ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪ੍ਰਧਾਨ ਮੰਤਰੀ ਨੂੰ ਮਿਲਿਆ, "ਲੰਗਰ ਤੇ ਜੀਐਸਟੀ ਤੋਂ ਛੋਟ ਦੇਣ "ਲਈ ਧੰਨਵਾਦ ਕੀਤਾ
ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪ੍ਰਧਾਨ ਮੰਤਰੀ ਨੂੰ ਮਿਲਿਆ, "ਲੰਗਰ ਤੇ ਜੀਐਸਟੀ ਤੋਂ ਛੋਟ ਦੇਣ "ਲਈ ਧੰਨਵਾਦ ਕੀਤਾ
Page Visitors: 2355

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪ੍ਰਧਾਨ ਮੰਤਰੀ ਨੂੰ ਮਿਲਿਆ, "ਲੰਗਰ ਤੇ ਜੀਐਸਟੀ ਤੋਂ ਛੋਟ ਦੇਣ "ਲਈ ਧੰਨਵਾਦ ਕੀਤਾ
By : ਬਾਬੂਸ਼ਾਹੀ ਬਿਊਰੋ
Friday, Jun 08, 2018 07:52 PM
ਚੰਡੀਗੜ੍ਹ/ਨਵੀਂ ਦਿੱਲੀ 08 ਜੂਨ 2018: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਇੱਕ ਪਾਰਟੀ ਵਫ਼ਦ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ  ਨੂੰ ਸਵੇਰੇ ਉਹਨਾਂ ਦੀ ਦਿੱਲੀ ਵਿਚਲੀ ਰਿਹਾਇਸ਼ ਉੱਤੇ ਮਿਲਿਆ। ਵਫਦ ਨੇ ਕੇਂਦਰ ਸਰਕਾਰ ਦਾ ਗੁਰੂ ਕੇ ਲੰਗਰ ਨੰੂੰ ਜੀਐਸਟੀ ਤੋਂ ਛੋਟ ਦੇਣ ਲਈ ਕੀਤੇ ਬੇਮਿਸਾਲ ਅਤੇ ਫੈਸਲਾਕੁਨ ਉਪਰਾਲੇ ਲਈ ਧੰਨਵਾਦ ਕੀਤਾ ਅਤੇ ਪ੍ਰਧਾਨ ਮੰਤਰੀ ਦਾ ਧਿਆਨ ਪੰਜਾਬ ਦੇ ਲੋਕਾਂ ਨਾਲ ਜੁੜੇ ਕੁੱਝ ਅਹਿਮ ਮੁੱਦਿਆਂ ਵੱਲ ਦਿਵਾਇਆ।
ਅਕਾਲੀ ਦਲ ਦੇ ਵਫ਼ਦ ਨੇ ਅਜ਼ਾਦੀ ਬਾਅਦ ਭਾਰਤ ਸਰਕਾਰ ਵੱਲੋਂ ਪੂਰੇ ਮੁਲਕ ਦੇ ਗੁਰਦੁਆਰਾ ਸਾਹਿਬਾਨ ਵਾਸਤੇ ਖਰੀਦੀ ਜਾਂਦੀ ਲੰਗਰ ਰਸਦ ਨੂੰ ਟੈਕਸ ਤੋਂ ਛੋਟ ਦੇਣ ਦੇ ਕੀਤੇ ਆਪਣੀ ਕਿਸਮ ਦੇ ਪਹਿਲੇ ਉਪਰਾਲੇ ਦੀ ਦਿਲ ਖੋਲ੍ਹ ਕੇ ਪ੍ਰਸੰਸਾ ਕੀਤੀ।
ਇਸ ਬਾਰੇ ਪਾਰਟੀ ਵੱਲੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਇਸ ਗੱਲ ਦੀ ਸਰਾਹਨਾ ਕੀਤੀ ਕਿ ਪੂਰੇ ਮੁਲਕ ਅੰਦਰ ਸ਼੍ਰੋਮਣੀ ਅਕਾਲੀ ਦਲ ਭਾਜਪਾ ਦਾ ਸਭ ਤੋਂ ਪੁਰਾਣਾ ਅਤੇ ਭਰੋਸੇਯੋਗ ਭਾਈਵਾਲ ਹੈ।
ਪ੍ਰਧਾਨ ਮੰਤਰੀ ਨੇ ਇਸ ਮੀਟਿੰਗ ਦੌਰਾਨ ਅਕਾਲੀ ਆਗੂਆ ਨੂੰ ਕਿਹਾ ਕਿ ਇਹ ਸਭ ਤੋਂ ਪੁਰਾਣਾ, ਟਿਕਾਊ ਅਤੇ ਸਮੇਂ ਦਾ ਪਰਖਿਆ ਹੋਇਆ ਗਠਜੋੜ ਹੈ। ਭਾਜਪਾ ਇਸ ਦੀ ਕਦਰ ਕਰਦੀ ਹੈ।
ਇਹ ਗਠਜੋੜ ਪੰਜਾਬ ਵਿਚ ਸਮਾਜਿਕ ਅਤੇ ਸਿਆਸੀ ਸਹਿਮਤੀ ਨੂੰ ਦਰਸਾਉਂਦਾ ਹੈ ਅਤੇ ਪੂਰੇ ਦੇਸ਼ ਅੰਦਰ, ਖਾਸ ਕਰਕੇ ਪੰਜਾਬ ਵਿਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦਾ ਪ੍ਰਤੀਕ ਹੈ।
ਇਸ ਵਫ਼ਦ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਰਦਾਰ ਸੁਖਦੇਵ ਸਿੰਘ ਢੀਂਡਸਾ, ਸਰਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸਰਦਾਰ ਬਲਵਿੰਦਰ ਸਿੰਘ ਭੂੰਦੜ, ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜਥੇਦਾਰ ਮਨਜਿੰਦਰ ਸਿੰਘ ਸਿਰਸਾ ਵੀ ਸ਼ਾਮਿਲ ਸਨ।
ਇਸ ਤੋਂ ਇਲਾਵਾ ਦੋਵੇਂ ਕਮੇਟੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਅਤੇ ਜਥੇਦਾਰ ਮਨਜੀਤ ਸਿੰਘ ਜੀਕੇ ਵੀ ਇਸ ਵਫ਼ਦ ਦਾ ਹਿੱਸਾ ਸਨ।
ਵਫ਼ਦ ਨੇ ਕੇਂਦਰ ਸਰਕਾਰ ਵੱਲੋਂ ਸਮੁੱਚੇ ਦੇਸ਼ ਦੇ ਗੰਨਾ ਉਤਪਾਦਕਾਂ ਲਈ ਰੱਖੇ 8 ਹਜ਼ਾਰ ਕਰੋੜ ਰੁਪਏ ਵਿਚੋਂ 800 ਕਰੋੜ ਰੁਪਏ ਪੰਜਾਬ ਦੇ ਗੰਨਾ ਉਤਪਾਦਕਾਂ ਲਈ ਜਾਰੀ ਕਰਨ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਵਫ਼ਦ ਨੇ ਪ੍ਰਧਾਨ  ਮੰਤਰੀ ਨੂੰ ਦੱਸਿਆ ਕਿ ਮੁਸ਼ਕਿਲਾਂ ਵਿਚੋਂ ਲੰਘ ਰਹੀ ਕਿਸਾਨੀ ਲਈ ਇਹ ਇੱਕ ਬਹੁਤ ਵੱਡੀ ਰਾਹਤ ਹੈ।
ਅਕਾਲੀ ਵਫ਼ਦ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਹ ਸਵਾਮੀਨਾਥਨ ਰਿਪੋਰਟ ਨੂੰ  ਲਾਗੂ ਕਰਨ ਦੇ ਅਮਲ ਵਿਚ ਤੇਜ਼ੀ ਲਿਆਉਣ। ਇਸ ਰਿਪੋਰਟ ਦੇ ਲਾਗੂ ਹੋਣ ਨਾਲ ਕਿਸਾਨਾਂ ਲਈ ਫਸਲਾਂ ਦੀ ਲਾਗਤ  ਉੱਤੇ 50 ਫੀਸਦੀ ਮੁਨਾਫਾ ਯਕੀਨੀ ਹੋ ਜਾਵੇਗਾ।
