ਗੁਰਬਾਣੀ ਦੀ ਸਰਲ ਵਿਆਖਿਆ ਭਾਗ(120)
ਸਿਰੀਰਾਗੁ ਮਹਲਾ 3 ॥
ਕਿਰਪਾ ਕਰੇ ਗੁਰੁ ਪਾਈਐ ਹਰਿ ਨਾਮੋ ਦੇਇ ਦ੍ਰਿੜਾਇ ॥
ਬਿਨੁ ਗੁਰ ਕਿਨੈ ਨ ਪਾਇਓ ਬਿਰਥਾ ਜਨਮੁ ਗਵਾਇ ॥
ਮਨਮੁਖ ਕਰਮ ਕਮਾਵਣੇ ਦਰਗਹ ਮਿਲੈ ਸਜਾਇ ॥1॥
ਜਿਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰ ਕੇ, ਮਿਥੇ ਹੋਏ ਧਾਰਮਿਕ ਕੰਮ ਕੀਤਿਆਂ ਵੀ, ਪ੍ਰਭੂ ਦੀ ਦਰਗਾਹ ਵਿਚ ਸਜ਼ਾ ਹੀ ਮਿਲਦੀ ਹੈ। ਜਦੋਂ ਪਰਮਾਤਮਾ ਕਿਰਪਾ ਕਰਦਾ ਹੈ, ਤਾਂ ਗੁਰੂ ਮਿਲਦਾ ਹੈ, ਗੁਰੂ ਮਨੁੱਖ ਦੇ ਹਿਰਦੇ ਵਿਚ, ਪਰਮਾਤਮਾ ਦਾ ਨਾਮ ਪੱਕਾ ਕਰਦਾ ਹੈ। ਕਦੇ ਵੀ ਕਿਸੇ ਮਨੁੱਖ ਨੇ ਗੁਰੂ ਤੋਂ ਬਿਨਾ ਪ੍ਰਮਾਤਮਾ ਨੂੰ ਪ੍ਰਾਪਤ ਨਹੀਂ ਕੀਤਾ ।1।
ਮਨ ਰੇ ਦੂਜਾ ਭਾਉ ਚੁਕਾਇ ॥
ਅੰਤਰਿ ਤੇਰੈ ਹਰਿ ਵਸੈ ਗੁਰ ਸੇਵਾ ਸੁਖੁ ਪਾਇ ॥ ਰਹਾਉ ॥
ਹੇ ਮੇਰੇ ਮਨ, ਗੁਰੂ ਦੀ ਸਰਨ ਪੈ ਕੇ, ਆਪਣੇ ਅੰਦਰੋਂ ਮਾਇਆ ਦਾ ਪਿਆਰ ਦੂਰ ਕਰ। ਪਰਮਾਤਮਾ ਤੇਰੇ ਅੰਦਰ ਵਸਦਾ ਹੈ, ਫਿਰ ਵੀ ਤੂੰ ਸੁਖੀ ਨਹੀਂ ਹੈਂ, ਗੁਰੂ ਦੀ ਦੱਸੀ ਸੇਵਾ-ਭਗਤੀ ਕੀਤਿਆਂ ਹੀ ਆਤਮਕ ਸੁਖ ਲੱਭਦਾ ਹੈ ।1।ਰਹਾਉ॥
ਸਚੁ ਬਾਣੀ ਸਚੁ ਸਬਦੁ ਹੈ ਜਾ ਸਚਿ ਧਰੇ ਪਿਆਰੁ ॥
ਹਰਿ ਕਾ ਨਾਮੁ ਮਨਿ ਵਸੈ ਹਉਮੈ ਕ੍ਰੋਧੁ ਨਿਵਾਰਿ ॥
ਮਨਿ ਨਿਰਮਲ ਨਾਮੁ ਧਿਆਈਐ ਤਾ ਪਾਏ ਮੋਖ ਦੁਆਰੁ ॥2॥
ਜਦੋਂ ਮਨੁੱਖ ਸਦਾ-ਥਿਰ ਪਰਮਾਤਮਾ ਵਿਚ ਪਿਆਰ ਜੋੜਦਾ ਹੈ, ਤਦੋਂ ਉਸ ਨੂੰ ਗੁਰੂ ਦੀ ਬਾਣੀ, ਗੁਰੂ ਦਾ ਸ਼ਬਦ ਸਕਾਰਥ ਪ੍ਰਤੀਤ ਹੁੰਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਅੰਦਰੋਂ ਹਉਮੈ ਤੇ ਕ੍ਰੋਧ ਦੂਰ ਕਰ ਕੇ, ਪਰਮਾਤਮਾ ਦਾ ਨਾਮ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ। ਪਰਮਾਤਮਾ ਦਾ ਨਾਮ ਪਵਿੱਤ੍ਰ ਮਨ ਦੀ ਰਾਹੀਂ ਹੀ ਸਿਮਰਿਆ ਜਾ ਸਕਦਾ ਹੈ, ਜਦੋਂ ਮਨੁੱਖ ਸਿਮਰਦਾ ਹੈ ਤਦੋਂ ਵਿਕਾਰਾਂ ਤੋਂ ਖਲਾਸੀ ਦਾ ਰਾਹ ਲੱਭ ਲੈਂਦਾ ਹੈ।2।
