ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਦੂਲੋ ਦੀ ਪਤਨੀ ਹੋਈ ‘ਆਪ’ ‘ਚ ਸ਼ਾਮਲ
Page Visitors: 2357
ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਦੂਲੋ ਦੀ ਪਤਨੀ ਹੋਈ ‘ਆਪ’ ‘ਚ ਸ਼ਾਮਲ
April 18
17:21 2019
ਜਲੰਧਰ, 18 ਅਪ੍ਰੈਲ (ਪੰਜਾਬ ਮੇਲ)-ਕਾਂਗਰਸ ਨੂੰ ਬੀਤੇ ਦਿਨੀਂ ਉਸ ਵੇਲੇ ਜ਼ੋਰਦਾਰ ਝਟਕਾ ਲੱਗਾ ਜਦੋਂ ਪਾਰਟੀ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਤੇ ਸਾਬਕਾ ਵਿਧਾਇਕਾ ਬੀਬੀ ਹਰਬੰਸ ਕੌਰ ਦੂਲੋ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ‘ਆਪ’ ਵਿਚ ਸ਼ਾਮਲ ਹੁੰਦਿਆਂ ਹੀ ਪਾਰਟੀ ਨੇ ਉਨ੍ਹਾਂ ਨੂੰ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ। ਹਾਲਾਂਕਿ ‘ਆਪ’ ਨੇ ਫਤਿਹਗੜ੍ਹ ਸਾਹਿਬ ਤੋਂ ਪਹਿਲਾਂ ਹੀ ਆਪਣਾ ਉਮੀਦਵਾਰ ਬਲਜਿੰਦਰ ਸਿੰਘ ਚੌਂਦਾ ਨੂੰ ਐਲਾਨਿਆ ਹੋਇਆ ਸੀ ਪਰ ਟਿਕਟ ਵਾਪਸ ਲੈ ਕੇ ਹੁਣ ਬੀਬੀ ਹਰਬੰਸ ਕੌਰ ਨੂੰ ਉਮੀਦਵਾਰ ਬਣਾ ਦਿੱਤਾ ਗਿਆ ਹੈ। ਤੇਜ਼ੀ ਨਾਲ ਵਾਪਰੇ ਇਸ ਘਟਨਾਕ੍ਰਮ ਬਾਰੇ ਐਲਾਨ ‘ਆਪ’ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬਲਜਿੰਦਰ ਸਿੰਘ ਚੌਂਦਾ, ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਜਸਟਿਸ ਜ਼ੋਰਾ ਸਿੰਘ, ਵਿਧਾਇਕ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਅਤੇ ਐੱਨ.ਆਰ.ਆਈ. ਵਿੰਗ ਦੇ ਪ੍ਰਧਾਨ ਜੈ ਕਿਸ਼ਨ ਸਿੰਘ ਰੋੜੀ, ਜਲੰਧਰ ਸ਼ਹਿਰੀ ਦੇ ਪ੍ਰਧਾਨ ਡਾ. ਸ਼ਿਵਦਿਆਲ ਮਾਲੀ ਅਤੇ ਸੂਬਾ ਉਪ ਪ੍ਰਧਾਨ ਡਾ. ਸੰਜੀਵ ਸ਼ਰਮਾ ਵੀ ਹਾਜ਼ਰ ਸਨ।
ਅਮਨ ਅਰੋੜਾ ਨੇ ਕਿਹਾ ਕਿ ਦੂਲੋ ਪਰਿਵਾਰ ਨੇ ਹਮੇਸ਼ਾ ਦਲਿਤਾਂ, ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੇ ਹੱਕਾਂ ਲਈ ਪਹਿਰਾ ਦਿੱਤਾ ਹੈ ਤੇ ਇਨ੍ਹਾਂ ਦੇ ਹੱਕਾਂ ‘ਤੇ ਡਾਕਾ ਮਾਰਨ ਵਾਲਿਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਰਬੰਸ ਕੌਰ ਦੂਲੋ ਫ਼ਤਿਹਗੜ੍ਹ ਸਾਹਿਬ ਤੋਂ ਜਿੱਤ ਦਰਜ ਕਰਨਗੇ ਅਤੇ ਸੂਬਾ ਪੱਧਰ ‘ਤੇ ਵੀ ਇਸ ਦਾ ਫਾਇਦਾ ਮਿਲੇਗਾ। ਬੀਬੀ ਦੂਲੋ ਨੇ ਕਿਹਾ ਕਿ ਉਨ੍ਹਾਂ ਇਹ ਫ਼ੈਸਲਾ ਸ੍ਰੀ ਦੂਲੋ ਨੂੰ ਪੁੱਛ ਕੇ ਲਿਆ ਹੈ, ਪਰ ਦੂਲੋ ਸਾਹਿਬ ਦਾ ਆਪਣੇ ਬਾਰੇ ਕੀ ਫ਼ੈਸਲਾ ਹੈ, ਇਸ ਬਾਰੇ ਉਹ ਖ਼ੁਦ ਹੀ ਦੱਸ ਸਕਦੇ ਹਨ।
ਇਸ ਮੌਕੇ 2017 ‘ਚ ਤ੍ਰਿਣਮੂਲ ਕਾਂਗਰਸ ਪਾਰਟੀ ਵੱਲੋਂ ਜਲੰਧਰ ਕੇਂਦਰੀ ਤੋਂ ਵਿਧਾਨ ਸਭਾ ਚੋਣ ਲੜਨ ਵਾਲੇ ਨੌਜਵਾਨ ਆਗੂ ਤਰਣਜੀਤ ਸਿੰਘ ਸੰਨੀ ਨੇ ਆਪਣੇ 100 ਤੋਂ ਵੱਧ ਨੌਜਵਾਨ ਸਾਥੀਆਂ ਨਾਲ ਮੁੜ ‘ਆਪ’ ਦਾ ਝਾੜੂ ਚੁੱਕ ਲਿਆ ਹੈ।
ਸ੍ਰੀ ਖਡੂਰ ਸਾਹਿਬ ਹਲਕੇ ਤੋਂ ਟਕਸਾਲੀ ਅਕਾਲੀ ਦਲ ਵਾਂਗ ਪਰਮਜੀਤ ਕੌਰ ਖਾਲੜਾ ਦੇ ਹੱਕ ‘ਚ ‘ਆਪ’ ਦਾ ਉਮੀਦਵਾਰ ਵਾਪਸ ਲੈਣ ਦੇ ਸਵਾਲ ‘ਤੇ ਅਮਨ ਅਰੋੜਾ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਲਈ ਲੜਾਈ ਲੜੀ ਅਤੇ ਕੁਰਬਾਨੀ ਦਿੱਤੀ ਅਤੇ ਸਾਡੀ ਪਾਰਟੀ ਵੀ ਉਹੋ ਜਿਹਾ ਨਿਜ਼ਾਮ ਸਥਾਪਤ ਕਰਨਾ ਚਾਹੁੰਦੀ ਹੈ, ਜਿੱਥੇ ਮਨੁੱਖੀ ਅਧਿਕਾਰ ਸੁਰੱਖਿਅਤ ਰਹਿਣ। ਇਸੇ ਲਈ ਸਤਿਕਾਰ ਤਹਿਤ ਇਹ ਫ਼ੈਸਲਾ ਲਿਆ ਗਿਆ ਹੈ।