ਵਫ਼ਦ ਨੇ ਸ੍ਰੀ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਇੱਕ ਵੱਡੇ ਰਾਸ਼ਟਰੀ ਅਤੇ ਗਲੋਬਲ ਸਮਾਰੋਹ ਵਜੋਂ  ਮਨਾਏ ਜਾਣ ਲਈ ਪ੍ਰਧਾਨ ਮੰਤਰੀ ਨੂੰ ਆਪਣੀ ਅਗਵਾਈ ਥੱਲੇ ਇੱਕ ਰਾਸ਼ਟਰੀ ਕਮੇਟੀ ਕਾਇਮ ਕਰਨ ਲਈ ਕਿਹਾ। ਪ੍ਰਧਾਨ ਮੰਤਰੀ ਨੇ ਇਸ ਦਾ ਹਾਂ-ਪੱਖੀ ਹੁੰਗਾਰਾ ਭਰਿਆ।
ਵਫ਼ਦ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਅਤੇ ਕਈ ਮਾਮਲਿਆਂ ਵਿਚ 20 ਸਾਲਾਂ ਤੋਂ ਵੱਧ ਸਜ਼ਾਵਾਂ ਕੱਟਣ ਦੇ ਬਾਵਜੂਦ ਜੇਲ੍ਹਾਂ ਵਿਚ ਸੜ੍ਹ ਰਹੇ ਸਾਰੇ ਸਿੱਖਾਂ ਅਤੇ ਪੰਜਾਬੀਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ। ਵਫ਼ਦ ਨੇ ਕਿਹਾ ਕਿ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਉਹਨਾਂ ਨੂੰ ਜੇਲ੍ਹਾਂ ਵਿਚ ਡੱਕੀ ਰੱਖਣਾ ਗੈਰ ਕਾਨੂੰਨੀ ਅਤੇ ਅਨੈਤਿਕ ਕਾਰਵਾਈ ਹੈ।
ਵਫਦ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਡੇਰਾ ਬਾਬਾ ਨਾਨਕ ਤੋਂ ਸ੍ਰੀ ਗੁਰੂ ਨਾਨਕ ਜੀ ਦੇ ਜਨਮ ਸਥਾਨ ਕਰਤਾਰਪੁਰ ਸਾਹਿਬ, ਪਾਕਿਸਤਾਨ ਤਕ ਇੱਕ ਗਲਿਆਰਾ ਬਣਾਉਣ ਦੇ ਮੁੱਦੇ ਆਪਣੇ ਪਾਕਿਸਤਾਨੀ ਹਮਰੁਤਬਾ ਨਾਲ ਗੱਲਬਾਤ ਕਰਨ।
ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਜੀ ਦੇ 550ਵੇਂ ਪਰਕਾਸ਼ ਉਤਸਵ ਉੱਤੇ ਇਹ ਉਹਨਾਂ ਲਈ ਸਭ ਤੋਂ ਵੱਡੀ ਸ਼ਰਧਾਂਜ਼ਲੀ ਹੋਵੇਗੀ।
ਮੀਟਿੰਗ ਤੋਂ ਬਾਅਦ ਸਰਦਾਰ ਬਾਦਲ ਨੇ ਕਿਹਾ ਕਿ ਵਫ਼ਦ ਦੀ ਪ੍ਰਧਾਨ ਮੰਤਰੀ ਜੀ ਨਾਲ ਮੁਲਾਕਾਤ ਬਹੁਤ ਹੀ ਹਾਂ-ਪੱਖੀ ਅਤੇ ਸਿੱਟਾ-ਭਰਪੂਰ ਰਹੀ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.