ਕੈਟੇਗਰੀ

ਤੁਹਾਡੀ ਰਾਇ

New Directory Entries


ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਕਰਤਾਰਪੁਰ ਲਾਂਘੇ ਦਾ ਹੱਲ ਛੇਤੀ ਕਰਨ ਦੀ ਅਪੀਲ
ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਕਰਤਾਰਪੁਰ ਲਾਂਘੇ ਦਾ ਹੱਲ ਛੇਤੀ ਕਰਨ ਦੀ ਅਪੀਲ
Page Visitors: 4

ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਕਰਤਾਰਪੁਰ ਲਾਂਘੇ ਦਾ ਹੱਲ ਛੇਤੀ ਕਰਨ ਦੀ ਅਪੀਲਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਕਰਤਾਰਪੁਰ ਲਾਂਘੇ ਦਾ ਹੱਲ ਛੇਤੀ ਕਰਨ ਦੀ ਅਪੀਲ

September 23
16:30 2018
ਫਤਹਿਗੜ੍ਹ ਸਾਹਿਬ/ਪਟਿਆਲਾ, 23 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਕਰਤਾਰਪੁਰ ਦਾ ਲਾਂਘਾ ਖੋਲ੍ਹਣ ਦਾ ਮਾਮਲਾ ਛੇਤੀ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ।
ਅੱਜ ਦੁਪਹਿਰ ਇੱਥੇ ਇਕ ਪ੍ਰਾਈਵੇਟ ਮੈਰਿਜ ਪੈਲੇਸ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਵਜੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਵੀ ਗੁਆਂਢੀ ਮੁਲਕ ਦੇ ਦੌਰੇ ਮੌਕੇ ਇਹ ਮਾਮਲਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਵਿੱਚ ਇਸ ਦੀ ਧਾਰਮਿਕ ਤੌਰ ‘ਤੇ ਬਹੁਤ ਜ਼ਿਆਦਾ ਅਹਿਮੀਅਤ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸਾਲ 1920 ਦੌਰਾਨ ਰਾਵੀ ਦਰਿਆ ਦੇ ਪਾਣੀ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਬਚਾਉਣ ਲਈ ਉਨ੍ਹਾਂ ਦੇ ਦਾਦਾ ਮਹਾਰਾਜਾ ਭੁਪਿੰਦਰ ਸਿੰਘ ਨੇ 1.35 ਲੱਖ ਰੁਪਏ ਦਾਨ ਕੀਤੇ ਸਨ।
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲੇ ਸਿੱਖ ਗੁਰੂ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਇਸ ਮਹਾਨ ਸਮਾਰੋਹ ਨੂੰ ਮਨਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਾਇਮ ਕੀਤੀ ਪ੍ਰਬੰਧਕੀ ਕਮੇਟੀ ਨੇ ਇਤਿਹਾਸਕ ਨਗਰਾਂ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਕੀਤੇ ਜਾਣ ਵਾਲੇ ਵਿਕਾਸ ਕੰਮਾਂ ਨੂੰ ਅੰਤਮ ਛੋਹਾਂ ਦੇ ਦਿੱਤੀਆਂ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਅਪੀਲ ‘ਤੇ ਕੇਂਦਰ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਿੱਚ ਕੌਮੀ ਕਮੇਟੀ ਦਾ ਗਠਨ ਕਰ ਦਿੱਤਾ ਹੈ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੂੰਝਾ-ਫੇਰ ਜਿੱਤ ਨੂੰ ਕਾਂਗਰਸ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਤੇ ਪਹਿਲਕਦਮੀਆਂ ਵਿੱਚ ਲੋਕਾਂ ਵੱਲੋਂ ਜ਼ਾਹਰ ਕੀਤਾ ਭਰੋਸਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਦੀ ਸ਼ਰਮਨਾਕ ਹਾਰ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਲੋਕਾਂ ਨੇ ਇਨ੍ਹਾਂ ਪਾਰਟੀਆਂ ਦੀ ਫਿਰਕਾਪ੍ਰਸਤ ਸਿਆਸਤ ਨੂੰ ਰੱਦ ਕਰਕੇ ਕਾਂਗਰਸ ਸਰਕਾਰ ਦੇ ਵਿਕਾਸਮਈ ਅਤੇ ਨਿਰਪੱਖ ਏਜੰਡੇ ਦੇ ਹੱਕ ਵਿੱਚ ਸਪੱਸ਼ਟ ਫਤਵਾ ਦਿੱਤਾ ਹੈ।
Îਮੁੱਖ ਮੰਤਰੀ ਨੇ ਕਾਂਗਰਸ ਦੀ ਸ਼ਾਨਦਾਰ ਜਿੱਤ ਦਾ ਸਿਹਰਾ ਵਰਕਰਾਂ ਅਤੇ ਪਾਰਟੀ ਵਿੱਚ ਭਰੋਸਾ ਜ਼ਾਹਰ ਕਰਨ ਵਾਲੇ ਲੋਕਾਂ ਸਿਰ ਬੰਨ੍ਹਿਆ ਹੈ ਜਿਨ੍ਹਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਸੱਤਾਧਾਰੀ ਪਾਰਟੀ ਦਾ ਸਮਰਥਨ ਕੀਤਾ ਹੈ। ਅਕਾਲੀਆਂ ਵੱਲੋਂ ਗੁੰਡਾਗਰਦੀ ਕਰਨ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਹੋਇਆ ਸਗੋਂ ਇਹ ਅਕਾਲੀਆਂ ਦੀ ਨਮੋਸ਼ੀ ਭਰੀ ਹਾਰ ਦਾ ਪ੍ਰਗਟਾਵਾ ਹੈ। ਇਨ੍ਹਾਂ ਚੋਣਾਂ ਵਿੱਚ ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 94 ਫੀਸਦੀ ਅਤੇ ਬਲਾਕ ਸੰਮਤੀਆਂ ਵਿੱਚ ਲਗਪਗ 81 ਫੀਸਦੀ ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਸਾਧੂ ਸਿੰਘ ਧਰਮਸੋਤ, ਰਜ਼ੀਆ ਸੁਲਤਾਨਾ ਤੇ ਰਾਣਾ ਗੁਰਮੀਤ ਸਿੰਘ ਸੋਢੀ, ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਬੀ.ਆਈ.ਐਸ. ਚਾਹਲ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਵਿਧਾਇਕ ਫਤਿਹਗੜ੍ਹ ਸਾਹਿਬ ਕੁਲਜੀਤ ਸਿੰਘ ਨਾਗਰਾ, ਵਿਧਾਇਕ ਰਾਜਪੁਰਾ ਹਰਦਿਆਲ ਸਿੰਘ ਕੰਬੋਜ, ਡੀ.ਜੀ.ਪੀ. ਸੁਰੇਸ਼ ਅਰੋੜਾ, ਡੀ.ਜੀ.ਪੀ.-ਕਮ-ਐਸਟੀਐਫ ਦੇ ਮੁਖੀ ਮੁਹੰਮਦ ਮੁਸਤਫਾ, ਡੀ.ਜੀ.ਪੀ. (ਖੁਫੀਆ) ਦਿਨਕਰ ਗੁਪਤਾ, ਡੀ.ਜੀ.ਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬੀ.ਕੇ. ਉੱਪਲ, ਵਿਸ਼ੇਸ਼ ਮੁੱਖ ਸਕੱਤਰ ਕੇ.ਬੀ.ਐਸ. ਸਿੱਧੂ, ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਅਤੇ ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਅਨੁਰਾਗ ਵਰਮਾ ਹਾਜ਼ਰ ਸਨ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.