ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਾਮ ਇਕ ਖ਼ੱਤ
ਸ. ਗੋਬਿੰਦ ਸਿੰਘ ਲੋਂਗੋਵਾਲ ਜੀ,
ਪ੍ਰਧਾਨ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ।
ਵਿਸ਼ਾ:-ਸ੍ਰੀ ਗੁਰੂ ਅਰਜਨ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ‘ਤੇ ਜਥਾ ਨਾ ਭੇਜਣ ਬਾਰੇ।
ਮਿਤੀ:- 26 ਜੇਠ, 550 ਨਾਨਕਸ਼ਾਹੀ (9 ਜੂਨ 2018 ਈ:)
ਸ. ਗੋਬਿੰਦ ਸਿੰਘ ਲੋਂਗੋਵਾਲ ਜੀ, 8 ਜੂਨ ਦੀਆਂ ਅਖ਼ਬਾਰਾਂ ਵਿਚ ਛਪਿਆ, ਆਪ ਜੀ ਦਾ ਬਿਆਨ ਪੜ੍ਹ ਕੇ ਹੈਰਾਨੀ ਹੋਈ ਹੈ ਕਿ ਸ਼੍ਰੋਮਣੀ ਕਮੇਟੀ ਨੇ ਇਸ ਸਾਲ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਭੇਜੇ ਜਾਣ ਵਾਲੇ ਜਥੇ ਨੂੰ ਨਾ ਭੇਜਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਜੀ, ਜਦੋਂ ਤੁਹਾਡੇ ਜਥੇ ਨੂੰ ਵੀਜ਼ਾ ਹੀ ਨਹੀਂ ਮਿਲਿਆ, ਤੁਸੀਂ ਜਥਾ ਭੇਜ ਕਿਵੇਂ ਸਕਦੇ ਸੀ?
ਇਸ ਤੋਂ ਵੀ ਵੱਧ ਹੈਰਾਨੀ ਵਾਲੀ ਗੱਲ ਇਹ ਹੈ ਕਿ ਤੁਸੀਂ ਇਸ ਲਈ ਪਾਕਿਸਤਾਨ ਦੀ ਅੰਬੈਸੀ ਨੂੰ ਜਿੰਮੇਵਾਰ ਦੱਸਿਆ ਹੈ। ਜੋ ਕਿ ਸਹੀ ਨਹੀਂ ਹੈ। ਪਾਕਿਸਤਾਨ ਦੀ ਅੰਬੈਸੀ ਵੱਲੋਂ ਸਿੱਖ ਸੰਗਤਾਂ ਨੂੰ ਲਾਹੌਰ ਜਾਣ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵੀਜੇ ਦਿੱਤੇ ਗਏ ਹਨ ਅਤੇ ਸਿੱਖ ਸੰਗਤਾਂ ਬੜੇ ਉਤਸ਼ਾਹ ਨਾਲ ਗੁਰੂ ਅਰਜਨ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਲਾਹੌਰ ਪੁੱਜੀਆਂ ਹਨ।
ਜੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਨੂੰ ਵੀਜ਼ਾ ਨਹੀਂ ਮਿਲਿਆ ਤਾਂ ਇਸ ਲਈ ਪਾਕਿਸਤਾਨ ਦੀ ਅੰਬੈਸੀ ਨਹੀਂ, ਸ਼੍ਰੋਮਣੀ ਕਮੇਟੀ ਖ਼ੁਦ ਜਿੰਮੇਵਾਰ ਹੈ।
ਸ. ਗੋਬਿੰਦ ਸਿੰਘ ਲੋਂਗੋਵਾਲ ਜੀ, ਤੁਹਾਡੇ ਵੱਲੋਂ ਸੰਗਤਾਂ ਦੀਆਂ ਭਾਵਨਾ ਨੂੰ ਠੇਸ ਪਹੁੰਚਾਉਣ ਲਈ ਪਾਕਿਸਤਾਨ ਦੀ ਅੰਬੈਸੀ ਨੂੰ ਉਲਾਂਭਾ ਦੇਣਾ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਜਦੋਂ ਕਿ ਸੱਚ ਇਹ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ, ਸਿਖ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਸ਼੍ਰੋਮਣੀ ਕਮੇਟੀ ਨੇ ਕੀਤਾ ਹੈ। ਕੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਇਹ ਨਹੀਂ ਪਤਾ ਕਿ ਪਾਕਿਸਤਾਨ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਦਿਹਾੜੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਏ ਜਾਂਦੇ ਹਨ ਅਤੇ ਇਸੇ ਮੁਤਾਬਕ ਹੀ ਪਾਕਿਸਤਾਨ ਦੀ ਅੰਬੈਸੀ ਵੱਲੋਂ ਹਰ ਸਾਲ ਸਿੱਖ ਸ਼ਰਧਾਲੂਆਂ ਨੂੰ ਵੀਜੇ ਜਾਰੀ ਕੀਤੇ ਜਾਂਦੇ ਹਨ?
