ਗੁਰਬਾਣੀ ਦੀ ਸਰਲ ਵਿਆਖਿਆ ਭਾਗ(191)
ਸਿਰੀਰਾਗੁ ਮਹਲਾ 1 ॥
ਮਨਮੁਖਿ ਭੁਲੈ ਭੁਲਾਈਐ ਭੂਲੀ ਠਉਰ ਨ ਕਾਇ ॥
ਗੁਰ ਬਿਨੁ ਕੋ ਨ ਦਿਖਾਵਈ ਅੰਧੀ ਆਵੈ ਜਾਇ ॥
ਗਿਆਨ ਪਦਾਰਥੁ ਖੋਇਆ ਠਗਿਆ ਮੁਠਾ ਜਾਇ ॥1॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਇਸਤ੍ਰੀ, ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਮਾਇਆ ਉਸ ਨੂੰ ਕੁਰਾਹੇ ਪਾ ਦੇਂਦੀ ਹੈ, ਰਾਹੋਂ ਖੁੰਝੀ ਹੋਈ ਨੂੰ ਗੁਰੂ ਤੋਂ ਬਿਨਾ ਕੋਈ ਐਸਾ ਥਾਂ ਨਹੀਂ ਲੱਭਦਾ, ਜਿਹੜਾ ਉਸ ਨੂੰ ਰਸਤਾ ਵਿਖਾ ਦੇਵੇ। ਗੁਰੂ ਤੋਂ ਬਿਨਾ ਹੋਰ ਕੋਈ ਵੀ ਸਹੀ ਰਸਤਾ ਵਿਖਾ ਨਹੀਂ ਸਕਦਾ। ਮਾਇਆ ਦੇ ਵਿਚ ਅੰਨ੍ਹੀ ਹੋਈ ਜੀਵ-ਇਸਤ੍ਰੀ ਭਟਕਦੀ ਫਿਰਦੀ ਹੈ। ਜਿਸ ਵੀ ਜੀਵ ਨੇ ਮਾਇਆ ਦੇ ਢਹੇ ਚੜ੍ਹ ਕੇ ਪਰਮਾਤਮਾ ਨਾਲ ਡੂੰਘੀ ਸਾਂਝ ਪੈਦਾ ਕਰਨ ਵਾਲਾ ਨਾਮ-ਧਨ ਗਵਾ ਲਿਆ ਹੈ, ਉਹ ਠੱਗਿਆ ਜਾਂਦਾ ਹੈ, ਉਹ ਆਤਮਕ ਜੀਵਨ ਵਲੋਂ ਲੁੱਟਿਆ ਜਾਂਦਾ ਹੈ।1।
ਬਾਬਾ ਮਾਇਆ ਭਰਮਿ ਭੁਲਾਇ ॥
ਭਰਮਿ ਭੁਲੀ ਡੋਹਾਗਣੀ ਨਾ ਪਿਰ ਅੰਕਿ ਸਮਾਇ ॥1॥ ਰਹਾਉ ॥
ਹੇ ਭਾਈ, ਮਾਇਆ ਜੀਵਾਂ ਨੂੰ ਭੁਲੇਖੇ ਵਿਚ ਪਾ ਕੇ ਕੁਰਾਹੇ ਪਾ ਦੇਂਦੀ ਹੈ। ਜੇਹੜੀ ਭਾਗ-ਹੀਣ ਜੀਵ ਇਸਤ੍ਰੀ ਭੁਲੇਖੇ ਵਿਚ ਪੈ ਕੇ ਕੁਰਾਹੇ ਪੈਂਦੀ ਹੈ, ਉਹ ਕਦੇ ਵੀ ਪ੍ਰਭੂ-ਪਤੀ ਦੇ ਚਰਨਾਂ ਵਿਚ ਲੀਨ ਨਹੀਂ ਹੋ ਸਕਦੀ ।1।ਰਹਾਉ।
ਭੂਲੀ ਫਿਰੈ ਦਿਸੰਤਰੀ ਭੂਲੀ ਗ੍ਰਿਹੁ ਤਜਿ ਜਾਇ ॥
ਭੂਲੀ ਡੂੰਗਰਿ ਥਲਿ ਚੜੈ ਭਰਮੈ ਮਨੁ ਡੋਲਾਇ ॥
ਧੁਰਹੁ ਵਿਛੁੰਨੀ ਕਿਉ ਮਿਲੈ ਗਰਬਿ ਮੁਠੀ ਬਿਲਲਾਇ ॥2॥
ਜੀਵਨ ਦੇ ਰਾਹ ਤੋਂ ਖੁੰਝੀ ਹੋਈ ਜੀਵ-ਇਸਤ੍ਰੀ ਹੀ ਗ੍ਰਿਹਸਤ ਤਿਆਗ ਕੇ ਦੇਸ ਦੇਸਾਂਤਰਾਂ ਵਿਚ ਫਿਰਦੀ ਹੈ, ਖੁੰਝੀ ਹੋਈ ਹੀ ਕਦੇ ਕਿਸੇ ਪਹਾੜ ਦੀ ਗੁਫਾ ਵਿਚ ਬੈਠਦੀ ਹੈ, ਕਦੇ ਕਿਸੇ ਟਿੱਲੇ ਤੇ ਚੜ੍ਹ ਬੈਠਦੀ ਹੈ, ਭਟਕਦੀ ਫਿਰਦੀ ਹੈ, ਉਸ ਦਾ ਮਨ, ਮਾਇਆ ਦੇ ਅਸਰ ਹੇਠ ਡੋਲਦਾ ਹੈ। ਆਪਣੇ ਕੀਤੇ ਕਰਮਾਂ ਦੇ ਕਾਰਨ ਧੁਰੋਂ ਪ੍ਰਭੂ ਦੇ ਹੁਕਮ ਅਨੁਸਾਰ ਵਿਛੁੱੜੀ ਹੋਈ, ਪ੍ਰਭੂ ਚਰਨਾਂ ਵਿਚ ਜੁੜ ਨਹੀਂ ਸਕਦੀ, ਉਹ ਤਾਂ ਤਿਆਗ ਆਦਿ ਦੇ ਹੰਕਾਰ ਵਿਚ ਲੁੱਟੀ ਜਾ ਰਹੀ ਹੈ, ਤੇ ਵਿਛੋੜੇ ਵਿਚ ਕਲਪਦੀ ਹੈ ।2।
