ਗੁਰਬਾਣੀ ਦੀ ਸਰਲ ਵਿਆਖਿਆ ਭਾਗ(111)
ਸਿਰੀਰਾਗੁ ਮਹਲਾ 3 ॥
ਸਚਾ ਸਾਹਿਬੁ ਸੇਵੀਐ ਸਚੁ ਵਡਿਆਈ ਦੇਇ ॥
ਗੁਰ ਪਰਸਾਦੀ ਮਨਿ ਵਸੈ ਹਉਮੈ ਦੂਰਿ ਕਰੇਇ ॥
ਇਹੁ ਮਨੁ ਧਾਵਤੁ ਤਾ ਰਹੈ ਜਾ ਆਪੇ ਨਦਰਿ ਕਰੇਇ ॥1॥
ਹੇ ਭਾਈ, ਸਦਾ-ਥਿਰ ਰਹਿਣ ਵਾਲੇ ਮਾਲਕ, ਪ੍ਰਭੂ ਨੂੰ ਸਿਮਰਨਾ ਚਾਹੀਦਾ ਹੈ, ਜਿਹੜਾ ਸਿਮਰਦਾ ਹੈ ਉਸ ਨੂੰ ਸਦਾ-ਥਿਰmਪ੍ਰਭੂ ਇੱਜ਼ਤ ਦਿੰਦਾ ਹੈ। ਗੁਰੂ ਦੀ ਮਿਹਰ ਨਾਲ ਜਿਸ ਦੇ ਮਨ ਵਿਚ ਪ੍ਰਭੂ ਵਸਦਾ ਹੈ, ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦਾ ਹੈ। ਪਰ ਕਿਸੇ ਦੇ ਵੱਸ ਦੀ ਗੱਲ ਨਹੀਂ, ਮਾਇਆ ਬੜੀ ਮੋਹਣੀ ਹੈ, ਜਦੋਂ ਪ੍ਰਭੂ ਆਪ ਹੀ ਮਿਹਰ ਦੀ ਨਿਗਾਹ ਕਰਦਾ ਹੈ, ਤਦੋਂ ਹੀ ਇਹ ਮਨ, ਮਾਇਆ ਦੇ ਪਿੱਛੇ ਦੌੜਨੋਂ ਹਟਦਾ ਹੈ [1।
ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ ॥
ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥1॥ ਰਹਾਉ ॥
ਹੇ ਭਾਈ, ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰ। ਜਿਸ ਮਨੁੱਖ ਦੇ ਮਨ ਵਿਚ ਨਾਮ-ਖਜ਼ਾਨਾ ਸਦਾ ਵੱਸਦਾ ਹੈ, ਉਹ ਪਰਮਾਤਮਾ ਦੇ ਚਰਨਾਂ ਵਿਚ ਟਿਕਾਣਾ ਲੱਭ ਲੈਂਦਾ ਹੈ ।1।ਰਹਾਉ।
ਮਨਮੁਖ ਮਨੁ ਤਨੁ ਅੰਧੁ ਹੈ ਤਿਸ ਨਉ ਠਉਰ ਨ ਠਾਉ ॥
ਬਹੁ ਜੋਨੀ ਭਉਦਾ ਫਿਰੈ ਜਿਉ ਸੁੰਞੈਂ ਘਰਿ ਕਾਉ ॥
ਗੁਰਮਤੀ ਘਟਿ ਚਾਨਣਾ ਸਬਦਿ ਮਿਲੈ ਹਰਿ ਨਾਉ ॥2॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਜਾਂਦਾ ਹੈ, ਸਰੀਰ ਵੀ, ਭਾਵ ਹਰੇਕ ਗਿਆਨ ਇੰਦਰਾ ਵੀ ਅੰਨ੍ਹਾ ਹੋ ਜਾਂਦਾ ਹੈ, ਉਸ ਨੂੰ ਆਤਮਕ ਸ਼ਾਂਤੀ ਵਾਸਤੇ ਕੋਈ ਥਾਂ-ਥਿੱਤਾ, ਸੁਝਦਾ ਨਹੀਂ। ਮਾਇਆ ਦੇ ਮੋਹ ਵਿਚ ਫੱਸ ਕੇ ਉਹ ਅਨੇਕਾਂ ਜੂਨਾਂ ਵਿਚ ਭਟਕਦਾ ਫਿਰਦਾ ਹੈ, ਕਿਤੋਂ ਵੀ ਉਸ ਨੂੰ ਆਤਮਕ ਸ਼ਾਂਤੀ ਨਹੀਂ ਮਿਲਦੀ, ਜਿਵੇਂ ਕਿਸੇ ਸੁੱਞੇ ਘਰ ਵਿਚ ਕਾਂ ਜਾਂਦਾ ਹੈ, ਉਥੋਂ ਉਸ ਨੂੰ ਕੁਝ ਨਹੀਂ ਮਿਲਦਾ, ਗੁਰੂ ਦੀ ਮੱਤ ਤੇ ਤੁਰਿਆਂ ਹਿਰਦੇ ਵਿਚ ਚਾਨਣ ਹੋ ਜਾਂਦਾ ਹੈ, ਸਹੀ ਜੀਵਨ ਦੀ ਸੋਝੀ ਆ ਜਾਂਦੀ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ, ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ ।2।
ਤ੍ਰੈ ਗੁਣ ਬਿਖਿਆ ਅੰਧੁ ਹੈ ਮਾਇਆ ਮੋਹ ਗੁਬਾਰ ॥
ਲੋਭੀ ਅਨ ਕਉ ਸੇਵਦੇ ਪੜਿ ਵੇਦਾ ਕਰੈ ਪੂਕਾਰ ॥
ਬਿਖਿਆ ਅੰਦਰਿ ਪਚਿ ਮੁਏ ਨਾ ਉਰਵਾਰੁ ਨ ਪਾਰੁ ॥3॥
ਤ੍ਰਿਗੁਣੀ ਮਾਇਆ ਦੇ ਪ੍ਰਭਾਵ ਹੇਠ ਜਗਤ ਅੰਨ੍ਹਾ ਹੋ ਰਿਹਾ ਹੈ, ਮਾਇਆ ਦੇ ਮੋਹ ਦਾ ਹਨੇਰਾ, ਚੁਫੇਰੇ ਪਸਰਿਆ ਹੋਇਆ ਹੈ। ਲੋਭ ਗ੍ਰਸੇ ਜੀਵ, ਉਂਞ ਤਾਂ ਵੇਦਾਂ ਨੂੰ ਪੜ੍ਹ ਕੇ, ਉਨ੍ਹਾਂ ਦੇ ਉਪਦੇਸ਼ ਦਾ ਢੰਢੋਰਾ ਪਿੱਟਦੇ ਹਨ, ਪਰ ਅੰਦਰੋਂ ਪ੍ਰਭੂ ਨੂੰ ਵਿਸਾਰ ਕੇ, ਹੋਰ ਦੀ, ਮਾਇਆ ਦੀ ਸੇਵਾ ਕਰਦੇ ਹਨ । ਮਾਇਆ ਦੇ ਮੋਹ ਵਿਚ ਖੁਆਰ ਹੋ ਹੋ ਕੇ ਆਤਮਕ ਮੌਤੇ ਮਰ ਜਾਂਦੇ ਹਨ, ਮਾਇਆ ਮੋਹ ਦੇ ਘੁੱਪ ਹਨੇਰੇ ਵਿਚ ਉਨ੍ਹਾਂ ਨੂੰ, ਨਾ ਉਰਲਾ ਬੰਨਾ ਦਿਸਦਾ ਹੈ, ਨਾ ਪਰਲਾ ਬੰਨਾ ।3।
ਮਾਇਆ ਮੋਹਿ ਵਿਸਾਰਿਆ ਜਗਤ ਪਿਤਾ ਪ੍ਰਤਿਪਾਲਿ ॥
ਬਾਝਹੁ ਗੁਰੂ ਅਚੇਤੁ ਹੈ ਸਭ ਬਧੀ ਜਮਕਾਲਿ ॥
ਨਾਨਕ ਗੁਰਮਤਿ ਉਬਰੇ ਸਚਾ ਨਾਮੁ ਸਮਾਲਿ ॥4॥ 10॥43॥
ਮਾਇਆ ਦੇ ਮੋਹ ਵਿਚ ਫਸ ਕੇ ਜੀਵਾਂ ਨੇ ਜਗਤ ਦੇ ਪਿਤਾ, ਪਾਲਣਹਾਰ ਪ੍ਰਭੂ ਨੂੰ ਭੁਲਾ ਦਿੱਤਾ ਹੈ। ਗੁਰੂ ਦੀ ਸਰਨ ਤੋਂ ਬਿਨਾ ਜੀਵ ਗਾਫਿਲ ਹੋ ਰਿਹਾ ਹੈ। ਪਰਮਾਤਮਾ ਤੋਂ ਵਿਛੁੜੀ ਹੋਈ ਸਾਰੀ ਲੁਕਾਈ ਨੂੰ ਆਤਮਕ ਮੌਤ ਨੇ ਆਪਣੇ ਬੰਧਨਾਂ ਵਿਚ ਜਕੜਿਆ ਹੋਇਆ ਹੈ। ਹੇ ਨਾਨਕ, ਗੁਰੂ ਦੀ ਸਿਖਿਆ ਦੀ ਬਰਕਤ ਨਾਲ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ ਹੀ ਜੀਵ, ਆਤਮਕ ਮੌਤ ਦੇ ਬੰਧਨਾਂ ਤੋਂ ਬਚ ਸਕਦੇ ਹਨ ।4।10।43।
ਅਮਰ ਜੀਤ ਸਿੰਘ ਚੰਦੀ (ਚਲਦਾ)