ਗੁਰਬਾਣੀ ਦੀ ਸਰਲ ਵਆਿਖਆਿ ਭਾਗ(327)
ਮਾਝ ਮਹਲਾ 3 ॥
ਮੇਰਾ ਪ੍ਰਭੁ ਨਿਰਮਲੁ ਅਗਮ ਅਪਾਰਾ ॥ ਬਿਨੁ ਤਕੜੀ ਤੋਲੈ ਸੰਸਾਰਾ ॥
ਗੁਰਮੁਖਿ ਹੋਵੈ ਸੋਈ ਬੂਝੈ ਗੁਣ ਕਹਿ ਗੁਣੀ ਸਮਾਵਣਿਆ ॥1
ਪਿਆਰਾ ਪ੍ਰਭੂ ਆਪ ਪਵਿਤ੍ਰ-ਸਰੂਪ ਹੈ, ਅਪਹੁੰਚ ਹੈ ਤੇ ਬੇਅੰਤ ਹੈ। ਉਹ ਤੱਕੜੀ ਵਰਤਣ ਤੋਂ ਬਿਨਾ ਹੀ ਸਾਰੇ ਸੰਸਾਰ ਦੇ ਜੀਵਾਂ ਦੇ ਜੀਵਨ ਨੂੰ ਪਰਖਦਾ ਰਹਿੰਦਾ ਹੈ, ਹਰੇਕ ਜੀਵ ਦੇ ਅੰਦਰ ਵਿਆਪਕ ਰਹਿ ਕੇ। ਇਸ ਭੇਤ ਨੂੰ ਉਹੀ ਮਨੁੱਖ ਸਮਝਦਾ ਹੈ, ਜੋ ਗੁਰੂ ਦੇ
ਸਨਮੁਖ ਰਹਿੰਦਾ ਹੈ, ਉਹ ਗੁਰੂ ਦੀ ਰਾਹੀਂ ਪਰਮਾਤਮਾ ਦੇ ਗੁਣ ਉਚਾਰ ਕੇ, ਗੁਣਾਂ ਦੇ ਮਾਲਕ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ।1।
ਹਉ ਵਾਰੀ ਜੀਉ ਵਾਰੀ ਹਰਿ ਕਾ ਨਾਮੁ ਮੰਨਿ ਵਸਾਵਣਿਆ ॥
ਜੋ ਸਚਿ ਲਾਗੇ ਸੇ ਅਨਦਿਨੁ ਜਾਗੇ ਦਰਿ ਸਚੈ ਸੋਭਾ ਪਾਵਣਿਆ ॥ 1॥ ਰਹਾਉ ॥
ਮੈਂ ਸਦਾ ਉਨ੍ਹਾਂ ਦੇ ਸਦਕੇ ਜਾਂਦਾ ਹਾਂ, ਜੋ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਂਦੇ ਹਨ। ਜਿਹੜੇ ਮਨੁੱਖ ਸਦਾ-ਥਿਰ
ਪ੍ਰਭੂ ਨਾਲ ਲਿਵ ਲਾਈ ਰੱਖਦੇ ਹਨ, ਉਹ ਹਰ ਵੇਲੇ ਮਾਇਆ ਦੇ ਹੱਲਿਆਂ ਵਲੋਂ ਸੁਚੇਤ ਰਹਿੰਦੇ ਹਨ, ਤੇ ਸਦਾ-ਥਿਰ ਰਹਣ ਵਾਲੇ
ਪਰਮਾਤਮਾ ਦੀ ਹਜ਼ੂਰੀ ਵਿਚ ਸੋਭਾ ਪਾਂਦੇ ਹਨ।1।ਰਹਾਉ।
ਆਪੇ ਸੁਣੈ ਤੈ ਆਪੇ ਵੇਖੈ ॥ ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥
ਆਪੇ ਲਾਇ ਲਏ ਸੋ ਲਾਗੈ ਗੁਰਮੁਖਿ ਸਚੁ ਕਮਾਵਣਿਆ ॥2॥
