ਕੈਟੇਗਰੀ

ਤੁਹਾਡੀ ਰਾਇ



ਗੁਰਚਰਨ ਸਿੰਘ ਪੱਖੋਕਲਾਂ
1947 ਨੂੰ ਅਜਾਦੀ ਮਿਲਣ ਸਮੇਂ ਮੇਰੇ ਪਿੰਡ ਦੇ ਚੰਗੇ ਮੰਦੇ ਲੋਕਾਂ ਦੇ ਕਾਰਨਾਮੇ
1947 ਨੂੰ ਅਜਾਦੀ ਮਿਲਣ ਸਮੇਂ ਮੇਰੇ ਪਿੰਡ ਦੇ ਚੰਗੇ ਮੰਦੇ ਲੋਕਾਂ ਦੇ ਕਾਰਨਾਮੇ
Page Visitors: 2754

1947 ਨੂੰ ਅਜਾਦੀ ਮਿਲਣ ਸਮੇਂ ਮੇਰੇ ਪਿੰਡ ਦੇ ਚੰਗੇ ਮੰਦੇ ਲੋਕਾਂ ਦੇ ਕਾਰਨਾਮੇ
     ਹੱਲਿਆ ਵਾਲਾ ਸਾਲ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਦੇਸ ਦੀ ਅਜਾਦੀ ਦਾ ਸਾਲ ਪੰਜਾਬ ਅਤੇ ਭਾਰਤ ਦੇ ਕਾਲੇ ਇਤਿਹਾਸ ਦਾ ਗਵਾਹ ਹੈ। ਉਸ ਵਕਤ ਦੇ ਆਮ ਲੋਕ ਜੋ ਬਜੁਰਗ ਹੋ ਚੁੱਕੇ ਹਨ ਉਸ ਸਮੇਂ ਦੀਆਂ ਗੱਲਾਂ ਸੁਣਾਉਣ ਸਮੇਂ ਅੱਜ ਵੀ ਭਾਵੁਕ ਹੋ ਜਾਂਦੇ ਹਨ। ਉਸ ਕਾਲੇ ਸਮੇਂ ਵਿੱਚ ਜਿੰਹਨਾਂ ਘਰਾਂ ਦੇ ਬਜੁਰਗਾਂ ਨੇ ਕਹਿਰ ਢਾਏ ਸਨ ਉਹਨਾਂ ਦੇ ਵਾਰਸ ਅੱਜ ਵੀ ਆਪਣਾਂ ਮੂੰਹ ਲੁਕਾਉਣ ਦੀ ਕੋਸਿਸ ਕਰਦੇ ਹੋਏ ਬੇਸਰਮੀ ਦੀਆਂ ਘੁੱਟਾਂ ਭਰਦੇ ਦੇਖੇ ਜਾਂਦੇ ਹਨ। ਜਿੰਹਨਾਂ ਪਰੀਵਾਰਾਂ ਦੇ ਬਜੁਰਗਾਂ ਨੇ ਉਸ ਕਾਲੇ ਸਮੇਂ ਵਿੱਚ ਇਨਸਾਨੀਅਤ ਦਾ ਝੰਡਾ ਚੁੱਕੀ ਰੱਖਿਆ ਉਹਨਾਂ ਪਰੀਵਾਰਾਂ ਦੇ ਲੋਕ ਅੱਜ ਵੀ ਛਾਤੀ ਚੌੜੀ ਕਰਕੇ ਮਾਣ ਨਾਲ ਆਪਣੇ ਬਜੁਰਗਾਂ ਦੀਆਂ ਪਿਆਰ ਭਰੀਆਂ ਕਹਾਣੀਆਂ ਸੁਣਾਕਿ ਮਾਣ ਮਹਿਸੂਸ ਕਰਦੇ ਹਨ। ਮੇਰੇ ਪਿੰਡ ਦੇ ਜਿੰਹਨਾਂ ਪਰੀਵਾਰਾਂ ਨੇ ਉਸ ਵਕਤ ਨਿਤਾਣੇ ਲੋਕਾਂ ਦੀ ਰਾਖੀ ਕਰਨ ਦੀ ਕੋਸਿਸ ਕੀਤੀ ਸੀ ਅੱਜ ਕਲ ਉਹ ਬਹੁਤ ਵਧੀਆ ਹਾਲਤਾਂ ਵਿੱਚ ਇੱਜਤਦਾਰ ਬਣੇ ਹੋਏ ਹਨ ਪਰ ਉਸ ਸਮੇਂ ਦੇ ਮੇਰੇ ਪਿੰਡ ਦੇ ਕਈ ਤਕੜੇ ਅਮੀਰ ਪਰੀਵਾਰ ਜਿੰਹਨਾਂ ਮਾਸੂਮ ਲੋਕਾਂ ਦੇ ਕਤਲ ਅਤੇ ਲੁੱਟਾਂ ਖੋਹਾਂ ਕੀਤੀਆਂ ਸਨ ਅੱਜ ਕਲ ਤਰਸ ਯੋਗ ਦੁੱਖਾਂ ਵਿੱਚ ਘਿਰੇ ਹੋਏ ਦੇਖਦਾ ਹਾਂ। ਇਸ ਤਰਾਂ ਦੀਆਂ ਕੁੱਝ ਕਹਾਣੀਆਂ ਸੁਣਾਉਣ ਨੂੰ ਦਿਲ ਭਰ ਆਉਂਦਾਂ ਹੈ।
    ਮੇਰੇ ਪਿੰਡ ਦੇ ਉਸ ਵਕਤ ਦੇ ਇੱਕ ਗਰੀਬ ਮਜਹਬੀ ਪਰੀਵਾਰ ਬੰਤਾ ਸਿੰਘ ਦੇ ਬਜੁਰਗਾਂ ਨੇ ਕੋਈ ਪੱਚੀ ਤੀਹ ਮੁਸਲਮਾਨ ਵਿਅਕਤੀਆਂ ਨੂੰ ਆਪਣੇ ਘਰ ਪਨਾਹ ਦਿੱਤੀ ਸੀ। ਪਨਾਹਗੀਰਾਂ ਵਿੱਚੋਂ ਇੱਕ ਬਜੁਰਗ ਨੇ ਉਸ ਘਰ ਦੇ ਮੱਦਦਗਾਰਾਂ ਨੂੰ ਆਪਣੇ ਛੱਡ ਚੁੱਕੇ ਘਰ ਵਿੱਚ ਆਪਣੇ ਦੱਬੇ ਹੋਏ ਧਨ ਦੀ ਦੱਸ ਪਾਈ ਜੋ ਉਸ ਵੇਲੇ ਲਿਆਉਣਾਂ ਸੰਭਵ ਨਾਂ ਹੋ ਸਕੇ। ਕੁੱਝ ਦਿਨ ਛਿਪਣ ਗਾਹ ਛੱਡਣ ਸਮੇਂ ਮੱਦਦਗਾਰਾਂ ਦੇ ਪਰੀਵਾਰ ਨੂੰ ਛੱਡਣ ਸਮੇਂ ਉਹਨਾਂ ਉਹ ਧਨ ਉਸ ਗਰੀਬ ਪਰੀਵਾਰ ਨੂੰ ਕੱਢ ਲੈਣ ਦੀ ਬੇਨਤੀ ਕੀਤੀ ਜਿਸ ਨੂੰ ਗਰੀਬ ਪਰੀਵਾਰ ਨੇ ਮੁਫਤ ਵਿੱਚ ਮਿਲਣ ਵਾਲੇ ਪੈਸੇ ਨੂੰ ਕੱਢਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਪਨਾਹਗੀਰ ਪਰੀਵਾਰ ਨੇ ਉਹ ਪੈਸਾ ਕੱਢਕੇ ਉਹਨਾਂ ਦੇ ਘਰ ਕੋਲ ਬਣੇ ਹੋਏ ਗੁਰਦੁਆਰਾ ਸਾਹਿਬ ਨੂੰ ਦੇਣ ਦੀ ਬੇਨਤੀ ਕੀਤੀ ਜੋ ਉਸ ਪਰੀਵਾਰ ਨੇ ਮੰਜੂਰ ਕਰ ਲਈ। ਜਦ ਹਾਲਾਤ ਠੀਕ ਹੋਏ ਅਤੇ ਉੱਜੜੇ ਹੋਏ ਪਰੀਵਾਰ ਵਾਪਸ ਵੀ ਨਾਂ ਆਏ ਤਦ ਉਹਨਾਂ ਦੇ ਘਰੋਂ ਮਿਲਿਆ ਉਹ ਧਨ ਇਸ ਗਰੀਬ ਪਰੀਵਾਰ ਨੇ ਗੁਰਦੁਆਰਾ ਸਾਹਿਬ ਨੂੰ ਦੇਕੇ ਉਸਦਾ ਇੱਕ ਪੱਕਾ ਕਮਰਾ ਬਣਵਾਉਣ ਦੀ ਬੇਨਤੀ ਕੀਤੀ। ਕੱਚੀ ਇਮਾਰਤ ਵਾਲੇ ਗੁਰਦੁਆਰਾ ਸਾਹਿਬ ਦਾ ਪਹਿਲਾ ਪੱਕਾ ਹਾਲ ਕਮਰਾਂ ਉੱਜੜੇ ਹੋਏ ਮੁਸਲਮਾਨ ਪਰੀਵਾਰ ਦੇ ਪੈਸੇ ਨਾਲ ਬਣਾਇਆ ਗਿਆ ਅਤੇ ਇਹ ਛੋਟਾ ਗੁਰਦੁਵਾਰਾ ਸਾਹਿਬ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਰਿਹਾ ਸੀ ਜਿਸ ਨੂੰ ਅੱਜ ਕਲ ਨਵਾਂ ਗੁਰਦੁਆਰਾ ਸਾਹਿਬ ਦਾ ਨਾਂ ਦੇ ਦਿੱਤਾ ਗਿਆ। ਮੱਦਦਗਾਰ ਗਰੀਬ ਪਰੀਵਾਰ ਕਿਰਤ ਅਤੇ ਮਿਹਨਤੀ ਹੋਣ ਕਾਰਨ ਅੱਜ ਕਲ ਤੂੜੀ ਦਾ ਕਾਰੋਬਾਰ ਕਰਦਿਆਂ ਪੱਕੀਆਂ ਕੋਠੀਆਂ ਵਰਗੇ ਘਰ ਅਤੇ ਟਰੈਕਟਰਾਂ ਟਰਾਲੀਆਂ ਦਾ ਮਾਲਿਕ ਬਣਿਆ ਹੋਇਆ ਹੈ।
     ਇਸ ਤਰਾਂ ਦਾ ਹੀ ਕਾਰਨਾਮਾ ਮੇਰੀ ਕੌੜੀ ਬੁੜੀ ਦੇ ਨਾਂ ਨਾਲ ਮਸਹੂਰ ਪਤੀ ਵਿਹੂਣੀ ਦਾਦੀ ਨੇ ਕੀਤਾ ਸੀ ਜਿਸਨੇ ਵੀ ਕਈ ਮੁਸਲਮਾਨ ਪਰੀਵਾਰਾਂ ਦੇ   ਇਸਤਰੀਆਂ ਮਰਦਾਂ ਨੂੰ ਪਨਾਹ ਦਿੱਤੀ। ਮੇਰੀ ਦਾਦੀ ਦੇ ਪੰਜ ਛੋਟੀ ਉਮਰ ਦੇ ਪੁੱਤਰ ਅਤੇ ਤਿੰਨ ਧੀਆਂ ਸਨ ਗਰੀਬੀ ਵਾਲੀ ਹਾਲਤ ਵਿੱਚ ਬਿਨਾਂ ਪਤੀ ਦੇ ਉਸ ਸਮੇਂ ਦੀਆਂ ਔਖੀਆਂ ਹਾਲਤਾਂ ਵਿੱਚ ਹੋਣ ਦੇ ਬਾਵਜੂਦ ਨਿਤਾਣੇ ਲੋਕਾਂ ਦਾ ਤਾਣ ਬਣਨ ਦੀ ਜੁਰਅਤ ਦਿਖਾਉਣ ਦੀ ਦਲੇਰੀ ਕਰਨ ਵਾਲੀ ਉਹ ਜਰੂਰ ਹੀ ਕੋਈ ਰੱਬੀ ਰੂਹ ਸੀ। ਦਿਉਰ ਜੇਠ ਲੱਗਦੇ ਡਰਪੋਕ ਮਰਦਾਂ ਵੱਲੋਂ ਉਸਨੂੰ ਡਰਾਇਆ ਵੀ ਗਿਆ ਕਿ ਤੂੰ ਤੀਵੀ ਜਾਤ ਆਪਦਾ ਘਰ ਨਾਂ ਬਰਬਾਦ ਕਰਵਾ ਲਵੀਂ ਪਰ ਉਸਨੇ ਦਲੇਰੀ ਨਾਲ ਸਭ ਨੂੰ ਜਵਾਬ ਦੇਕੇ ਚੁੱਪ ਕਰਵਾ ਦਿੱਤਾ। ਜਦ ਕੁੱਝ ਦਿਨਾਂ ਬਾਅਦ ਇੱਕ ਰਾਤ ਨੂੰ ਮੁਸਲਮਾਨ ਪਨਾਹਗੀਰਾਂ ਨੇ ਪਾਕਿਸਤਾਨ ਜਾਣ ਨੂੰ ਚਾਲੇ ਪਾਏ ਤਾਂ ਉਸ ਵਕਤ ਉਹਨਾਂ ਵਿੱਚੋਂ ਇੱਕ ਇਸਤਰੀ ਨੇ ਆਪਣੀ ਧੀ ਮੇਰੀ ਦਾਦੀ ਨੂੰ ਆਪਣੇ ਪੁੱਤਰ ਦੇ ਨਾਲ ਵਿਆਹੁਣ ਦੀ ਪੇਸਕਸ ਕੀਤੀ । ਉਹਨਾਂ ਵਕਤਾਂ ਵਿੱਚ ਬਹੁਤ ਸਾਰੇ ਵਿਆਹ ਇਸ ਤਰਾਂ ਹੀ ਕਰ ਲਏ ਜਾਂਦੇ ਸਨ ਕਿਉਕਿ ਗਰੀਬੀ ਦੀਆਂ ਹਾਲਤਾਂ ਵਿੱਚ ਰਹਿੰਦੇ ਲੋਕ ਆਪਣੀ ਨਿਉਂ ਜੜ ਰੱਖਣ ਲਈ ਇਸ ਤਰਾਂ ਦੇ ਵਿਆਹ ਕਰਵਾ ਲੈਂਦੇ ਸਨ ਪਰ ਮੇਰੀ ਦਾਦੀ ਨੇ ਕਿਸੇ ਦੀ ਮਜਬੂਰੀ ਦਾ ਫਾਇਦਾ ਉਠਾਕੇ ਆਪਣੇ ਪੁੱਤ ਵਿਆਹੁਣ ਦੇ ਲਈ ਇਸ ਨੂੰ ਪਾਪ ਕਰਨਾਂ ਮੰਨਿਆਂ ਅਤੇ ਕਿਹਾ ਕਿ ਮੈਂ ਇਸ ਤਰਾਂ ਦਾ ਪਾਪ ਨਹੀਂ ਕਰਾਂਗੀ। ਮੇਰੇ ਪਰੀਵਾਰ ਦੇ ਵਿੱਚ ਅੱਜਕਲ ਉਹਾਂ ਸਮਿਆ ਤੋਂ ਬਾਅਦ ਗਰੀਬੀ ਤੋਂ ਅਮੀਰੀ ਵਰਗੀ ਪਿੰਡਾਂ ਵਾਲੀ ਹੈਸੀਅਤ ਵਿੱਚ ਆਉਣ ਦਾ ਸਫਰ ਤੈਅ ਕੀਤਾ ਹੈ। ਸਾੲਦ ਜਦ ਮਨੁੱਖ ਦਾ ਆਚਰਣ ਦੀਨ ਅਤੇ ਦਇਆ ਰੂਪੀ ਧਰਮ ਤੇ ਪਹਿਰਾ ਦਿੰਦਾਂ ਹੈ ਇੱਕ ਨਾਂ ਇੱਕ ਦਿਨ ਜਰੂਰ ਹੀ ਖੁਸੀਆਂ ਉਸਦੇ ਦਰ ਤੇ ਖੜੀਆਂ ਹੋ ਜਾਂਦੀਆਂ ਹਨ।
