ਗੁਰਬਾਣੀ ਦੀ ਸਰਲ ਵਿਆਖਿਆ ਭਾਗ(79)
ਸਿਰੀਰਾਗੁ ਮਹਲਾ 1 ॥
ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥
ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥
ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥1॥
ਮੇਰੇ ਵਾਸਤੇ ਬਹੁਤ ਚੰਗਾ ਹੋਇਆ ਕਿ ਮੇਰੀ ਜਿੰਦ ਵਿਕਾਰਾਂ ਤੋਂ ਬਚ ਗਈ, ਮੇਰੇ ਹਿਰਦੇ ਵਿਚੋਂ ਹਉਮੈ ਮਰ ਗਈ। ਮੈਨੂੰ ਆਪਣੇ ਗੁਰੂ ਦੀ ਥਾਪਣਾ ਮਿਲੀ, ਤੇ ਵਿਕਾਰ ਮੈਨੂੰ ਖੁਆਰ ਕਰਨ ਦੀ ਥਾਂ, ਉਲਟੇ ਮੇਰੇ ਵੱਸ ਵਿਚ ਹੋ ਗਏ। ਸਦਾ-ਥਿਰ ਰਹਿਣ ਵਾਲਾ ਬੇ-ਪਰਵਾਹ ਪ੍ਰਭੂ ਮੈਨੂੰ ਮਿਲ ਪਿਆ, ਮੈਂ ਮਾਇਆ ਮੋਹ ਦੀ ਵਿਅਰਥ ਕਲਪਣਾ ਛੱਡ ਦਿੱਤੀ।1।
ਮਨ ਰੇ ਸਚੁ ਮਿਲੈ ਭਉ ਜਾਇ ॥
ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥1॥ ਰਹਾਉ ॥
ਹੇ ਮੇਰੇ ਮਨ, ਜਦੋਂ ਸਦਾ-ਥਿਰ ਪ੍ਰਭੂ ਮਿਲ ਪਵੇ, ਤਾਂ ਦੁਨੀਆ ਦਾ ਡਰ, ਸਹਿਮ ਦੂਰ ਹੋ ਜਾਂਦਾ ਹੈ। ਜਦ ਤੱਕ ਪਰਮਾਤਮਾ ਦਾ ਡਰ-ਅਦਬ ਮਨ ਵਿਚ ਨਾ ਹੋਵੇ, ਮਨੁੱਖ ਦੁਨੀਆ ਦੇ ਡਰਾਂ ਤੋਂ ਬਚ ਨਹੀਂ ਸਕਦਾ, ਤੇ ਪਰਮਾਤਮਾ ਦਾ ਡਰ ਅਦਬ ਤਦੋਂ ਹੀ ਪੈਦਾ ਹੁੰਦਾ ਹੈ, ਜਦੋਂ ਜੀਵ, ਗੁਰੂ ਦੀ ਰਾਹੀਂ, ਸ਼ਬਦ ਵਿਚ ਜੁੜਦਾ ਹੈ।1।ਰਹਾਉ।
ਕੇਤਾ ਆਖਣੁ ਆਖੀਐ ਆਖਣਿ ਤੋਟਿ ਨ ਹੋਇ ॥
ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥
ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥2॥
ਮਨੁੱਖ ਦੁਨਿਆਵੀ ਮੰਗ ਕਿਤਨੀ ਹੀ ਮੰਗਦਾ ਰਹਿੰਦਾ ਹੈ, ਮੰਗ ਮੰਗਣ ਵਿਚ ਕੋਈ ਕਮੀ ਨਹੀਂ ਹੁੰਦੀ, ਮੰਗ ਮੁੱਕਦੀ ਹੀ ਨਹੀਂ , ਫਿਰ ਬੇਅੰਤ ਜੀਵ ਹਨ ਮੰਗਾਂ ਮੰਗਣ ਵਾਲੇ, ਤੇ ਦੇਣ ਵਾਲਾ ਸਿਰਫ ਇਕੋ ਪਰਮਾਤਮਾ ਹੈ, ਪਰ ਇਸ ਮੰਗਣ ਵਿਚ ਸੁਖ ਵੀ ਨਹੀਂ ਹੈ, ਜਿਸ ਪਰਮਾਤਮਾ ਨੇ ਜਿੰਦ ਪ੍ਰਾਣ ਦਿੱਤੇ ਹੋਏ ਹਨ, ਜੇ ਉਹ ਮਨੁੱਖ ਦੇ ਮਨ ਵਿਚ ਵੱਸ ਪਵੇ, ਤਦੋਂ ਹੀ ਸੁਖ ਹੁੰਦਾ ਹੈ।2।
ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥
ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ ॥
ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥3॥
ਜਗਤ ਮਾਨੋ ਇਕ ਸੁਪਨਾ ਹੈ, ਜਗਤ ਇਕ ਖੇਡ ਬਣੀ ਹੋਈ ਹੈ, ਜੀਵ ਇਕ ਪਲ ਵਿਚ ਜ਼ਿੰਦਗੀ ਦੀ ਖੇਡ, ਖੇਡ ਕੇ ਚਲਾ ਜਾਂਦਾ ਹੈ। ਪ੍ਰਭੂ ਦੀ ਸੰਜੋਗ ਸੱਤਿਆ ਨਾਲ ਪ੍ਰਾਣੀ ਮਿਲ ਕੇ ਇਕੱਠੇ ਹੁੰਦੇ ਹਨ, ਵਿਜੋਗ-ਸੱਤਿਆ ਅਨੁਸਾਰ ਜੀਵ, ਵਿਚੋਂ ਉੱਠ ਕੇ ਤੁਰ ਪੈਂਦਾ ਹੈ। ਜੋ ਕੁਝ ਪਰਮਾਤਮਾ ਨੂੰ ਚੰਗਾ ਲਗਦਾ ਹੈ, ਉਹੀ ਹੁੰਦਾ ਹੈ, ਉਸ ਦੇ ਉਲਟ ਹੋਰ ਕੁਝ ਨਹੀਂ ਕੀਤਾ ਜਾ ਸਕਦਾ।3।
ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ ॥
ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥
ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥4॥11॥
ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਅਸਲ ਸੌਦਾ ਹੈ, ਤੇ ਪੂੰਜੀ ਹੈ। ਜੋ ਸੌਦਾ ਖਰੀਦਣ ਲਈ ਜੀਵ ਏਥੇ ਆਇਆ ਹੈ, ਇਹ ਸੌਦਾ, ਗੁਰੂ ਦੀ ਰਾਹੀਂ ਹੀ ਖਰੀਦਿਆ ਜਾ ਸਕਦਾ ਹੈ। ਜਿਨ੍ਹਾਂ ਬੰਦਿਆਂ ਨੇ ਇਹ ਸੱਚਾ ਸੌਦਾ ਖਰੀਦਿਆ ਹੈ, ਉਨ੍ਹਾਂ ਨੂੰ ਪੂਰੇ ਗੁਰੂ ਦੀ ਥਾਪਣਾ ਮਿਲਦੀ ਹੈ। ਹੇ ਨਾਨਕ, ਜਿਸ ਦੇ ਪਾਸ ਇਹ ਸੱਚਾ ਸੌਦਾ ਹੁੰਦਾ ਹੈ, ਇਸ ਵਸਤ ਦੀ ਕਦਰ ਵੀ ਉਹੀ ਜਾਣਦਾ ਹੈ।4।11।
ਅਮਰ ਜੀਤ ਸਿੰਘ ਚੰਦੀ (ਚਲਦਾ)