ਪਰਮਾਤਮਾ ਆਪ ਹੀ ਸਭ ਜੀਵਾਂ ਦੀ ਅਰਦਾਸ ਸੁਣਦਾ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ। ਜਿਸ ਜੀਵ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ, ਉਹੀ ਜੀਵ, ਉਸ ਦੇ ਦਰ ਤੇ ਕਬੂਲ ਹੁੰਦਾ ਹੈ। ਜਿਸ ਮਨੁੱਖ ਨੂੰ ਪ੍ਰਭੂ ਆਪ ਆਪਣੀ ਯਾਦ ਵਿਚ ਜੋੜੀ ਰੱਖਦਾ ਹੈ, ਉਹੀ ਜੁੜਿਆ ਰਹਿੰਦਾ ਹੈ, ਉਹ ਗੁਰੂ ਦੇ ਸਨਮੁੱਖ ਰਹਿ ਕੇ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦਾ ਹੈ।2।
ਜਿਸੁ ਆਪਿ ਭੁਲਾਏ ਸੁ ਕਿਥੈ ਹਥੁ ਪਾਏ ॥ ਪੂਰਬਿ ਲਿਿਖਆ ਸੁ ਮੇਟਣਾ ਨ ਜਾਏ ॥
ਜਿਨ ਸਤਿਗੁਰੁ ਮਿਿਲਆ ਸੇ ਵਡਭਾਗੀ ਪੂਰੈ ਕਰਮਿ ਮਿਲਾਵਣਿਆ ॥3॥
ਪਰ ਜਿਸ ਮਨੁੱਖ ਨੂੰ ਪ੍ਰਭੂ ਆਪ ਗਲਤ ਰਾਹੇ ਪਾ ਦੇਵੇ, ਉਹ ਠੀਕ ਰਾਹ ਲੱਭਣ ਵਾਸਤੇ ਕਿਸੇ ਹੋਰ ਦਾ ਆਸਰਾ ਨਹੀਂ ਲੈ
ਸਕਦਾ। ਪੂਰਬਲੇ ਜਨਮ ਵਿਚ ਕੀਤੇ ਕਰਮ ਦੇ ਸੰਸਕਾਰਾਂ ਦਾ ਲੇਖ ਮਿਟਾਇਆ ਨਹੀਂ ਜਾ ਸਕਦਾ, ਤੇ ਉਹ ਲੇਖ ਕੁਰਾਹੇ ਪਾਈ
ਰੱਖਦਾ ਹੈ। ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਵੱਡੇ ਭਾਗਾਂ ਵਾਲੇ ਜਾਣੋ। ਉਨ੍ਹਾਂ ਨੂੰ ਪੂਰੀ ਮਿਹਰ ਨਾਲ ਪਰਮਾਤਮਾ
ਆਪਣੇ ਚਰਨਾਂ ਵਿਚ ਮਿਲਾਈ ਰੱਖਦਾ ਹੈ।3।
ਪੇਈਅੜੈ ਧਨ ਅਨਦਿਨੁ ਸੁਤੀ ॥ ਕੰਤਿ ਵਿਸਾਰੀ ਅਵਗਣਿ ਮੁਤੀ ॥
ਅਨਦਿਨੁ ਸਦਾ ਫਿਰੈ ਬਿਲਲਾਦੀ ਬਿਨੁ ਪਿਰ ਨੀਦ ਨ ਪਾਵਣਿਆ ॥4॥
