ਗੁਰਬਾਣੀ ਦੀ ਸਰਲ ਵਿਆਖਿਆ ਭਾਗ(91)
ਸਿਰੀਰਾਗੁ ਮਹਲਾ 1 ॥
ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ ॥
ਤੈਸੀ ਵਸਤੁ ਵਿਸਾਹੀਐ ਜੈਸੀ ਨਿਬਹੈ ਨਾਲਿ ॥
ਅਗੈ ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ ॥1॥
ਹੇ ਰਾਮ-ਨਾਮ ਦਾ ਵਣਜ ਕਰਨ ਆਏ ਜੀਵੋ, ਨਾਮ ਦਾ ਵਪਾਰ ਕਰੋ, ਨਾਮ-ਸੌਦਾ ਸੰਭਾਲ ਲਵੋ। ਉਹੋ ਜਿਹਾ ਸੌਦਾ ਹੀ ਖਰੀਦਣਾ ਚਾਹੀਦਾ ਹੈ, ਜਿਹੜਾ ਸਦਾ ਲਈ ਸਾਥ ਨਿਭਾਏ। ਪਰਲੋਕ ਵਿਚ ਬੈਠਾ ਸ਼ਾਹ ਸਿਆਣਾ ਹੈ, ਉਹ ਸਾਡੇ ਖਰੀਦੇ ਹੋਏ ਸੌਦੇ ਨੂੰ ਪੂਰੀ ਪਰਖ ਕਰ ਕੇ ਕਬੂਲ ਕਰੇਗਾ ।1।
ਭਾਈ ਰੇ ਰਾਮੁ ਕਹਹੁ ਚਿਤੁ ਲਾਇ ॥
ਹਰਿ ਜਸੁ ਵਖਰੁ ਲੈ ਚਲਹੁ ਸਹੁ ਦੇਖੈ ਪਤੀਆਇ ॥1॥ ਰਹਾਉ ॥
ਹੇ ਭਾਈ, ਮਨ ਲਾ ਕੇ ਪ੍ਰੇਮ ਨਾਲ, ਪਰਮਾਤਮਾ ਦਾ ਨਾਮ ਜਪੋ। ਏਥੋਂ ਆਪਣੇ ਨਾਲ, ਪਰਮਾਤਮਾ ਦੀ ਸਿਫਤ-ਸਾਲਾਹ ਦਾ ਸੌਦਾ ਲੈ ਕੇ ਤੁਰੋ, ਖਸਮ-ਪ੍ਰਭੂ ਖੁਸ਼ ਹੋ ਕੇ ਵੇਖੇਗਾ ।1।ਰਹਾਉ।
ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ ॥
ਖੋਟੇ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ ॥
ਫਾਹੀ ਫਾਥੇ ਮਿਰਗ ਜਿਉ ਦੂਖੁ ਘਣੋ ਨਿਤ ਰੋਇ ॥2॥
ਜਿਨ੍ਹਾਂ ਮਨੁੱਖਾਂ ਦੇ ਕੋਲ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਨਾਮ ਦੀ ਪੂੰਜੀ ਨਹੀਂ, ਉਨ੍ਹਾਂ ਨੂੰ ਕਦੇ ਆਤਮਕ ਆਨੰਦ ਨਹੀਂ ਹੋ ਸਕਦਾ। ਜੇ ਸਦਾ ਖੋਟਾ ਵਪਾਰ ਹੀ ਕਰਦੇ ਰਹੀਏ, ਤਾਂ ਮਨ ਵੀ ਖੋਟਾ ਹੋ ਜਾਂਦਾ ਹੈ ਤੇ ਸਰੀਰ ਵੀ ਖੋਟਾ, ਖੋਟ ਮਨੁੱਖ ਦੇ ਅੰਦਰ ਰਚ ਜਾਂਦਾ ਹੈ। ਜਿਵੇਂ ਫਾਹੀ ਵਿਚ ਫਸਿਆ ਹੋਇਆ ਹਰਨ ਦੁਖੀ ਹੁੰਦਾ ਹੈ, ਤਿਵੇਂ ਖੋਟ ਦੀ ਫਾਹੀ ਵਿਚ ਫਸ ਕੇ, ਜੀਵ ਨੂੰ ਬਹੁਤ ਦੁੱਖ ਹੁੰਦਾ ਹੈ, ਉਹ ਨਿੱਤ ਦੁਖੀ ਹੁੰਦਾ ਹੈ।2।