ਵਿਛੁੜਿਆ ਗੁਰੁ ਮੇਲਸੀ ਹਰਿ ਰਸਿ ਨਾਮ ਪਿਆਰਿ ॥
ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ ਅਧਾਰਿ ॥
ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ ਬਿਨੁ ਕਵਨੁ ਭਤਾਰੁ ॥3॥
ਪ੍ਰਭੂ ਤੋਂ ਵਿਛੁੜਿਆਂ ਨੂੰ ਗੁਰੂ, ਹਰਿ-ਨਾਮ ਦੇ ਆਨੰਦ ਵਿਚ ਜੋੜ ਕੇ, ਨਾਮ ਦੇ ਪਿਆਰ ਵਿਚ ਜੋੜ ਕੇ, ਮੁੜ ਪ੍ਰਭੂ ਨਾਲ ਮਿਲਾਂਦਾ ਹੈ। ਹਰੀ ਦੇ ਗੁਣਾਂ ਦੀ ਬਰਕਤ ਨਾਲ ਹਰੀ-ਨਾਮ ਦੇ ਆਸਰੇ ਨਾਲ ਸਦਾ-ਥਿਰ ਪ੍ਰਭੂ ਵਿਚ ਜੁੜਿਆਂ ਅਡੋਲ ਅਵਸਥਾ ਵਿਚ ਟਿਕਿਆਂ ਬੜੀ ਸੋਭਾ ਵੀ ਮਿਲਦੀ ਹੈ। ਹੇ ਪ੍ਰਭੂ ਮੈਂ ਤੇਰਾ ਦਾਸ ਬੇਨਤੀ ਕਰਦਾ ਹਾਂ, ਜਿਵੇਂ ਤੇਰੀ ਰਜ਼ਾ ਹੋ ਸਕੇ, ਮੈਨੂੰ ਆਪਣੇ ਚਰਨਾਂ ਵਿਚ ਰੱਖ, ਤੈਥੋਂ ਬਿਨਾ ਮੇਰਾ ਹੋਰ ਕੋਈ ਸਾਈਂ-ਖਸਮ ਨਹੀਂ ਹੈ ।3।
ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ ॥
ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥
ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥4॥
ਵਿਦਿਆ ਪੜ੍ਹ ਪੜ੍ਹ ਕੇ ਵੀ, ਵਿਦਿਆ ਦੇ ਹੰਕਾਰ ਕਾਰਨ ਕੁਰਾਹੇ ਹੀ ਪਈਦਾ ਹੈ, ਗ੍ਰਿਹਸਤ ਤਿਆਗੀਆਂ ਦੇ ਭੇਖਾਂ ਨਾਲ ਵੀ ਮਨ ਵਿਚ ਬੜਾ ਮਾਣ ਪੈਦਾ ਹੁੰਦਾ ਹੈ। ਤੀਰਥਾਂ ਤੇ ਇਸ਼ਨਾਨ ਕਰਨ ਨਾਲ ਵੀ ਜੀਵ ਕੁਝ ਨਹੀਂ ਸਵਾਰ ਸਕਦਾ, ਕਿਉਂਕਿ ਮਨ ਵਿਚ ਇਸ ਅਹੰਕਾਰ ਦੀ ਮੈਲ ਟਿਕੀ ਰਹਿੰਦੀ ਹੈ, ਕਿ ਮੈਂ ਤੀਰਥ ੋਿੲਸ਼ਨਾਨੀ ਹਾਂ। ਹਰੇਕ ਖੁੰਝੇ ਹੋਏ ਰਸਤੇ ਵਿਚ ਮਨ ਇਸ ਸਰੀਰ ਨਗਰੀ ਦਾ ਰਾਜਾ ਬਣਿਆ ਰਹਿੰਦਾ ਹੈ, ਸੁਲਤਾਨ ਬਣਿਆ ਰਹਿੰਦਾ ਹੈ। ਗੁਰੂ ਤੋਂ ਬਿਨਾ ਇਸ ਨੂੰ ਕਿਸੇ ਹੋਰ ਨੇ ਕਦੇ ਮਤ ਨਹੀਂ ਦਿੱਤੀ, ਕੋਈ ਇਸ ਨੂੰ ਸਮਝਾ ਨਹੀਂ ਸਕਿਆ ।4।
ਚੰਦੀ ਅਮਰ ਜੀਤ ਸਿੰਘ (ਚਲਦਾ)