ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਡੇਰਾ ਮੁਖੀ ਦੀ ਤੁਲਨਾ ਦਸਵੇਂ ਪਾਤਸ਼ਾਹ ਨਾਲ ਕਰਨ ਦਾ ਮਾਮਲਾ ਭਖਿਆ; ਸ਼੍ਰੋਮਣੀ ਕਮੇਟੀ ਨੇ ਕਾਰਵਾਈ ਦੀ ਕੀਤੀ ਅਪੀਲ
ਡੇਰਾ ਮੁਖੀ ਦੀ ਤੁਲਨਾ ਦਸਵੇਂ ਪਾਤਸ਼ਾਹ ਨਾਲ ਕਰਨ ਦਾ ਮਾਮਲਾ ਭਖਿਆ; ਸ਼੍ਰੋਮਣੀ ਕਮੇਟੀ ਨੇ ਕਾਰਵਾਈ ਦੀ ਕੀਤੀ ਅਪੀਲ
Page Visitors: 2324

ਡੇਰਾ ਮੁਖੀ ਦੀ ਤੁਲਨਾ ਦਸਵੇਂ ਪਾਤਸ਼ਾਹ ਨਾਲ ਕਰਨ ਦਾ ਮਾਮਲਾ ਭਖਿਆ; ਸ਼੍ਰੋਮਣੀ ਕਮੇਟੀ ਨੇ ਕਾਰਵਾਈ ਦੀ ਕੀਤੀ ਅਪੀਲਡੇਰਾ ਮੁਖੀ ਦੀ ਤੁਲਨਾ ਦਸਵੇਂ ਪਾਤਸ਼ਾਹ ਨਾਲ ਕਰਨ ਦਾ ਮਾਮਲਾ ਭਖਿਆ; ਸ਼੍ਰੋਮਣੀ ਕਮੇਟੀ ਨੇ ਕਾਰਵਾਈ ਦੀ ਕੀਤੀ ਅਪੀਲ

May 03
16:49 2019

ਅੰਮ੍ਰਿਤਸਰ, 3 ਮਈ (ਪੰਜਾਬ ਮੇਲ)-ਡੇਰਾ ਸਿਰਸਾ ਦੇ ਬਜ਼ੁਰਗ ਸਮਰਥਕ ਵੱਲੋਂ ਡੇਰਾ ਮੁਖੀ ਦੀ ਤੁਲਨਾ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਨਾਲ ਕਰਨ ਦਾ ਮਾਮਲਾ ਤੂਲ ਫੜ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਤੇ ਡੀਜੀਪੀ ਨੂੰ ਪੱਤਰ ਭੇਜ ਕੇ ਸਬੰਧਿਤ ਵਿਅਕਤੀ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਨੂੰ ਸਬੰਧਿਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਾਉਣ ਦੀ ਹਦਾਇਤ ਕੀਤੀ ਹੈ।
ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿਚ ਡੇਰਾ ਸਮਰਥਕ ਬਜ਼ੁਰਗ ਵਿਅਕਤੀ ਵੱਲੋਂ ਡੇਰਾ ਸਿਰਸਾ ਦੇ ਮੁਖੀ ਦੀ ਤੁਲਨਾ ਸਿੱਖ ਧਰਮ ਦੇ ਦਸਵੇਂ ਗੁਰੂ ਨਾਲ ਕੀਤੀ ਗਈ ਹੈ। ਇਸ ਮਗਰੋਂ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਵਿਖੇ ਸਿੱਖ ਸੰਗਤ ਵੱਲੋਂ ਸ਼ਿਕਾਇਤਾਂ ਕੀਤੀਆਂ ਗਈਆਂ ਹਨ। ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਦੀ ਬਰਾਬਰੀ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਨਾਲ ਕਰਨ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ, ਜਿਸ ਕਾਰਨ ਸਿੱਖ ਸੰਗਤ ਵਿਚ ਰੋਸ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਵੀਡੀਓ ਵਿਚਲੇ ਵਿਅਕਤੀ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਹੋਰ ਵਿਅਕਤੀ ਅਜਿਹੀ ਗ਼ਲਤੀ ਨਾ ਕਰੇ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਵੀਡੀਓ ਦੀ ਨਿਖੇਧੀ ਕੀਤੀ ਹੈ ਅਤੇ ਇਸ ਨੂੰ ਘਟੀਆ ਸੋਚ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅਜਿਹੀਆਂ ਬੇਤੁਕੀਆਂ ਗੱਲਾਂ ਕਰ ਕੇ ਕੁਝ ਸ਼ਰਾਰਤੀ ਵਿਅਕਤੀ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਨਾਲ ਕਿਸੇ ਦੁਨਿਆਵੀ ਵਿਅਕਤੀ ਦੀ ਤੁਲਨਾ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ। ਇਸ ਨਾਲ ਸਮੁੱਚੀ ਸਿੱਖ ਕੌਮ ਵਿਚ ਰੋਸ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਪੰਜਾਬ ਸਰਕਾਰ ਨੂੰ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਦੀ ਆਜ਼ਾਦੀ ਦਾ ਮਤਲਬ ਇਹ ਨਹੀਂ ਕਿ ਮਨਮਰਜ਼ੀ ਦੀ ਬਿਆਨੀਬਾਜ਼ੀ ਕਰ ਕੇ ਨਫ਼ਰਤ ਫੈਲਾਈ ਜਾਵੇ। ਉਨ੍ਹਾਂ ਨੇ ਇਸ ਮਾਮਲੇ ਨੂੰ ਸੰਜੀਦਾ ਦੱਸਦਿਆਂ ਸਬੰਧਿਤ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਇਸ ਸਬੰਧੀ ਪੰਜਾਬ ਸਰਕਾਰ ਤੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਸਬੰਧਿਤ ਵਿਰੁੱਧ ਆਈ.ਪੀ.ਸੀ. ਦੀ ਧਾਰਾ 295-ਏ ਹੇਠ ਕਾਰਵਾਈ ਕਰਨ ਲਈ ਕਿਹਾ ਹੈ। ਵਾਇਰਲ ਹੋਈ ਇਹ ਵੀਡੀਓ ਲਗਭਗ ਅੱਠ ਮਿੰਟ ਦੀ ਹੈ, ਜਿਸ ਵਿਚ ਡੇਰਾ ਸਮਰਥਕ ਬਜ਼ੁਰਗ ਵੱਲੋਂ ਡੇਰਾ ਮੁਖੀ ਦੀ ਸ਼ਲਾਘਾ ਕੀਤੀ ਗਈ ਹੈ। ਇਸ ਸ਼ਲਾਘਾ ਦੌਰਾਨ ਉਹ ਡੇਰਾ ਮੁਖੀ ਦੀ ਤੁਲਨਾ ਗੁਰੂ ਗੋਬਿੰਦ ਸਿੰਘ ਨਾਲ ਕਰਦਾ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.