ਗੁਰਬਾਣੀ ਦੀ ਸਰਲ ਵਿਆਖਿਆ ਭਾਗ(239)
ਮਨ ਪਿਆਰਿਆ ਜੀਉ ਮਿਤ੍ਰਾ ਕਰਿ ਸੰਤਾ ਸੰਗਿ ਨਿਵਾਸੋ ॥
ਮਨ ਪਿਆਰਿਆ ਜੀਉ ਮਿਤ੍ਰਾ ਹਰਿ ਨਾਮੁ ਜਪਤ ਪਰਗਾਸੋ ॥
ਸਿਮਰਿ ਸੁਆਮੀ ਸੁਖਹ ਗਾਮੀ ਇਛ ਸਗਲੀ ਪੁੰਨੀਆ ॥
ਪੁਰਬੇ ਕਮਾਏ ਸ੍ਰੀਰੰਗ ਪਾਏ ਹਰਿ ਮਿਲੇ ਚਿਰੀ ਵਿਛੁੰਨਿਆ ॥
ਅੰਤਰਿ ਬਾਹਰਿ ਸਰਬਤਿ ਰਵਿਆ ਮਨਿ ਉਪਜਿਆ ਬਿਸੁਆਸੋ ॥
ਨਾਨਕੁ ਸਿਖ ਦੇਇ ਮਨ ਪ੍ਰੀਤਮ ਕਰਿ ਸੰਤਾ ਸੰਗਿ ਨਿਵਾਸੋ ॥4॥
ਹੇ ਪਿਆਰੇ ਮਨ, ਹੇ ਮਿਤ੍ਰ ਮਨ, ਗੁਰਮੁਖਾਂ ਦੀ ਸੰਗਤ ਵਿਚ ਆਪਣਾ ਬਹਣ-ਖਲੋਣ ਬਣਾ। ਹੇ ਪਿਆਰੇ ਮਨ, ਹੇ ਮਿਤ੍ਰ ਮਨ, ਗੁਰਮੁਖਾਂ ਦੀ ਸੰਗਤ ਵਿਚ ਪਰਮਾਤਮਾ ਦਾ ਨਾਮ ਜਪਿਆਂ, ਅੰਦਰ ਆਤਮਕ ਚਾਨਣ ਹੋ ਜਾਂਦਾ ਹੈ। ਸੁਖ ਅਪੜਾਣ ਵਾਲੇ ਮਾਲਕ-ਪ੍ਰਭੂ ਨੂੰ ਸਿਮਰਿਆਂ ਸਾਰੀਆਂ ਇੱਛਾਵਾਂ ਪੂਰੀਆਂ ਹੋ ਜਾਂਦੀਆਂ ਹਨ, ਕੋਈ ਇੱਛਾ ਬਾਕੀ ਨਹੀਂ ਰਹਿ ਜਾਂਦੀ। ਪਹਿਲੇ ਜਨਮ ਵਿਚ ਕੀਤੀ ਨੇਕ ਕਮਾਈ ਦੇ ਸੰਸਕਾਰਾਂ ਅਨੁਸਾਰ ਚਿਰ ਦਾ ਵਿੱਛੜਿਆ ਹੋਇਆ ਹਰਿ-ਪਰਮਾਤਮਾ ਫਿਰ ਮਿਲ ਜਾਂਦਾ ਹੈ। ਹੇ ਭਾਈ, ਗੁਰਮੁਖਾਂ ਦੀ ਸੰਗਤ ਵਿਚ ਰਹਿ ਕੇ ਸਿਮਰਨ ਕੀਤਿਆਂ ਮਨ ਵਿਚ ਇਹ ਵਿਸ਼ਵਾਸ ਹੋ ਜਾਂਦਾ ਹੇ ਕਿ ਪਰਮਾਤਮਾ ਜੀਵਾਂ ਦੇ ਅੰਦਰ-ਬਾਹਰ ਹਰ ਥਾਂ ਵਿਆਪਕ ਹੈ। ਹੇ ਮਨ-ਪ੍ਰੀਤਮ, ਨਾਨਕ ਤੈਨੂੰ ਸਿਖਿਆ ਦੇਂਦਾ ਹੈ, ਗੁਰਮੁਖਾਂ ਦੀ ਸੰਗਤ ਵਿਚ ਟਿਕਿਆ ਕਰ।
ਮਨ ਪਿਆਰਿਆ ਜੀਉ ਮਿਤ੍ਰਾ ਹਰਿ ਪ੍ਰੇਮ ਭਗਤਿ ਮਨੁ ਲੀਨਾ ॥
ਮਨ ਪਿਆਰਿਆ ਜੀਉ ਮਿਤ੍ਰਾ ਹਰਿ ਜਲ ਮਿਲਿ ਜੀਵੇ ਮੀਨਾ ॥
ਹਰਿ ਪੀ ਆਘਾਨੇ ਅੰਮ੍ਰਿਤ ਬਾਨੇ ਸ੍ਰਬ ਸੁਖਾ ਮਨ ਵੁਠੇ ॥