ਜਿਹੜੀ ਜੀਵ-ਇਸਤ੍ਰੀ ਇਸ ਲੋਕ ਵਿਚ ਹਰ ਵੇਲੇ ਮਾਇਆ ਦੇ ਮੋਹ ਦੀ ਨੀਂਦ ਵਿਚ ਮਸਤ ਰਹਿੰਦੀ ਹੈ, ਉਸ ਨੂੰ ਖਸਮ ਪ੍ਰਭੂ ਨੇ ਭੁਲਾ ਦਿੱਤਾ ਹੈ, ਉਹ ਆਪਣੀ ਭੁੱਲ ਦੇ ਕਾਰਨ ਛੁੱਟੜ ਹੋਈ ਪਈ ਹੈ। ਉਹ ਜੀਵ-ਇਸਤ੍ਰੀ ਹਰ ਵੇਲੇ ਦੁਖੀ ਹੋਈ ਭਟਕਦੀ
ਫਿਰਦੀ ਹੈ, ਪ੍ਰਭੂ-ਪਤੀ ਦੇ ਮਿਲਾਪ ਤੋ ਬਗੈਰ ਉਸ ਨੂੰ ਆਤਮਕ ਸੁਖ ਨਹੀਂ ਮਿਲਦਾ।4।
ਪੇਈਅੜੈ ਸੁਖਦਾਤਾ ਜਾਤਾ ॥ ਹਉਮੈ ਮਾਰਿ ਗੁਰ ਸਬਦਿ ਪਛਾਤਾ ॥
ਸੇਜ ਸੁਹਾਵੀ ਸਦਾ ਪਿਰੁ ਰਾਵੇ ਸਚੁ ਸੀਗਾਰੁ ਬਣਾਵਣਿਆ ॥5॥
ਜਿਸ ਜੀਵ ਇਸਤ੍ਰੀ ਨੇ ਪੇਕੇ ਘਰ ਵਿਚ, ਸੁਖ ਦੇਣ ਵਾਲੇ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪਾਈ ਰੱਖੀ, ਜਿਸ ਨੇ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ-ਪਤੀ ਨੂੰ ਪਛਾਣ ਲਿਆ, ਉਸ ਦੇ ਹਿਰਦੇ ਦੀ ਸੇਜ ਸੋਹਣੀ ਬਣ ਜਾਂਦੀ ਹੈ, ਉਹ ਸਦਾ ਪ੍ਰਭੂ ਪਤੀ ਦਾ ਮਿਲਾਪ ਮਾਣਦੀ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਨੂੰ ਉਹ ਆਪਣੇ ਜੀਵਨ ਦਾ ਸ਼ੰਗਾਰ ਬਣਾ ਲੈਂਦੀ ਹੈ।5।
ਲਖ ਚਉਰਾਸੀਹ ਜੀਅ ਉਪਾਏ ॥ ਜਿਸ ਨੋ ਨਦਰਿ ਕਰੇ ਤਿਸੁ ਗੁਰੂ ਮਿਲਾਏ ॥
ਕਿਲਬਿਖ ਕਾਟਿ ਸਦਾ ਜਨ ਨਿਰਮਲ ਦਰਿ ਸਚੈ ਨਾਮਿ ਸੁਹਾਵਣਿਆ ॥6॥
ਪਰਮਾਤਮਾ ਨੇ ਚੌਰਾਸੀ ਲੱਖ (ਅਣਗਿਣਤ) ਜੂਨਾਂ ਵਿਚ ਬੇਅੰਤ ਜੀਵ ਪੈਦਾ ਕੀਤੇ ਹੋਏ ਹਨ, ਜਿਸ ਜੀਵ ਉੱਤੇ ਉਹ ਮਿਹਰ ਦੀ ਨਜ਼ਰ ਕਰਦਾ ਹੈ, ਉਸ ਨੂੰ ਗਰੂ ਮਿਲਾ ਦੇਂਦਾ ਹੈ। ਗੁਰੂ ਚਰਨਾਂ ਵਿਚ ਜੁੜੇ ਹੋਏ ਬੰਦੇ ਆਪਣੇ ਪਾਪ ਦੂਰ ਕਰ ਕੇ ਸਦਾ ਪਵਿੱਤ੍ਰ-