       ਦੂਸਰੇ ਪਾਸੇ ਉਹ ਲੋਕ ਵੀ ਸਨ ਜਿੰਹਨਾਂ ਅਮੀਰੀ ਹੰਢਾਉਦਿਆਂ ਅਤੇ ਤਾਕਤ ਵਰ ਹੋਣ ਦੇ ਬਾਵਜੂਦ ਲੁੱਟਾਂ ਖੋਹਾਂ, ਉਧਾਲੇ, ਕਤਲਾਂ ਵਿੱਚ ਹਿੱਸਾ ਲੈਕੇ ਪਾਪ ਕਰਮ ਕੀਤੇ ਸਨ ਉਹਨਾਂ ਵਿੱਚੋਂ ਬਹੁਤਿਆਂ ਦੇ ਸਮੇਂ ਨਾਲ ਮੰਦੇ ਹਾਲ ਦੇਖਕੇ ਉਹਨਾਂ ਦੇ ਪਾਪ ਕਰਮ ਦਾ ਫਲ ਮਿਲਣ ਵਰਗੀ ਗੱਲ ਤੇ ਯਕੀਨ ਕਰਨ ਨੂੰ ਮਜਬੂਰ ਹੋ ਜਾਈਦਾ ਹੈ। ਵਰਤਮਾਨ ਸਮੇਂ ਬਰਬਾਦ ਹੋ ਚੁੱਕੇ ਇੱਕ ਪਰੀਵਾਰ ਦੇ ਬਜੁਰਗਾਂ ਬਾਰੇ ਦੱਸਦਿਆਂ ਮੇਰੇ ਪਿੰਡ ਦੇ ਬਾਵਾ ਸਿੰਘ ਦੱਸਦੇ ਹਨ ਕਿ ਇੱਕ ਬਾਹਰਲੇ ਕਿਸੇ ਪਿੰਡ ਦੇ ਜਥੇਦਾਰ ਦੀ ਅਗਵਾਈ ਵਿੱਚ ਇਹ ਪਰੀਵਾਰ ਅਤੇ ਕਾਤਲ ਟੋਲਾਂ ਸਾਡੇ ਘਰ ਲੁਕੋਏ ਹੋਏ ਪਨਾਹਗੀਰਾਂ ਨੂੰ ਮਾਰਨ ਆਇਆਂ ਤਦ ਮੇਰੀ ਮਾਂ ਨੇ ਉਹਨਾਂ ਦੇ ਆਗੂ ਨੂੰ ਅੰਦਰ ਬੁਲਾਇਆਂ ਜੋ ਘੋੜੇ ਤੇ ਅਸਵਾਰ ਹੋਕੇ ਅਗਵਾਈ ਕਰ ਰਿਹਾ ਸੀ। ਮੇਰੀ ਮਾਂ ਨੇ ਆਪਣੇ ਘਰ ਵਿੱਚ ਜਮੀਨ ਥੱਲੇ ਦਬਾਕੇ ਰੱਖੇ ਹੋਏ ਪੱਚੀ ਚਾਂਦੀ ਦੇ ਰੁਪਈਏ ਉਸ ਜਥੇਦਾਰ ਨੂੰ ਰਿਸਵਤ ਦਿੱਤੀ  ਮੁਸਲਮਾਨਾਂ ਨੂੰ ਨਾਂ ਮਾਰਨ ਦੀ ਸਰਤ ਤੇ। ਉਹ ਜਥੇਦਾਰ ਉਹ ਚਾਂਦੀ ਦੇ ਰੁਪਈਏ ਬੋਝੇ ਪਾਕੇ ਆਪਣੇ ਜਥੇ ਨੂੰ ਇਹ ਕਹਿਕੇ ਲੈਗਿਆਂ ਕਿ ਇਸ ਘਰ ਵਿੱਚ ਤਾਂ ਕੋਈ ਮੁਸਲਮਾਨ ਨਹੀਂ ਹੈ। ਬਾਅਦ ਵਿੱਚ ਭਾਵੇਂ ਇਹੀ ਜਥੇਦਾਰ ਸਰੋਮਣੀ ਕਮੇਟੀ ਦਾ ਮੈਂਬਰ ਵੀ ਬਣ ਗਿਆਂ ਸੀ ਅਤੇ ਇਸਦੇ ਕੋਈ ਔਲਾਦ ਨਹੀਂ ਹੋਈ ਸੀ। ਇਨਸਾਨੀਅਤ ਦਾ ਸਬੂਤ ਦੇਣ ਵਾਲੇ ਉਸ ਪਰੀਵਾਰ ਦੇ ਵਰਤਮਾਨ ਬਜੁਰਗ ਮੇਰੇ ਪਿੰਡ ਦੇ ਲੋਕਾਂ ਲਈ ਅੱਜ ਵੀ ਸਤਿਕਾਰ ਦੇ ਪਾਤਰ ਬਣੇ ਹੋਏ ਹਨ। ਇਸ ਤਰਾਂ ਹੀ ਇੱਕ ਪਰੀਵਾਰ ਦੇ ਸਮਾਜ ਸੇਵੀ ਬੰਦੇ ਦੇ ਅੰਤਲੇ ਸਮੇਂ ਦੇ ਦੁੱਖ ਭਰੇ ਤਰਸਯੋਗ ਹਾਲਤਾਂ ਦੀ ਗੱਲ ਇੱਕ ਬਜੁਰਗ ਕੋਲ ਕੀਤੀ ਕਿ ਇਸ ਚੰਗੇ ਵਿਅਕਤੀ ਦੇ ਨਾਲ ਇਹ ਕਿਉਂ ਹੋ ਰਿਹਾ ਹੈ ਤਦ ਉਸਨੇ ਦੱਸਿਆਂ ਕਿ ਹੱਲੇਆਂ ਵਾਲੇ ਸਾਲ ਇਸਦੇ ਬਾਪ ਨੇ ਖੇਤਾਂ ਵਿੱਚੋਂ ਨਿੱਕਲ ਕੇ ਭੱਜ ਰਹੇ ਬੱਚੇ ਨੂੰ ਸਾਡੇ ਪਰੀਵਾਰ ਦੀਆਂ ਬਜੁਰਗ ਔਰਤਾਂ ਦੇ ਦੇਖਦਿਆਂ ਅਤੇ ਇਹ ਕਹਿੰਦਿਆਂ ਵੇ ਨਾਂ ਮਾਰ,  ਵੇ  ਨਾਂ ਮਾਰ , ਉਸ ਬੱਚੇ ਦੇ ਸਿਰ ਵਿੱਚ ਕੁਹਾੜੀ ਮਾਰਕੇ ਸਿਰ ਦੋਫਾੜ ਕਰ ਦਿੱਤਾ ਸੀ ਅਤੇ ਸਾਇਦ ਇਹ ਉਸਦੇ ਬਾਪ ਦਾ ਪਾਪ ਹੈ ਜੋ ਉਸਦੇ ਪੁੱਤਰ ਦੀ ਵੀ ਅਤਿ ਤਰਸਯੋਗ ਹਾਲਤ ਵਿੱਚ ਮੌਤ ਹੋ ਰਹੀ ਹੈ। ਇਹੋ ਜਿਹੀਆਂ ਦੁੱਖ ਭਰੀਆਂ ਕਹਾਣੀਆਂ ਦੀ ਦਾਸਤਾਨ ਲਿਖਦਿਆਂ ਮੇਰੇ ਦੇਸ ਦੀ ਅਜਾਦੀ ਦਾ ਜਸਨ ਬਹੁਤ ਸਾਰੇ ਲੋਕਾਂ ਲਈ ਕੌੜੀਆਂ ਯਾਦਾਂ ਨੂੰ ਚੇਤੇ ਕਰਨ ਦਾ ਸਬੱਬ ਵੀ ਹੋ ਨਿਬੜਦਾ ਹੈ। ਮਾਨਵਤਾ ਦਾ ਝੰਡਾਂ ਅੱਜ ਵੀ ਇਨਸਾਨ ਦੀ ਇਨਸਾਨੀਅਤ ਨੂੰ ਪੁਕਾਰਦਾ ਹੈ ਕਿ ਉਹ ਕਦੇ ਵੀ ਦਇਆ ਰੂਪੀ ਧਰਮ ਦਾ ਖਹਿੜਾ ਨਾਂ ਛੱਡੇ।
ਗੁਰਚਰਨ ਸਿੰਘ ਪੱਖੋਕਲਾਂ
ਫੋਨ 9417727245
 ਪਿੰਡ ਪੱਖੋ ਕਲਾਂ ਜਿਲਾ ਬਰਨਾਲਾ                      

 

 

 

 

 

 

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.