ਸ੍ਰੀਧਰ ਪਾਏ ਮੰਗਲ ਗਾਏ ਇਛ ਪੁੰਨੀ ਸਤਿਗੁਰ ਤੁਠੇ ॥
ਲੜਿ ਲੀਨੇ ਲਾਏ ਨਉ ਨਿਧਿ ਪਾਏ ਨਾਉ ਸਰਬਸੁ ਠਾਕੁਰਿ ਦੀਨਾ ॥
ਨਾਨਕ ਸਿਖ ਸੰਤ ਸਮਝਾਈ ਹਰਿ ਪ੍ਰੇਮ ਭਗਤਿ ਮਨੁ ਲੀਨਾ ॥5॥1॥2॥
ਹੇ ਮੇਰੇ ਪਿਆਰੇ ਮਨ, ਹੇ ਮੇਰੇ ਮਿਤ੍ਰ ਮਨ, ਜਿਸ ਮਨੁੱਖ ਦਾ ਮਨ, ਪਰਮਾਤਮਾ ਦੀ ਪ੍ਰੇਮਾ-ਭਗਤੀ ਵਿਚ ਮਸਤ ਰਹਿੰਦਾ ਹੈ, ਹੇ ਮੇਰੇ ਪਿਆਰੇ ਮਿਤ੍ਰ ਮਨ, ਉਹ ਮਨੁੱਖ ਪਰਮਾਤਮਾ ਨੂੰ ਮਿਲ ਕੇ ਇਉਂ ਆਤਮਕ ਜੀਵਨ ਹਾਸਲ ਕਰਦਾ ਹੈ, ਜਿਵੇਂ ਮੱਛੀ ਪਾਣੀ ਨੂੰ ਮਿਲ ਕੇ ਜੀਊਂਦੀ ਹੈ। ਜਿਹੜਾ ਮਨੁੱਖ ਗੁਰੂ ਦੀ ਪ੍ਰਸੰਤਾ ਦਾ ਪਾਤਰ ਬਣ ਕੇ ਪਰਮਾਤਮਾ ਦੀ ਸਿਫਤ-ਸਾਲਾਹ ਦਾ ਆਤਮਕ ਜੀਵਨ ਦੇਣ ਵਾਲਾ ਬਾਣੀ-ਰੂਪ ਪਾਣੀ ਪੀ ਕੇ ਮਾਇਆ ਦੀ ਪਿਆਸ ਵਲੋਂ ਰੱਜ ਜਾਂਦਾ ਹੈ, ਉਸ ਦੇ ਮਨ ਵਿਚ ਸਾਰੇ ਸੁਖ ਆ ਵੱਸਦੇ ਹਨ, ਉਹ ਮਨੁੱਖ ਲੱਛਮੀ-ਪਤੀ ਪ੍ਰਭੂ ਦਾ ਮੇਲ ਹਾਸਲ ਕਰ ਲੈਂਦਾ ਹੈ, ਪ੍ਰਭੂ ਦੀ ਸਿਫਤ-ਸਾਲਾਹ ਦੇ ਗੀਤ ਗਾਂਦਾ ਹੈ, ਉਸ ਦੀਆਂ ਸਾਰੀਆਂ ਇੱਛਾਵਾਂ ਪੂਰੀਆਂ ਹੋ ਜਾਂਦੀਆਂ ਹਨ। ਹੇ ਨਾਨਕ, ਜਿਸ ਮਨੁੱਖ ਨੂੰ ਸੰਤ-ਜਨਾਂ ਨੇ ਪਰਮਾਤਮਾ ਦੇ ਸਿਮਰਨ ਦੀ ਸਿਖਿਆ ਸਮਝਾ ਦਿੱਤੀ ਹੈ, ਉਸ ਦਾ ਮਨ ਪਰਮਾਤਮਾ ਦੀ ਪ੍ਰੇਮਾ-ਭਗਤੀ ਵਿਚ ਲੀਨ ਰਹਿੰਦਾ ਹੈ, ਉਸ ਨੂੰ ਠਾਕਰ ਨੇ ਆਪਣੇ ਪੱਲੇ ਲਾ ਲਿਆ ਹੈ. ਠਾਕੁਰ ਪਾਸੋਂ ਉਸ ਨੂੰ ਮਾਨੋ, ਨੌਂ ਹੀ ਖਜ਼ਾਨੇ ਮਿਲ ਗਏ ਹਨ, ਕਿਉਂਕਿ ਠਾਕੁਰ ਨੇ ਉਸ ਨੂੰ ਆਪਣਾ ਨਾਮ ਦੇ ਦਿੱਤਾ ਹੈ, ਜੋ ਮਾਨੋ ਜਗਤ ਦਾ ਸਾਰਾ ਹੀ ਧਨ ਹੈ।5।1।2।
ਚੰਦੀ ਅਮਰ ਜੀਤ ਸਿੰਘ (ਚਲਦਾ)