ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਕੈਪਟਨ ਦੀ ਅਗਵਾਈ ਹੇਠ ਲੰਬੀ ‘ਚ ਹੋਣ ਵਾਲੀ ਕਾਂਗਰਸ ਰੈਲੀ ਸੁਖਬੀਰ ਦਾ ਤੋੜੇਗੀ ਹੰਕਾਰ: ਬਲਬੀਰ ਸਿੱਧੂ
ਕੈਪਟਨ ਦੀ ਅਗਵਾਈ ਹੇਠ ਲੰਬੀ ‘ਚ ਹੋਣ ਵਾਲੀ ਕਾਂਗਰਸ ਰੈਲੀ ਸੁਖਬੀਰ ਦਾ ਤੋੜੇਗੀ ਹੰਕਾਰ: ਬਲਬੀਰ ਸਿੱਧੂ
Page Visitors: 2352

ਕੈਪਟਨ ਦੀ ਅਗਵਾਈ ਹੇਠ ਲੰਬੀ ‘ਚ ਹੋਣ ਵਾਲੀ ਕਾਂਗਰਸ ਰੈਲੀ ਸੁਖਬੀਰ ਦਾ ਤੋੜੇਗੀ ਹੰਕਾਰ: ਬਲਬੀਰ ਸਿੱਧੂ
​​ਟਕਸਾਲੀ ਅਕਾਲੀਆਂ ਨੂੰ ਹੁਣ ਅਸਤੀਫੇ ਦੇਣ ਦੀ ਥਾਂ ਬਹੁਤ ਪਹਿਲਾਂ ਦੇਣੇ ਚਾਹੀਦੇ ਸਨ ਅਸਤੀਫੇ
By : ਬਾਬੂਸ਼ਾਹੀ ਬਿਊਰੋ
Tuesday, Oct 02, 2018 06:25 PMਫ਼ਤਹਿਗੜ੍ਹ ਸਾਹਿਬ, 2 ਅਕਤੂਬਰ 2018 :- ਲੰਬੀ ਵਿਖੇ 7 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਣ ਵਾਲੀ ਕਾਂਗਰਸ ਦੀ ਰੈਲੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਹੰਕਾਰ ਤੋੜੇਗੀ ਅਤੇ ਜ਼ਬਰ ਵਿਰੋਧੀ ਰੈਲੀਆਂ ਕਰਨ ਵਾਲੇ ਅਕਾਲੀ ਪਹਿਲਾਂ ਇਹ ਦੱਸਣ ਕਿ ਜ਼ਬਰ ਕਿਸ ਨੇ ਕੀਤਾ। ਕਿਉਂਕਿ ਪੰਜਾਬ ਵਿੱਚ ਪਿਛਲੇ 10 ਸਾਲ ਅਕਾਲੀ-ਭਾਜਪਾ ਦੀ ਸਰਕਾਰ ਰਹੀ ਹੈ ਅਤੇ ਕਾਂਗਰਸ ਨੇ ਤਾਂ ਆ ਕੇ ਜ਼ਬਰ ਨੂੰ ਖ਼ਤਮ ਕੀਤਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਕਿਰਤ ਵਿਭਾਗ ਦੇ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 149ਵੀਂ ਜਨਮ ਵਰ੍ਹੇ ਗੰਢ ਮੌਕੇ ਪਿੰਡ ਤਰਖਾਣ ਮਾਜਰਾ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਲਗਾਏ ਗਏ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਪੱਤਰਕਾਰਾਂ ਵੱਲੋਂ ਟਕਸਾਲੀ ਅਕਾਲੀ ਆਗੂਆਂ ਵੱਲੋਂ ਅਸਤੀਫੇ ਦੇਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ. ਸਿੱਧੂ ਨੇ ਕਿਹਾ ਕਿ ਟਕਸਾਲੀ ਅਕਾਲੀਆਂ ਨੂੰ ਬਹੁਤ ਪਹਿਲਾਂ ਅਸਤੀਫੇ ਦੇਣੇ ਚਾਹੀਦੇ ਸਨ, ਜਦੋਂ ਪੰਜਾਬ ਅੰਦਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ। ਪ੍ਰੰਤੂ ਹੁਣ ਵੀ ਜੇਕਰ ਉਨ੍ਹਾਂ ਦੀ ਜ਼ਮੀਰ ਜਾਗੀ ਹੈ ਤਾਂ ਦੇਰ ਆਏ ਦਰੁਸਤ ਵਾਲੀ ਗੱਲ ਹੈ।
ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਅਹਿੰਸਾ ਦੇ ਰਾਹ 'ਤੇ ਚੱਲ ਕੇ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਨੈਲਸਨ ਮੰਡੇਲਾ ਨੇ ਆਜ਼ਾਦੀ ਦੀ ਲੜਾਈ ਲੜੀ ਜੋ ਕਿ ਉਨ੍ਹਾਂ ਨੇ ਖੁਦ ਆਪਣੀ ਬਾਇਓਗ੍ਰਾਫੀ ਵਿੱਚ ਲਿਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਾਤਮਾ ਗਾਂਧੀ ਵੱਲੋਂ ਸਮਾਜ ਦੇ ਗਰੀਬ ਤੇ ਪੱਛੜੇ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਕੀਤੇ ਗਏ ਮਹਾਨ ਉਪਰਾਲਿਆਂ ਨੂੰ ਅੱਗੇ ਵਧਾਉਂਦੇ ਹੋਏ ਆਮ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਦੇਣ ਦਾ ਤਹੱਈਆ ਕੀਤਾ ਹੈ ਜਿਸ ਅਧੀਨ ਅੱਜ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ਤੇ ਸਬ ਡਵੀਜਨ ਪੱਧਰ 'ਤੇ ਕੈਂਪ ਲਗਾਏ ਗਏ ਹਨ ਤਾਂ ਜੋ ਰਾਜ ਦਾ ਕੋਈ ਵੀ ਲੋੜਵੰਦ ਲਾਭਪਾਤਰ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਲਾਭਪਾਤਰਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਵੀ ਵਚਨਬੱਧ ਹੈ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ, ਜਿਸ ਨੂੰ ਪਿਛਲੀ ਸਰਕਾਰ ਆਰਥਿਕ ਤੌਰ 'ਤੇ ਬੁਰੀ ਤਰ੍ਹਾਂ ਤਬਾਹ ਕਰ ਗਈ ਸੀ, ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਂਦਾ ਗਿਆ ਹੈ ਜਿਸ ਦਾ ਸਬੂਤ ਇਹ ਹੈ ਕਿ ਜਿਥੇ ਪਹਿਲਾਂ ਸਰਕਾਰ ਨੇ ਢਾਈ ਏਕੜ ਜਮੀਨ ਦੇ ਮਾਲਕ ਕਿਸਾਨਾਂ ਦਾ ਸਹਿਕਾਰੀ ਸਭਾਵਾਂ ਦਾ ਕਰਜ਼ਾ ਮੁਆਫ ਕੀਤਾ ਉਥੇ ਹੁਣ ਸਰਕਾਰ ਵੱਲੋਂ 5 ਏਕੜ ਤੋਂ ਘੱਟ ਜ਼ਮੀਨ ਦੇ ਮਾਲਕ ਕਿਸਾਨਾਂ ਦਾ ਪ੍ਰਾਈਵੇਟ ਬੈਂਕਾਂ ਤੋਂ ਲਿਆ ਗਿਆ 2 ਲੱਖ ਤੋਂ ਘੱਟ ਦਾ ਕਰਜਾ ਮੁਆਫ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਡੇਅਰੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਬਰੀਡ ਤੇ ਫੀਡ ਨੂੰ ਮਿਆਰੀ ਬਣਾਉਣ ਵਾਸਤੇ ਸਰਕਾਰ ਵੱਲੋਂ ਵਿਸ਼ੇਸ ਕਦਮ ਚੁੱਕੇ ਜਾ ਰਹੇ ਹਨ ਅਤੇ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਲਈ 102 ਕਰੋੜ ਰੁਪਏ ਖਰਚ ਕੇ ਅਮਰੀਕਾ ਤੋਂ ਸੈਕਸਡ ਸੀਮਨ ਆਯਾਤ ਕੀਤਾ ਜਾਵੇਗਾ ਜਿਸ ਨਾਲ 90 ਫੀਸਦੀ ਵੱਛੀਆਂ ਹੀ ਪੈਦਾ ਹੋਣਗੀਆਂ ਅਤੇ ਆਵਾਰਾ ਪਸ਼ੂਆਂ ਦੀ ਸਮੱਸਿਆ ਵੀ ਹੱਲ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਮਿਸ਼ਨ ਤੰਦਰੁਸਤ ਪੰਜਾਬ ਰਾਜ ਦੇ ਲੋਕਾਂ ਨੂੰ ਖਾਣ ਪੀਣ ਦੀ ਮਿਆਰੀ ਵਸਤਾਂ ਮੁਹੱਈਆ ਕਰਵਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਵੱਖ-ਵੱਖ ਭਲਾਈ ਸਕੀਮਾਂ ਦੇ ਕੁੱਲ 36443 ਲਾਭਪਾਤਰਾਂ ਨੂੰ ਹੁਣ ਤੱਕ ਲਾਭ ਦਿੱਤਾ ਜਾ ਚੁੱਕਾ ਹੈ। ਜਿਨ੍ਹਾਂ ਵਿੱਚੋਂ ਅੱਜ ਵੱਖ-ਵੱਖ ਭਲਾਈ ਸਕੀਮਾਂ ਦੇ 1432 ਲਾਭਪਾਤਰਾਂ ਨੂੰ ਮਨਜੂਰੀ ਪੱਤਰ ਵੰਡੇ ਗਏ ਹਨ। ਉਨ੍ਹਾਂ ਇਸ ਮੌਕੇ ਕਿਰਤ ਵਿਭਾਗ ਨਾਲ ਰਜਿਸਟਰਡ ਹੋਏ 1002 ਲਾਭਪਾਤਰਾਂ ਨੂੰ ਮਨਜੂਰੀ ਪੱਤਰ, ਘਰ-ਘਰ ਰੋਜ਼ਗਾਰ ਸਕੀਮ ਅਧੀਨ 91 ਬੇਰੋਜ਼ਗਾਰਾਂ ਨੂੰ ਨਿਯੁਕਤੀ ਪੱਤਰ ਤੇ ਵੱਖ-ਵੱਖ ਪੈਨਸ਼ਨ ਸਕੀਮਾਂ ਦੇ 343 ਨਵੇਂ ਲਾਭਪਾਤਰਾਂ ਨੂੰ ਮਨਜੂਰੀ ਪੱਤਰ ਵੀ ਵੰਡੇ। ਇਥੇ ਵਰਨਣਯੋਗ ਹੈ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ 6380 ਨਵੇਂ ਲਾਭਪਾਤਰਾਂ ਨੇ ਅਰਜ਼ੀਆਂ ਦਿੱਤੀਆਂ।
ਇਸ ਤੋਂ ਪਹਿਲਾਂ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਹਮੇਸ਼ਾਂ ਪੰਜਾਬ ਦੇ ਵਿਕਾਸ ਨੂੰ ਤਰਜ਼ੀਹ ਦਿੱਤੀ ਹੈ, ਜਿਸ 'ਤੇ ਚੱਲਦੇ ਹੋਏ ਸਰਕਾਰ ਨੇ ਫ਼ਤਹਿਗੜ੍ਹ ਸਾਹਿਬ ਹਲਕੇ ਦੀਆਂ ਲਗਭਗ 263 ਕਿਲੋਮੀਟਰ ਸੜਕਾਂ ਦੀ 50 ਕਰੋੜ ਰੁਪਏ ਨਾਲ ਮੁਰੰਮਤ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨ ਕਰਜ਼ ਮੁਆਫੀ ਦੇ ਪਹਿਲੇ ਗੇੜ ਵਿੱਚ ਫ਼ਤਹਿਗੜ੍ਹ ਸਾਹਿਬ ਦੇ ਲਗਭਗ 4500 ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਆਪਣੇ 10 ਸਾਲਾਂ ਦੇ ਰਾਜ ਵਿੱਚ ਫ਼ਤਹਿਗੜ੍ਹ ਸਾਹਿਬ ਦਾ ਕੁਝ ਨਹੀਂ ਸੁਆਰਿਆ ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਸਰਕਾਰ ਬਣਦੇ ਹੀ ਇਸ ਪਵਿੱਤਰ ਧਰਤੀ ਲਈ ਕਈ ਵੱਡੇ ਪ੍ਰੋਜੈਕਟ ਪਾਸ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਨੇ 7 ਕਰੋੜ ਦੀ ਲਾਗਤ ਨਾਲ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਅੱਗੋ ਲੰਘਦੀ ਸੜਕ ਨੂੰ ਚਾਰ ਮਾਰਗੀ ਬਣਾਉਣ ਦਾ ਪ੍ਰੋਜੈਕਟ ਉਸਾਰੀ ਅਧੀਨ ਹੈ। ਉਨ੍ਹਾਂ ਇਸ ਮੌਕੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਪਿੰਡ ਤਰਖਾਣ ਮਾਜਰਾ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਅਤੇ ਪਿੰਡ ਦੀਆਂ ਪੱਕੀਆਂ ਹੋਣ ਤੋਂ ਰਹਿੰਦੀਆਂ ਗਲੀਆਂ ਵੀ ਛੇਤੀ ਬਣਾਉਣ ਦਾ ਭਰੋਸਾ ਦਿਵਾਇਆ। ਇਸ ਤੋਂ ਇਲਾਵਾ ਪਿੰਡ ਦੀ ਸੱਥ 'ਤੇ ਸ਼ੈਡ ਪਾਉਣ ਅਤੇ ਬੈਂਚ ਰਖਵਾਉਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਸ਼੍ਰੀਮਤੀ ਮਨਦੀਪ ਕੌਰ ਨਾਗਰਾ, ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ, ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਐਸ.ਪੀ. (ਐਚ) ਸ. ਰਵਿੰਦਰਪਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਜਗਵਿੰਦਰਜੀਤ ਸਿੰਘ ਸੰਧੂ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਚਰਨਜੀਤ ਸਿੰਘ, ਕਾਂਗਰਸੀ ਆਗੂ ਸ. ਰਣਜੀਤ ਸਿੰਘ ਤਰਖਾਣ ਮਾਜਰਾ, ਸ. ਭੁਪਿੰਦਰ ਸਿੰਘ ਬਧੌਛੀ, ਸੁਭਾਸ਼ ਸੂਦ, ਸ. ਗੁਰਸਤਿੰਦਰ ਸਿੰਘ ਜੱਲ੍ਹਾ, ਯੂਥ ਕਾਂਗਰਸੀ ਆਗੂ ਪਰਮਿੰਦਰ ਸਿੰਘ ਨੋਨੀ, ਡਾ. ਬਲਰਾਮ ਸ਼ਰਮਾ, ਜਤਿੰਦਰ ਬੱਬੂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਨਵੇਂ ਚੁਣੇ ਗਏ ਮੈਂਬਰ ਅਤੇ ਹੋਰ ਪਤਵੰਤੇ ਹਾਜਰ ਸਨ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.