ਨਾਨਕਸ਼ਾਹੀ ਕੈਲੰਡਰ ਮੁਤਾਬਕ ਗੁਰੂ ਅਰਜਨ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਹਰ ਸਾਲ 2 ਹਾੜ (16 ਜੂਨ) ਨੂੰ ਮਨਾਇਆ ਜਾਂਦਾ ਹੈ। ਅਤੇ ਹਰ ਸਾਲ ਪਾਕਿਸਤਾਨ ਦੀ ਅੰਬੈਸੀ ਵੱਲੋਂ ਜਥਿਆਂ ਨੂੰ ਵੀਜੇ ਜਾਰੀ ਕੀਤੇ ਜਾਂਦੇ ਹਨ। ਜਦੋਂ ਸ਼੍ਰੋਮਣੀ ਕਮੇਟੀ ਨੂੰ ਪਤਾ ਹੈ ਕਿ ਪਾਕਿਸਤਾਨ ਦੀ ਅੰਬੈਸੀ ਨੇ ਧੁਮੱਕੜਸ਼ਾਹੀ ਕੈਲੰਡਰ ਮੁਤਾਬਕ ਵੀਜੇ ਨਹੀ ਦੇਣੇ ਤਾਂ ਕਿਉਂ ਹਰ ਸਾਲ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ, ਸ਼ਰਧਾਲੂਆਂ ਨੂੰ ਖੱਜਲ ਕਰਦੇ ਹਨ? ਹਰ ਸਾਲ ਸ਼੍ਰੋਮਣੀ ਕਮੇਟੀ, ਸੰਗਤਾਂ ਨੂੰ ਪਾਸਪੋਰਟ ਜਮਾਂ ਕਰਵਾਉਣ ਲਈ ਸੱਦਾ ਦਿੰਦੀ ਹੈ। ਜਦੋਂ ਸ਼ਰਧਾਲੂ ਆਪਣੇ ਕਾਗਜ-ਪੱਤਰ ਪੂਰੇ ਕਰਕੇ, ਜਮਾ ਕਰਵਾਉਂਦੇ ਹਨ ਤਾਂ ਅੱਗੋਂ ਕਮੇਟੀ ਇਹ ਕਹਿ ਕੇ ਸਾਰ ਦਿੰਦੀ ਹੈ ਕਿ “ਪਾਕਿਸਤਾਨ ਅੰਬੈਸੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰੋਗਰਾਮ ਅਨੁਸਾਰ ਵੀਜੇ ਨਾ ਦੇ ਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ”।
ਸ. ਗੋਬਿੰਦ ਸਿੰਘ ਲੋਂਗੋਵਾਲ ਜੀ, ਪਿਛਲੇ ਕਈ ਸਾਲਾਂ ਤੋਂ, ਜਦੋਂ ਸ਼੍ਰੋਮਣੀ ਕਮੇਟੀ ਵੱਲੋਂ, ਸਿੱਖ ਸ਼ਰਧਾਲੂਆਂ ਨੂੰ ਆਪਣੇ ਪਾਸਪੋਰਟ ਜਮਾ ਕਰਵਾਉਣ ਦਾ ਸੱਦਾ ਦਿੱਤਾ ਜਾਂਦਾ ਹੈ, ਮੈਂ ਉਸੇ ਵੇਲੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸਕੱਤਰ ਜਾਂ ਸਕੱਤਰ ਧਰਮ ਪ੍ਰਚਾਰ ਕਮੇਟੀ (ਤਿੰਨ ਲੱਖੀਏ ਸਕੱਤਰ ਸਮੇਤ) ਨੂੰ ਪੱਤਰ ਲਿਖ ਕੇ ਜਾਣੂ ਕਰਵਾਉਂਦਾ ਰਿਹਾ ਹਾਂ ਕਿ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਵੀਜ਼ਾ ਨਹੀਂ ਮਿਲਣਾ, ਸੰਗਤਾਂ ਨੂੰ ਖੱਜਲ ਨਾ ਕਰੋ। ਇਹ ਜਾਣਦੇ ਹੋਏ ਵੀ ਕੇ ਪਾਕਿਸਤਾਨ ਦੀ ਅੰਬੈਸੀ ਨੇ ਧੁਮੱਕੜਸ਼ਾਹੀ ਕੈਲੰਡਰ ਮੁਤਾਬਕ ਵੀਜ਼ਾ ਨਹੀਂ ਦੇਣਾ, ਹਰ ਸਾਲਾਂ ਇਸ ਅਮਲ ਨੂੰ ਦੁਹਰਾਈ ਜਾਣਾ, ਅਣਜਾਣੇ ਵਿੱਚ ਹੋਈ ਭੁੱਲ ਤਾਂ ਨਹੀਂ ਮੰਨੀ ਜਾ ਸਕਦੀ।
ਸਰਵਜੀਤ ਸਿੰਘ ਸੈਕਰਾਮੈਂਟੋ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਾਮ ਇਕ ਖ਼ੱਤ
Page Visitors: 2568