ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ‘ਚ ਟਾਸਕ ਫੋਰਸ ਤੇ ਮੁਤਵਾਜ਼ੀ ਜਥੇਦਾਰਾਂ ਦੇ ਸਮਰਥਕਾਂ ਵਿਚਾਲੇ ਝੜਪ
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ‘ਚ ਟਾਸਕ ਫੋਰਸ ਤੇ ਮੁਤਵਾਜ਼ੀ ਜਥੇਦਾਰਾਂ ਦੇ ਸਮਰਥਕਾਂ ਵਿਚਾਲੇ ਝੜਪ
Page Visitors: 2378

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ‘ਚ ਟਾਸਕ ਫੋਰਸ ਤੇ ਮੁਤਵਾਜ਼ੀ ਜਥੇਦਾਰਾਂ ਦੇ ਸਮਰਥਕਾਂ ਵਿਚਾਲੇ ਝੜਪਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ‘ਚ ਟਾਸਕ ਫੋਰਸ ਤੇ ਮੁਤਵਾਜ਼ੀ ਜਥੇਦਾਰਾਂ ਦੇ ਸਮਰਥਕਾਂ ਵਿਚਾਲੇ ਝੜਪ

October 12
21:30 2017
ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਮੁਤਵਾਜ਼ੀ ਜਥੇਦਾਰਾਂ ਦੇ ਸਮਰਥਕਾਂ ਵਿਚਾਲੇ ਅੱਜ ਉਸ ਸਮੇਂ ਝੜਪ ਹੋ ਗਈ ਜਦੋਂ ਮੁਤਵਾਜ਼ੀ ਜਥੇਦਾਰ ਗੁਰਦੁਆਰਾ ਛੋਟਾ ਘੱਲੂਘਾਰਾ ਕਾਹਨੂੰਵਾਨ ਦੇ ਆਗੂ ਮਾਸਟਰ ਜੌਹਰ ਸਿੰਘ ਖਿਲਾਫ਼ ਕਾਰਵਾਈ ਲਈ ਮੀਟਿੰਗ ਵਾਸਤੇ ਸ੍ਰੀ ਅਕਾਲ ਤਖ਼ਤ ’ਤੇ ਜਾ ਰਹੇ ਸਨ। ਝੜਪ ਦੌਰਾਨ ਮੁਤਵਾਜ਼ੀ ਜਥੇਦਾਰਾਂ ਦੇ ਹਮਾਇਤੀ ਯੂਨਾਈਟਿਡ ਅਕਾਲੀ ਦਲ ਦੇ ਸਤਨਾਮ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਰਨੈਲ ਸਿੰਘ ਸਖੀਰਾ ਅਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ ਤੇ ਟਾਸਕ ਫੋਰਸ ਦੇ ਅਮਰੀਕ ਸਿੰਘ ਜ਼ਖ਼ਮੀ ਹੋ ਗਏ। ਦੋਵਾਂ ਧਿਰਾਂ ਵੱਲੋਂ ਪੁਲੀਸ ਕੋਲ ਸ਼ਿਕਾਇਤ ਵੀ ਕੀਤੀ ਗਈ ਹੈ। ਮੁਤਵਾਜ਼ੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਅਮਰੀਕ ਸਿੰਘ ਵੱਲੋਂ ਮਾਸਟਰ ਜੌਹਰ ਸਿੰਘ ਨੂੰ ਤਲਬ ਕੀਤਾ ਗਿਆ ਸੀ।
ਵੇਰਵਿਆਂ ਮੁਤਾਬਕ ਮਾਸਟਰ ਜੌਹਰ ਸਿੰਘ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ’ਤੇ ਪੁੱਜ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਜਦੋਂ ਜਾਣਕਾਰੀ ਮਿਲੀ ਤਾਂ ਉਨ੍ਹਾਂ ਮਾਸਟਰ ਜੋਹਰ ਸਿੰਘ ਨੂੰ ਜਬਰੀ ਸ੍ਰੀ ਹਰਿਮੰਦਰ ਸਾਹਿਬ ਸਮੂਹ ਤੋਂ ਬਾਹਰ ਲੈ ਆਂਦਾ। ਇਸ ਦੌਰਾਨ ਜੋੜਾ ਘਰ ਨੇੜੇ ਮੁਤਵਾਜ਼ੀ ਜਥੇਦਾਰ ਅਤੇ ਉਨ੍ਹਾਂ ਦੇ ਸਮਰਥਕ ਵੀ ਪੁੱਜ ਚੁੱਕੇ ਸਨ। ਸਤਨਾਮ ਸਿੰਘ ਮਨਾਵਾਂ ਜਦੋਂ ਮੁੜ ਮਾਸਟਰ ਜੌਹਰ ਸਿੰਘ ਨੂੰ ਕਾਰਵਾਈ ਲਈ ਅੰਦਰ ਲੈ ਕੇ ਜਾਣ ਲੱਗਾ ਤਾਂ ਟਾਸਕ ਫੋਰਸ ਵੱਲੋਂ ਉਸ ਨੂੰ ਰੋਕਿਆ ਗਿਆ, ਜਿਥੇ ਤਕਰਾਰ ਮਗਰੋਂ ਦੋਵਾਂ ਧਿਰਾਂ ਵਿਚਾਲੇ ਝੜਪ ਹੋ ਗਈ। ਇਸ ’ਚ ਫੈਡਰੇਸ਼ਨ ਆਗੂ ਭਾਈ ਬਲਵੰਤ ਸਿੰਘ ਗੋਪਾਲਾ ਦੀ ਦਸਤਾਰ ਹਿਲ ਗਈ, ਜਰਨੈਲ ਸਿੰਘ ਸਖੀਰਾ ਦੀ ਕਮੀਜ਼ ਫਟ ਗਈ ਅਤੇ ਸਤਨਾਮ ਸਿੰਘ ਮਨਾਵਾਂ ਦੇ ਹੱਥ ’ਤੇ ਸੱਟ ਲੱਗੀ।
ਮੁਤਵਾਜ਼ੀ ਜਥੇਦਾਰਾਂ ਦੇ ਸਮਰਥਕਾਂ ਨੇ ਕਿਰਪਾਨਾਂ ਬਾਹਰ ਖਿੱਚ ਲਈਆਂ ਜਿਸ ਕਾਰਨ ਸ਼੍ਰੋਮਣੀ ਕਮੇਟੀ ਅਧਿਕਾਰੀ ਬਿਜੈ ਸਿੰਘ ਤੇ ਅਮਰੀਕ ਸਿੰਘ ਨੂੰ ਵੀ ਸੱਟਾਂ ਲੱਗੀਆਂ। ਉਥੇ ਮੌਜੂਦ ਪੁਲੀਸ ਦੀ ਦਖ਼ਲ-ਅੰਦਾਜ਼ੀ ਨਾਲ ਇਕ ਵਾਰ ਮਾਮਲਾ ਠੱਲ੍ਹ ਗਿਆ।
ਉਪਰੰਤ ਜਦੋਂ ਮੁਤਵਾਜ਼ੀ ਜਥੇਦਾਰ ਘੰਟਾ ਘਰ ਵਾਲੇ ਪਾਸੇ ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ ਪੁੱਜੇ ਤਾਂ ਉਥੇ ਪਰਿਕਰਮਾ ’ਚ ਜਥੇਦਾਰ ਨੂੰ ਘੇਰਨ ਦਾ ਯਤਨ ਕੀਤਾ ਗਿਆ। ਇਸ ਦੌਰਾਨ ਉਹ ਵੀ ਟਾਸਕ ਫੋਰਸ ਦੇ ਸਾਥੀਆਂ ਸਮੇਤ ਨੇਜ਼ੇ ਲੈ ਕੇ ਬਾਹਰ ਆ ਗਏ। ਇਥੇ ਇਕ-ਦੂਜੇ ਨੂੰ ਵੰਗਾਰਿਆ ਗਿਆ ਪਰ ਪੁਲੀਸ ਦੀ ਦਖ਼ਲ-ਅੰਦਾਜ਼ੀ ਨਾਲ ਮਾਮਲਾ ਸ਼ਾਂਤ ਹੋ ਗਿਆ। ਦੋਵਾਂ ਧਿਰਾਂ ਦੀ ਇਸ ਕਾਰਵਾਈ ਦੌਰਾਨ ਉਥੋਂ ਲੰਘ ਰਹੇ ਗੈਰ ਪੰਜਾਬੀ ਸ਼ਰਧਾਲੂ ਡਰ ਗਏ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਅਤੇ ਮੈਨੇਜਰ ਸੁਲੱਖਣ ਸਿੰਘ ਨੇ ਆਖਿਆ ਕਿ ਮੁਤਵਾਜ਼ੀ ਜਥੇਦਾਰਾਂ ਦੇ ਸਮਰਥਕਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਰੂਹਾਨੀ ਸ਼ਾਂਤੀ ਅਤੇ ਮਰਿਆਦਾ ਵਿੱਚ ਖਲਲ ਪਾਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਚੁੱਕੀ ਹੈ ਅਤੇ ਹਿੰਸਾ ਲਈ ਜ਼ਿੰਮੇਵਾਰਾਂ ਦੀ ਪਛਾਣ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਨੇਤਾਗਿਰੀ ਚਮਕਾਉਣ ਨਹੀਂ ਦਿੱਤੀ ਜਾਵੇਗੀ।
ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਹਿੰਸਕ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਆਖਿਆ ਕਿ ਮਾਸਟਰ ਜੌਹਰ ਸਿੰਘ ਸ਼ਰਧਾਲੂ ਵਜੋਂ ਸ੍ਰੀ ਅਕਾਲ ਤਖ਼ਤ ’ਤੇ ਗਿਆ ਸੀ, ਜਿਸ ਨੂੰ ਮਸੰਦਾਂ ਵਰਗੀ ਕਾਰਵਾਈ ਰਾਹੀਂ ਜਬਰੀ ਅਤੇ ਅਪਮਾਨਜਨਕ ਢੰਗ ਨਾਲ ਬਾਹਰ ਕੱਢਿਆ ਗਿਆ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.