ਸਾਹਮਣੇ ਆਏਗਾ ਅਪਰੇਸ਼ਨ ਬਲੂ ਸਟਾਰ ਦਾ ਸੱਚ!
ਅੰਮ੍ਰਿਤਸਰ, 25 ਅਪਰੈਲ (ਪੰਜਾਬ ਮੇਲ)-ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਨਾਲ ਹੀ ਅਪਰੇਸ਼ਨ ਬਲੂ ਸਟਾਰ ਦਾ ਮਸਲਾ ਇੱਕ ਵਾਰ ਫਿਰ ਉੱਠ ਖੜ੍ਹਾ ਹੋਇਆ ਹੈ। ਬਿਆਨਬਾਜ਼ੀ ਦੇ ਇਸ ਸ਼ੋਰਗੁਲ ‘ਚ ਸਵਾਲ ਉੱਠਦਾ ਹੈ ਅਕਾਲੀ ਦਲ ਦੀ ਭਾਈਵਾਲ ਪਾਰਟੀ ਦੀ ਕੇਂਦਰ ਵਿੱਚ ਸਰਕਾਰ ਹੋਣ ਬਾਵਜੂਦ ਕੀ ਅਪਰੇਸ਼ਨ ਬਲੂ ਸਟਾਰ ਦਾ ਸੱਚ ਸਾਹਮਣੇ ਆਏਗਾ?
ਦਰਅਸਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰ ਸਰਕਾਰ ਕੋਲੋਂ ਅਪਰੇਸ਼ਨ ਬਲੂ ਸਟਾਰ ਦੀਆਂ ਫਾਈਲਾਂ ਨੂੰ ਜਨਤਕ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਹਰਸਿਮਰਤ ਦੇ ਬਿਆਨ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਵੀ ਮੰਗ ਕੀਤੀ ਹੈ ਕਿ ਫਾਈਲਾਂ ਨੂੰ ਜਨਤਕ ਕੀਤਾ ਜਾਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ 1984 ਦੇ ਆਪ੍ਰੇਸ਼ਨ ਬਲੂ ਸਟਾਰ ਸਮੇਂ ਸਿੱਖਾਂ ਦੇ ਮੁਕੱਦਸ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਦੀਆਂ ਫਾਈਲਾਂ ਤੁਰੰਤ ਜਨਤਕ ਕਰੇ। ਦਰਅਸਲ ਕੱਲ੍ਹ ਕੇਂਦਰੀ ਫੂਡ ਤੇ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਬਿਆਨ ਦਿੱਤਾ ਗਿਆ ਸੀ ਜਿਸ ਵਿੱਚ ਉਨ੍ਹਾਂ 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਕਾਂਗਰਸ ਪਾਰਟੀ ਨੂੰ ਦੋਸ਼ੀ ਠਹਿਰਾਉਂਦੇ ਹੋਏ ਕਿਹਾ ਕਿ ਆਪੇਸ਼ਨ ਬਲੂ ਸਟਾਰ ਦੌਰਾਨ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਨਾਲ ਸਬੰਧਤ ਫਾਈਲਾਂ ਜਨਤਕ ਹੋਣੀਆਂ ਚਾਹੀਦੀਆਂ ਹਨ। ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਅਪ੍ਰੇਸ਼ਨ ਬਲੂ ਸਟਾਰ ਸਮੇਂ ਹਜ਼ਾਰਾਂ ਦੀ ਗਿਣਤੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਈਆਂ ਬੇਦੋਸ਼ ਸੰਗਤਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਤੇ ਸਿੱਖਾਂ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਟੈਂਕਾਂ ਤੇ ਤੋਪਾਂ ਦੇ ਗੋਲਿਆਂ ਨਾਲ ਢਹਿ ਢੇਰੀ ਕਰ ਦਿੱਤਾ ਗਿਆ ਸੀ।
...............................................................
ਟਿੱਪਣੀ:- 2017 ਦੀਆਂ ਚੋਣਾਂ ਨੂੰ ਮੁੱਖ ਰਖਦਿਆਂ, ਅਜਿਹੇ ਪਤਾ ਨਹੀਂ ਕਿੰਨੇ ਡਰਾਮੇ ਕੀਤੇ ਜਾਣਗੇ, ਇਹ ਸਾਰਾ ਕੁਝ ਆਪ ਪਾਰਟੀ ਨੂੰ ਸੱਤਾ ‘ਚ ਆਉਣ ਤੋਂ ਰੋਕਣ ਲਈ ਹੋ ਰਿਹਾ ਹੈ, ਅੱਗੇ 32 ਸਾਲ ਵਿਚ ਇਹ ਸਾਰੇ ਸਵਾਲ ਕਿਉਂ ਨਹੀਂ ਉੱਠੇ ? ਸਿੱਖੋ ਸੰਭਲੋ ।
ਅਮਰ ਜੀਤ ਸਿੰਘ ਚੰਦੀ