ਖੋਟੇ ਪੋਤੈ ਨਾ ਪਵਹਿ ਤਿਨ ਹਰਿ ਗੁਰ ਦਰਸੁ ਨ ਹੋਇ ॥
ਖੋਟੇ ਜਾਤਿ ਨ ਪਤਿ ਹੈ ਖੋਟਿ ਨ ਸੀਝਸਿ ਕੋਇ ॥
ਖੋਟੇ ਖੋਟੁ ਕਮਾਵਣਾ ਆਇ ਗਇਆ ਪਤਿ ਖੋਇ ॥3॥
ਖੋਟੇ ਸਿੱਕੇ, ਸਰਕਾਰੀ ਖਜ਼ਾਨੇ ਵਿਚ ਨਹੀਂ ਲਏ ਜਾਂਦੇ, ਤਿਵੇਂ ਹੀ ਖੋਟੇ ਬੰਦੇ, ਦਰਗਾਹ ਵਿਚ ਆਦਰ ਨਹੀਂ ਪਾਂਦੇ। ਉਨ੍ਹਾਂ ਨੂੰ ਪਰਮਾਤਮਾ ਦੀ, ਗੁਰੂ ਦੀ ਸੋਝੀ ਨਹੀਂ ਹੁੰਦੀ। ਖੋਟੇ ਮਨੁੱਖ ਦਾ ਅਸਲ੍ਹਾ ਚੰਗਾ ਨਹੀਂ ਹੁੰਦਾ, ਖੋਟੇ ਨੂੰ ਇੱਜ਼ਤ ਨਹੀਂ ਮਿਲਦੀ। ਖੋਟ ਕਰਨ ਨਾਲ ਕੋਈ ਜੀਵ, ਆਤਮਕ ਜੀਵਨ ਵਿਚ ਸਫਲ ਨਹੀਂ ਹੋ ਸਕਦਾ। ਖੋਟੇ ਮਨੁੱਖ ਨੇ ਸਦਾ ਖੋਟ ਹੀ ਕਮਾਣਾ ਹੈ, ਉਸ ਨੂੰ ਖੋਟ ਕਮਾਣ ਦੀ ਆਦਤ ਪੈ ਜਾਂਦੀ ਹੈ, ਉਹ ਆਪਣੀ ਇੱਜ਼ਤ ਗਵਾ ਕੇ ਸਦਾ ਜੰਮਦਾ-ਮਰਦਾ ਰਹਿੰਦਾ ਹੈ।3।
ਨਾਨਕ ਮਨੁ ਸਮਝਾਈਐ ਗੁਰ ਕੈ ਸਬਦਿ ਸਾਲਾਹ ॥
ਰਾਮ ਨਾਮ ਰੰਗਿ ਰਤਿਆ ਭਾਰੁ ਨ ਭਰਮੁ ਤਿਨਾਹ ॥
ਹਰਿ ਜਪਿ ਲਾਹਾ ਅਗਲਾ ਨਿਰਭਉ ਹਰਿ ਮਨ ਮਾਹ ॥4॥23॥
ਹੇ ਨਾਨਕ, ਪਰਮਾਤਮਾ ਦੀ ਸਿਫਤ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ, ਆਪਣੇ ਮਨ ਨੂੰ ਸਮਝਾਣਾ ਚਾਹੀਦਾ ਹੈ। ਜਿਹੜੇ ਬੰਦੇ ਪਰਮਾਤਮਾ ਦੇ ਨਾਮ ਦੇ ਪਿਆਰ ਵਿਚ ਰੰਗੇ ਰਹਿੰਦੇ ਹਨ, ਉਨ੍ਹਾਂ ਨੂੰ ਖੋਟੇ ਕੰਮਾਂ ਦਾ ਭਾਰ ਸਹਾਰਨਾ ਨਹੀਂ ਪੈਂਦਾ, ਉਨ੍ਹਾਂ ਦਾ ਮਨਖੋਟੇ ਕੰਮਾਂ ਵੱਲ ਨਹੀਂ ਦੌੜਦਾ। ਪਰਮਾਤਮਾ ਦਾ ਨਾਮ ਜਪ ਕੇ ਬਹੁਤ ਆਤਮਕ ਲਾਭ ਖੱਟ ਲਈਦਾ ਹੈ, ਅਤੇ ਉਹ (ਨਾਮ) ਪ੍ਰਭੂ ਦੇ ਕਿਸੇ ਡਰ ਦੇ ਅਧੀਨ, ਮਨ ਵਿਚ ਨਹੀਂ ਆ ਵਸਦਾ ।4।23।
ਅਮਰ ਜੀਤ ਸਿੰਘ ਚੰਦੀ (ਚਲਦਾ)