ਹਉਮੈ ਵਿਚਿ ਜਗੁ ਬਿਨਸਦਾ ਮਰਿ ਜੰਮੈ ਆਵੈ ਜਾਇ ॥
ਮਨਮੁਖ ਸਬਦੁ ਨ ਜਾਣਨੀ ਜਾਸਨਿ ਪਤਿ ਗਵਾਇ ॥
ਗੁਰ ਸੇਵਾ ਨਾਉ ਪਾਈਐ ਸਚੇ ਰਹੈ ਸਮਾਇ ॥3॥
ਜਗਤ ਹਉਮੈ ਵਿਚ ਫਸ ਕੇ ਆਤਮਕ ਮੌਤ ਸਹੇੜਦਾ ਹੈ, ਤੇ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ, ਗੁਰੂ ਦੇ ਸ਼ਬਦ ਦੀ ਕਦਰ ਨਹੀਂ ਜਾਣਦੇ, ਉਹ ਆਪਣੀ ਇੱਜ਼ਤ ਗਵਾ ਕੇ ਹੀ ਜਗਤ ਵਿਚੋਂ ਜਾਣਗੇ। ਗੁਰੂ ਦੀ ਦੱਸੀ ਸੇਵਾ-ਭਗਤੀ ਕੀਤਿਆਂ ਪਰਮਾਤਮਾ ਦਾ ਨਾਮ ਪ੍ਰਾਪਤ ਹੁੰਦਾ ਹੈ, ਜੋ ਮਨੁੱਖ ਗੁਰੂ ਦੀ ਦੱਸੀ ਸੇਵਾ-ਭਗਤੀ ਕਰਦਾ ਹੈ, ਉਹ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ ।3।
ਸਬਦਿ ਮੰਨਿਐ ਗੁਰੁ ਪਾਈਐ ਵਿਚਹੁ ਆਪੁ ਗਵਾਇ ॥
ਅਨਦਿਨੁ ਭਗਤਿ ਕਰੇ ਸਦਾ ਸਾਚੇ ਕੀ ਲਿਵ ਲਾਇ ॥
ਨਾਮੁ ਪਦਾਰਥੁ ਮਨਿ ਵਸਿਆ ਨਾਨਕ ਸਹਜਿ ਸਮਾਇ ॥4॥19॥52॥
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਸ਼ਰਧਾ ਬਣਾਂਦਾ ਹੈ, ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦਾ ਹੈ, ਜੇ ਗੁਰੂ ਦੇ ਸ਼ਬਦ ਵਿਚ ਸ਼ਰਧਾ ਬਣ ਜਾਏ ਤਾਂ ਪਰਮਾਤਮਾ ਮਿਲ ਪੈਂਦਾ ਹੈ। ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਸੁਰਤ ਜੋੜ ਕੇ, ਸਦਾ ਉਸ ਦੀ ਭਗਤੀ ਕਰਦਾ ਹੈ। ਹੇ ਨਾਨਕ, ਉਸ ਦੇ ਮਨ ਵਿਚ ਪਰਮਾਤਮਾ ਦਾ ਅਮੋਲਕ ਨਾਮ ਆ ਵਸਦਾ ਹੈ। ਉਹ ਅਮਲਿਕ ਅਡੋਲਤਾ ਵਿਚ ਹੀ ਟਿਕਿਆ ਰਹਿੰਦਾ ਹੈ ।4।19।52।
ਅਮਰ ਜੀਤ ਸਿੰਘ ਚੰਦੀ ( ਚਲਦਾ)