ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਆਖਰ ਕਰਤਾਰਪੁਰ ਲਾਂਘੇ ‘ਤੇ ਪਾਕਿਸਤਾਨ ਨਾਲ ਗੱਲਬਾਤ ਲਈ ਭਾਰਤ ਨੇ ਬਣਾਇਆ ਮਨ
ਆਖਰ ਕਰਤਾਰਪੁਰ ਲਾਂਘੇ ‘ਤੇ ਪਾਕਿਸਤਾਨ ਨਾਲ ਗੱਲਬਾਤ ਲਈ ਭਾਰਤ ਨੇ ਬਣਾਇਆ ਮਨ
Page Visitors: 2339

ਆਖਰ ਕਰਤਾਰਪੁਰ ਲਾਂਘੇ ‘ਤੇ ਪਾਕਿਸਤਾਨ ਨਾਲ ਗੱਲਬਾਤ ਲਈ ਭਾਰਤ ਨੇ ਬਣਾਇਆ ਮਨ
By : ਬਾਬੂਸ਼ਾਹੀ ਬਿਊਰੋ
Thursday, Sep 20, 2018 09:15 PM

ਨਵੀਂ ਦਿੱਲੀ, 20 ਸਤੰਬਰ 2018 - ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਭਾਰਤੀ ਪੀ.ਐਮ. ਨੂੰ ਚਿੱਠੀ ਲਿਖ ਦੋਹਾਂ ਮੁਲਕਾਂ ਵਿਚਕਾਰ ਸ਼ਾਂਤੀ ਪ੍ਰਸਤਾਵ ਦੀ ਗੱਲ ਰੱਖੇ ਜਾਣ ਤੋਂ ਬਾਅਦ ਭਾਰਤ ਪਾਕਿਸਤਾਨ ਨਾਲ ਕਰਤਾਰਪੁਰ ਲਾਂਘੇ 'ਤੇ ਗੱਲਬਾਤ ਕਰਨ ਲਈ ਵੀ ਰਾਜ਼ੀ ਹੋ ਹੀ ਗਿਆ। ਅੱਜ ਨਵੀਂ ਦਿੱਲੀ 'ਚ ਇਸ ਗੱਲ ਦੀ ਪੁਸ਼ਟੀ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕੀਤੀ। ਉਨ੍ਹਾਂ ਕਿਹਾ ਕਿ 24 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ਯੂਨਾਇਟੇਡ ਨੇਸ਼ਨਜ਼ ਦੀ 73ਵੀਂ ਜਨਰਲ ਅਸੰਬਲੀ 'ਚ ਭਾਰਤੀ ਵਿਦੇਸ਼ ਮੰਤਰੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਤ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਮੌਕੇ ਸੁਸ਼ਮਾ ਸਵਰਾਜ, ਸ਼ਾਹ ਮਹਿਮੂਦ ਕੁਰੈਸ਼ੀ ਕੋਲ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮੁੱਦਾ ਚੁੱਕਣਗੇ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਕਰਤਾਰਪੁਰ ਲਾਂਘੇ ਲਈ ਭਾਰਤ ਵੱਲੋਂ ਕਈ ਵਾਰ ਪਾਕਿਸਤਾਨ ਨਾਲ ਅਧਿਕਾਰਤ ਤੌਰ 'ਤੇ ਗੱਲਬਾਤ ਕਰਨ ਦੀ ਪਹਿਲਕਦਮੀ ਕੀਤੀ ਜਾ ਚੁੱਕੀ ਹੈ, ਪਰ ਪਾਕਿਸਤਾਨ ਨੇ ਕੋਈ ਦਿਲਚਸਪੀ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ 1999 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਆਪਣੀ ਪਾਕਿਸਤਾਨ ਫੇਰੀ ਦੌਰਾਨ ਪਹਿਲੀ ਵਾਰ ਇਸ ਲਾਂਘੇ ਦਾ ਮੁੱਦਾ ਚੁੱਕਿਆ ਸੀ। ਇਸਤੋਂ ਬਾਅਦ 2004 'ਚ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਮੁੱਦਾ ਚੁੱਕਿਆ ਸੀ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਸਾਲ 2005 ਵਿੱਚ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਦੀ ਲਈ ਪਾਕਿਸਤਾਨ ਦੇ ਵੀਜ਼ੇ ਦੀ ਇਜਾਜ਼ਤ ਤਾਂ ਦੇ ਦਿੱਤੀ ਸੀ, ਪਰ ਵੀਜ਼ਾ ਰਹਿਤ ਪ੍ਰਣਾਲੀ ਨੂੰ ਹਾਲੇ ਤਕ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਸਾਲ 2008 ਵਿੱਚ ਵਿਦੇਸ਼ ਮੰਤਰੀ ਨੇ ਵੀ ਇਸ ਮੁੱਦੇ ਨੂੰ ਚੁੱਕਿਆ ਸੀ, ਪਰ ਇਸ 'ਤੇ ਪਾਕਿਸਤਾਨ ਸਰਕਾਰ ਵੱਲੋਂ ਕੋਈ ਵੀ ਅਧਿਕਾਰਤ ਜਵਾਬ ਨਹੀਂ ਦਿੱਤਾ ਗਿਆ ਹੈ।
ਪੰਜਾਬ ਕੈਬਿਨੇਟ ਮੰਤਰੀ ਨਵਜੋਤ ਸਿੱਧੂ ਦੀ ਪਾਕਿਸਤਾਨ ਫੇਰੀ ਤੋਂ ਬਾਅਦ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਦੀ ਮੰਗ ਲਗਾਤਾਰ ਉੱਠ ਰਹੀ ਹੈ। ਸਿੱਧੂ ਵੱਲੋਂ ਸੁਸ਼ਮਾ ਸਵਰਾਜ ਨੂੰ ਇਸ ਲਾਂਘੇ ਬਾਰੇ ਚਿੱਠੀਆਂ ਵੀ ਲਿਖੀਆਂ ਗਈਆਂ ਤੇ ਨਿੱਜੀ ਬੈਠਕਾਂ ਵੀ ਕੀਤੀਆਂ ਗਈਆਂ। ਪਰ ਭਾਰਤੀ  ਵਿਦੇਸ਼ ਮੰਤਰਾਲੇ ਵੱਲੋਂ ਇਹੀ ਬਿਆਨ ਆਉਂਦਾ ਰਿਹਾ ਕਿ ਪਾਕਿਸਤਾਨ ਇਸ ਮਾਮਲੇ 'ਤੇ ਕੋਈ ਗੱਲਬਾਤ ਦੀ ਹਾਮੀ ਨਹੀਂ ਭਰ ਰਿਹਾ। ਪਰ ਹੁਣ ਦੇਖਣਾ ਇਹ ਹੋਵੇਗਾ ਕਿ ਪਾਕਿਸਤਾਨ ਨਾਲ ਤੈਅ ਹੋਈ ਦੋਹਾਂ ਮੁਲਕਾਂ ਵਿਚਕਾਰ ਇਹ ਮੁਲਾਕਾਤ ਸਿੱਖਾਂ ਲਈ ਕਿੰਨੀ ਵੱਡੀ ਖੁਸ਼ਖਬਰੀ ਲੈ ਕੇ ਆਉਂਦੀ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.