ਜੀਵਨ ਵਾਲੇ ਹੋ ਜਾਂਦੇ ਹਨ, ਤੇ ਸਦਾ-ਥਿਰ ਪ੍ਰਭੂ ਦੇ ਦਰ ਤੇ ਪ੍ਰਭੂ ਦੇ ਨਾਮ ਦੀ ਬਰਕਤ ਨਾਲ ਸੋਭਾ ਪਾਂਦੇ ਹਨ।6।
ਲੇਖਾ ਮਾਗੈ ਤਾ ਕਿਿਨ ਦੀਐ ॥ ਸੁਖੁ ਨਾਹੀ ਫੁਨਿ ਦੂਐ ਤੀਐ ॥
ਆਪੇ ਬਖਸਿ ਲਏ ਪ੍ਰਭੁ ਸਾਚਾ ਆਪੇ ਬਖਸਿ ਮਿਲਾਵਣਿਆ ॥7॥
ਅਸੀਂ ਜੀਵ ਸਦਾ ਭੁੱਲਣਹਾਰ ਹਾਂ, ਜੇ ਪ੍ਰਭੂ ਸਾਡੇ ਕੀਤੇ ਕਰਮਾਂ ਦਾ ਹਿਸਾਬ ਮੰਗਣ ਲੱਗੇ, ਤਾਂ ਕੋਈ ਜੀਵ ਲੇਖੇ ਵਿਚ ਪੂਰਾ
ਨਹੀਂ ਉੱਤਰ ਸਕਦਾ। ਆਪਣੇ ਕੀਤੇ ਕਰਮਾਂ ਦਾ ਲੇਖਾ ਗਿਣਾਇਆਂ, ਹਿਸਾਬ ਵਿਚ ਸੁਰਖਰੂ ਹੋਣ ਦੀ ਆਸ ਤੇ ਕਿਸੇ ਨੂੰ ਆਤਮਕ ਆਨੰਦ ਨਹੀਂ ਮਿਲ ਸਕਦਾ। ਪ੍ਰਭੂ ਆਪ ਹੀ ਮਿਹਰ ਕਰ ਕੇ ਆਪਣੇ ਚਰਨਾਂ ਵਿਚ ਮੇਲ ਲੈਂਦਾ ਹੈ।7।
ਆਪਿ ਕਰੇ ਤੈ ਆਪਿ ਕਰਾਏ ॥ ਪੂਰੇ ਗੁਰ ਕੈ ਸਬਦਿ ਮਿਲਾਏ ॥
ਨਾਨਕ ਨਾਮੁ ਮਿਲੈ ਵਡਿਆਈ ਆਪੇ ਮੇਲਿ ਮਿਲਾਵਣਿਆ ॥ 8॥2॥3॥
ਸਭ ਜੀਵਾਂ ਵਿਚ ਵਿਆਪਕ ਹੋ ਕੇ ਪ੍ਰਭੂ ਆਪ ਹੀ ਸਭ ਕੁਝ ਕਰਦਾ ਹੈ ਤੇ ਆਪ ਹੀ ਪ੍ਰੇਰਨਾ ਕਰ ਕੇ ਜੀਵਾਂ ਪਾਸੋਂ ਕਰਾਂਦਾ ਹੈ। ਪ੍ਰਭੂ ਆਪ ਹੀ ਪੂਰੇ ਗੁਰੂ ਦੇ ਸ਼ਬਦ ਵਿਚ ਜੋੜ ਕੇ ਆਪਣੇ ਚਰਨਾਂ ਨਾਲ ਮਿਲਾਂਦਾ ਹੈ, ਹੇ ਨਾਨਕ ਜਿਸ ਮਨੁੱਖ ਨੂੰ, ਪ੍ਰਭੂ ਦੇ ਦਰ ਤੋਂ ਉਸਦਾ ਨਾਮ ਮਿਲਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ, ਪ੍ਰਭੂ ਆਪ ਹੀ ਉਸ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ।8।2।3।
ਚੰਦੀ ਅਮਰ ਜੀਤ ਸਿੰਘ (ਚਲਦਾ)