07:49 PM
ਚੰਡੀਗੜ੍ਹ, 14 ਅਪ੍ਰੈਲ 2018:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਗਵਾੜਾ ਵਿੱਚ ਦੋ ਭਾਈਚਾਰਿਆਂ ਦਰਮਿਆਨ ਹੋਈ ਹਿੰਸਕ ਝੜਪ ਦੇ ਮੱਦੇਨਜ਼ਰ ਲੋਕਾਂ ਨੂੰ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ਵਿੱਚ ਅਮਨ-ਕਾਨੂੰਨ ਭੰਗ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ।
ਮੁੱਖ ਮੰਤਰੀ ਨੇ ਇਸ ਘਟਨਾ ਤੋਂ ਬਾਅਦ ਸਥਿਤੀ 'ਤੇ ਖੁਦ ਨਜ਼ਰ ਰੱਖੀ ਹੋਈ ਹੈ ਅਤੇ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਇਹਤਿਆਤ ਵਜੋਂ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਠੱਪ ਕਰਨ ਦੇ ਹੁਕਮ ਦਿੱਤੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਪੁਲੀਸ ਨੂੰ ਕਰੜੀ ਚੌਕਸੀ ਵਰਤਣ ਅਤੇ ਵਿਘਨ ਪਾਉਣ ਵਾਲੇ ਤੱਤਾਂ 'ਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ਤਾਂ ਕਿ ਹਾਲਾਤ ਕਾਬੂ ਵਿੱਚ ਰੱਖਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਪੁਲੀਸ ਨੂੰ ਇਸ ਘਟਨਾ ਦੀ ਵਿਸਥਾਰ ਵਿੱਚ ਜਾਂਚ ਕਰਨ ਲਈ ਆਖਿਆ ਜਿਸ ਵਿੱਚ ਕੁਝ ਦਲਿਤ ਵਰਕਰਾਂ ਅਤੇ ਅਖੌਤੀ ਹਿੰਦੂ ਜਥੇਬੰਦੀਆਂ ਦਰਮਿਆਨ ਝੜਪ ਹੋਈ ਸੀ।ਮੁੱਖ ਮੰਤਰੀ ਨੇ ਇਨ੍ਹਾਂ ਝੜਪਾਂ ਵਿੱਚ ਜ਼ਖਮੀ ਹੋਣ ਵਾਲਿਆਂ ਦੇ ਇਲਾਜ ਦਾ ਸਾਰਾ ਖਰਚਾ ਸਰਕਾਰ ਵੱਲੋਂ ਸਹਿਣ ਕਰਨ ਦਾ ਐਲਾਨ ਕੀਤਾ ਅਤੇ ਇਹ ਇਲਾਜ ਭਾਵੇਂ ਸਰਕਾਰੀ ਹਸਪਤਾਲ 'ਚ ਹੋਵੇ ਜਾਂ ਪ੍ਰਾਈਵੇਟ ਹਸਪਤਾਲ ਵਿੱਚ।
ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਇਸ ਘਟਨਾ ਵਿੱਚ ਗੰਭੀਰ ਜ਼ਖਮੀ ਹੋਏ ਯਸ਼ਵੰਤ ਕੁਮਾਰ ਬੌਬੀ ਦਾ ਬਿਹਤਰ ਇਲਾਜ ਯਕੀਨੀ ਬਣਾਇਆ ਜਾਵੇ ਜੋ ਇਸ ਵੇਲੇ ਡੀ.ਐਮ.ਸੀ. ਲੁਧਿਆਣਾ ਵਿੱਚ ਜੇਰੇ ਇਲਾਜ ਹੈ।
ਲੋਕਾਂ ਨੂੰ ਸੰਜਮ ਵਿੱਚ ਰਹਿਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਅਮਨ-ਸ਼ਾਂਤੀ ਅਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਅਤੇ ਦੇਸ਼ ਵਿਰੋਧੀ ਤੇ ਸਮਾਜ ਵਿਰੋਧੀ ਤੱਤਾਂ ਦੇ ਨਾਪਾਕ ਇਰਾਦਿਆਂ ਨੂੰ ਅਸਫਲ ਬਣਾਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.