ਗੁਰਬਾਣੀ ਦੀ ਸਰਲ ਵਿਆਖਿਆ ਭਾਗ(216)
ਭਗਤਾ ਮਨਿ ਆਨੰਦੁ ਹੈ ਸਚੈ ਸਬਦਿ ਰੰਗਿ ਰਾਤੇ ॥
ਅਨਦਿਨੁ ਗੁਣ ਗਾਵਹਿ ਸਦ ਨਿਰਮਲ ਸਹਜੇ ਨਾਮਿ ਸਮਾਤੇ ॥5॥
ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, ਉਹ ਸਦਾ-ਥਿਰ ਪ੍ਰਭੂ ਦੀ ਸਿਫਤ-ਸਾਲਾਹ ਦੇ ਸ਼ਬਦ ਰਾਹੀਂ, ਪ੍ਰਭੂ ਦੇ ਪ੍ਰੇਮ ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਸਦਾ, ਹਰ ਵੇਲੇ ਪਰਮਾਤਮਾ ਦੇ ਪਵਿੱਤ੍ਰ ਗੁਣ ਗਾਂਦੇ ਰਹਿੰਦੇ ਹਨ, ਜਿਸ ਦੀ ਬਰਕਤ ਨਾਲ ਉਹ ਆਤਮਕ ਅਡੋਲਤਾ ਵਿਚ ਤੇ ਪ੍ਰਭੂ ਨਾਮ ਵਿਚ ਹੀ ਲੀਨ ਰਹਿੰਦੇ ਹਨ।5।
ਗੁਰਮੁਖਿ ਅੰਮ੍ਰਿਤ ਬਾਣੀ ਬੋਲਹਿ ਸਭ ਆਤਮ ਰਾਮੁ ਪਛਾਣੀ ॥
ਏਕੋ ਸੇਵਨਿ ਏਕੁ ਅਰਾਧਹਿ ਗੁਰਮੁਖਿ ਅਕਥ ਕਹਾਣੀ ॥6॥
ਗੁਰੂ ਦੇ ਸਨਮੁਖ ਰਹਣ ਵਾਲੇ ਮਨੁੱਖ, ਸਾਰੀ ਸ੍ਰਿਸ਼ਟੀ ਵਿਚ ਪਰਮਾਤਮਾ ਨੂੰ ਵੱਸਦਾ ਪਛਾਣ ਕੇ ਆਤਮਕ ਜੀਵਨ ਦੇਣ ਵਾਲੀ ਪ੍ਰਭੂ ਦੀ ਸਿਫਤ-ਸਾਲਾਹ ਦੀ ਅੰਮ੍ਰਿਤ ਬਾਣੀ ਵਿਚਾਰਦੇ ਰਹਿੰਦੇ ਹਨ। (ਇਹ ਯਾਦ ਰੱਖਣ ਵਾਲੀ ਗੱਲ ਹੈ ਕਿ ਪਰਮਾਤਮਾ ਨਾਲ ਸਬੰਧ ਬਨਾਉਣ ਵਾਲੀ, ਕਰਤਾਰ ਦਾ ਆਨੰਦ ਮਾਨਣ ਵਾਲੀ ਰਸਨਾ 'ਮਨ' ਹੈ,
ਖਟੁ ਦਰਸਨ ਜੋਗੀ ਸੰਨਿਆਸੀ ਬਿਨੁ ਗੁਰ ਭਰਮਿ ਭੁਲਾਏ ॥
ਸਤਿਗੁਰੁ ਸੇਵਹਿ ਤਾ ਗਤਿ ਮਿਤਿ ਪਾਵਹਿ ਹਰਿ ਜੀਉ ਮੰਨਿ ਵਸਾਏ ॥
ਸਚੀ ਬਾਣੀ ਸਿਉ ਚਿਤੁ ਲਾਗੈ ਆਵਣੁ ਜਾਣੁ ਰਹਾਏ ॥5॥
ਜੋਗੀ ਹੋਣ ਸਨਿਆਸੀ ਹੋਣ, ਇਹ ਸਾਰੇ ਹੀ ਛੇ ਭੇਖਾਂ ਦੇ ਸਾਧ, ਗੁਰੂ ਦੀ ਸਰਨ ਤੋਂ ਬਿਨਾ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ। ਜਦੋਂ ਇਹ ਗੁਰੂ ਦੀ ਸਰਨ ਪੈਂਦੇ ਹਨ, ਤਦੋਂ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾ ਕੇ ਉੱਚੀ ਆਤਮਕ ਅਵਸਥਾ ਤੇ ਸਹੀ ਜੀਵਨ-ਜੁਗਤ ਪ੍ਰਾਪਤ ਕਰਦੇ ਹਨ। ਜਿਸ ਮਨੁੱਖ ਦਾ ਚਿੱਤ ਸਦਾ-ਥਿਰ ਪ੍ਰਭੂ ਦੀ ਸਿਫਤ-ਸਾਲਾਹ ਦੀ ਬਾਣੀ ਨਾਲ ਪਰਚਦਾ ਹੈ ਉਹ ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।