ਵਿਰੋਧ ਦੇ ਬਾਵਜੂਦ ਗੁਰਦੁਆਰਾ ਥੜ੍ਹਾ ਸਾਹਿਬ ਦੀ ਕਾਰ ਸੇਵਾ ਸ਼ੁਰੂ
ਅੰਮ੍ਰਿਤਸਰ 18 ਮਾਰਚ – ਭਾਰੀ ਵਿਰੋਧ ਦੇ ਬਾਵਜੂਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਨਜ਼ਦੀਕ ਇਤਿਹਾਸਕ ਗੁਰਦੁਆਰਾ ਥੜਾ ਸਾਹਿਬ ਦੀ ਕਾਰ ਸੇਵਾ ਸ਼ੁਰੂ ਕਰ ਦਿੱਤੀ ਗਈ। ਉਕਤ ਗੁਰਧਾਮਾਂ ਦੀ ਕਾਰ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਨੂੰ ਸੌਂਪੀ ਗਈ ਹੈ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ ਤੇ ਅਰਦਾਸ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਧੀਕ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਤੀ।
ਉਪਰੰਤ ਜੈਕਾਰਿਆਂ ਦੀ ਗੂੰਜ ‘ਚ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਮੱਲ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ, ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲੇ ਤੇ ਹਰਨਾਮ ਸਿੰਘ ਧੁਮਾ ਮੁਖੀ ਦਮਦਮੀ ਟਕਸਾਲ ਵੱਲੋਂ ਟਪ ਲਾਇਆ ਗਿਆ ਤੇ ਬਾਬਾ ਅਵਤਾਰ ਸਿੰਘ ਬਿੱਧੀ ਚੰਦ ਸੰਪਰਦਾ, ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲੇ, ਭਾਈ ਜਸਵੀਰ ਸਿੰਘ ਖਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸ: ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਤੇ ਬਾਬਾ ਧਰਮ ਸਿੰਘ ਅਮਰੀਕਾ ਵਾਲਿਆਂ ਨੇ ਪਹਿਲੇ ਪੰਜ ਬਾਲਟਿਆਂ ਦੀ ਸੇਵਾ ਕਰਕੇ ਕਾਰ ਸੇਵਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਰ ਸੇਵਾ ਦੌਰਾਨ ਥੜਾ ਸਾਹਿਬ ਤੇ ਪੁਰਾਤਨ ਬੇਰੀ ਦੀ ਦਿਖ ਨੂੰ ਉਵੇਂ ਹੀ ਕਾਇਮ ਰੱਖਿਆ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਛੋਹ ਪ੍ਰਾਪਤ ਗੁਰਦੁਆਰਾ ਥੜ੍ਹਾ ਸਾਹਿਬ ਪ੍ਰਤੀ ਸੰਗਤਾਂ ਦੀ ਅਥਾਹ ਸ਼ਰਧਾ ਹੈ।
(Community Alert)
(ਟਿਪਣੀ :- ਕਾਰਸੇਵਾ ਵਾਲੇ ਬਾਬਿਆਂ ਤੋਂ ਬਚੀਆਂ ਯਾਦਗਾਰਾਂ ਨੂ ਹੁਣ ਸ਼੍ਰੋਮਣੀ ਕਮੇਟੀ ਖਤਮ ਕਰੇਗੀ )