5। ਅਤੇ,
ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨੁ ਗੁਰ ਭਰਮਿ ਭੁਲਾਏ ॥
ਲਖ ਚਉਰਾਸੀਹ ਫੇਰੁ ਪਇਆ ਬਿਨੁ ਸਬਦੈ ਮੁਕਤਿ ਨ ਪਾਏ ॥
ਜਾ ਨਾਉ ਚੇਤੈ ਤਾ ਗਤਿ ਪਾਏ ਜਾ ਸਤਿਗੁਰੁ ਮੇਲਿ ਮਿਲਾਏ ॥6॥
ਪੰਡਿਤ ਲੋਕ, ਸ਼ਾਸਤ੍ਰ ਆਦਿ ਪੜ੍ਹ ਪੜ੍ਹ ਕੇ, ਨਿਰੀ ਕੁਚਰਚਾ ਹੀ ਕਰਦੇ ਸੁਣਦੇ ਹਨ, ਉਹ ਵੀ ਗੁਰੂ ਦੀ ਸਰਨ ਤੋਂ ਬਿਨਾ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ। ਕੋਈ ਵੀ ਮਨੁੱਖ ਗੁਰੂ ਦੇ ਸ਼ਬਦ ਤੋਂ ਬਿਨਾ ਮਾਇਆ ਦੇ ਮੋਹਿ ਤੋਂ ਖਲਾਸੀ ਹਾਸਲ ਨਹੀਂ ਕਰ ਸਕਦਾ, ਗੁਰੂ ਦੀ ਸਰਨ ਤੋਂ ਬਿਨਾ ਚੌਰਾਸੀ ਲੱਖ ਜੂਨਾਂ ਦਾ ਗੇੜ ਬਣਿਆ ਰਹਿੰਦਾ ਹੈ। ਜਦੋਂ ਗੁਰੂ ਮਨੁੱਖ ਨੂੰ ਪ੍ਰਭੂ ਦੇ ਚਰਨਾਂ ਵਿਚ ਜੋੜਦਾ ਹੈ, ਜਦੋਂ ਉਹ ਪ੍ਰਭੂ ਦਾ ਨਾਮ ਸਿਮਰਦਾ ਹੈ, ਤਦੋਂ ਉਹ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ।6।
ਤ੍ਰਿਹੁ ਗੁਣਾ ਵਿਚਿ ਸਹਜੁ ਨ ਪਾਈਐ ਤ੍ਰੈ ਗੁਣ ਭਰਮਿ ਭੁਲਾਇ ॥
ਪੜੀਐ ਗੁਣੀਐ ਕਿਆ ਕਥੀਐ ਜਾ ਮੁੰਢਹੁ ਘੁਥਾ ਜਾਇ ॥
ਚਉਥੇ ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ ॥6॥
ਮਾਇਆ ਦੇ ਮੋਹ ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਪੈਦਾ ਨਹੀਂ ਹੁੰਦੀ, ਮਾਇਆ ਦੇ ਤਿੰਨ ਗੁਣਾਂ ਦੇ ਕਾਰਨ ਜੀਵ ਭਟਕਣਾ ਵਿਚ ਫਸ ਕੇ ਕੁਰਾਹੇ ਪਿਆ ਰਂਿਹਦਾ ਹੈ। ਇਸ ਹਾਲਤ ਵਿਚ ਧਾਰਮਿਕ-ਪੁਤਕਾਂ ਪੜ੍ਹਨ ਦਾ ਵਿਚਾਰਨ ਦਾ ਤੇ ਹੋਰਨਾਂ ਨੂੰ ਸੁਣਾਣ ਦਾ ਕੋਈ ਲਾਭ ਨਹੀਂ ਹੁੰਦਾ, ਕਿਉਂਕਿ ਜੀਵ ਆਪਣੇ ਮੂਲ, ਪ੍ਰਭੂ ਤੋਂ ਖੁੰਝ ਕੇ ਗਲਤ ਜੀਵਨ ਰਾਹ ਤੇ ਤੁਰਦਾ ਹੈ। ਮਾਇਆ ਦੇ ਤਿੰਨ ਗੁਣਾਂ ਤੋਂ ਲੰਘ ਕੇ ਚੌਥੀ ਆਤਮਕ ਅਵਸਥਾਂ ਵਿਚ ਅਪੜਿਆਂ ਮਨ ਦੀ ਸ਼ਾਂਤੀ ਪੈਦਾ ਹੁੰਦੀ ਹੈ, ਤੇ ਇਹ ਆਤਮਕ ਅਵਸਥਾ ਗੁਰੂ ਦੀ ਸਰਨ ਪਿਆਂ ਪ੍ਰਾਪਤ ਹੁੰਦੀ ਹੈ।6।
ਸਚਾ ਸਾਹਿਬੁ ਸੇਵੀਐ ਗੁਰਮੁਖਿ ਵਸੈ ਮਨਿ ਆਇ ॥
ਸਦਾ ਰੰਗਿ ਰਾਤੇ ਸਚ ਸਿਉ ਅਪੁਨੀ ਕਿਰਪਾ ਕਰੇ ਮਿਲਾਇ ॥7॥
ਹੇ ਭਾਈ ਸਦਾ-ਥਿਰ ਰਹਣ ਵਾਲੇ ਮਾਲਕ ਪ੍ਰਭੂ ਨੂੰ ਸਿਮਰਨਾ ਚਾਹੀਦਾ ਹੈ। ਜਿਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਸਿਮਰਦੇ ਹਨ, ਉਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ। ਉਹ ਵਡਭਾਗੀ ਮਨੁੱਖ ਸਦਾ, ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਸਦਾ-ਥਿਰ ਪ੍ਰਭੂ ਨਾਲ ਜੁੜੇ ਰਹਿੰਦੇ ਹਨ, ਪ੍ਰਭੂ ਆਪਣੀ ਕਿਰਪਾ ਕਰ ਕੇ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ।7।
ਆਪੇ ਕਰੇ ਕਰਾਏ ਆਪੇ ਇਕਨਾ ਸੁਤਿਆ ਦੇਇ ਜਗਾਇ ॥
ਆਪੇ ਮੇਲਿ ਮਿਲਾਇਦਾ ਨਾਨਕ ਸਬਦਿ ਸਮਾਇ ॥8॥7॥24॥
ਪਰ ਇਹ ਸਾਰੀ ਖੋਜ, ਪਰਮਾਤਮਾ ਦੇ ਆਪਣੇ ਹੱਥ ਵਿਚ ਹੈ, ਪ੍ਰਭੂ ਆਪ ਹੀ ਪ੍ਰੇਰਕ ਹੋ ਕ ਸਭ ਕੁਝ ਕਰਦਾ ਹੈ, ਆਪ ਹੀ ਜੀਵਾਂ ਪਾਸੋਂ ਕਰਾਂਦਾ ਹੈ। ਮਾਇਆ ਦੀ ਨੀਂਦ ਵਿਚ ਸੁੱਤੇ ਹੋਏ ਕਈ ਜੀਵਾਂ ਨੂੰ ਵੀ ਪਰਮਾਤਮਾ ਆਪ ਹੀ ਜਗਾ ਦੇਂਦਾ ਹੈ।
ਹੇ ਨਾਨਕ, ਗੁਰੂ ਦੇ ਸ਼ਬਦ ਵਿਚ ਜੋੜ ਕੇ ਪ੍ਰਭੂ ਆਪ ਹੀ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ।8।7।24।
ਚੰਦੀ ਅਮਰ ਜੀਤ ਸਿੰਘ (ਚਲਦਾ)