ਗੁਰਬਾਣੀ ਦੀ ਸਰਲ ਵਆਿਖਆਿ ਭਾਗ (337)
ਰਸਨਾ ਹਰਿ ਰਸਿ ਰਾਤੀ ਰੰਗੁ ਲਾਏ ॥ ਮਨੁ ਤਨੁ ਮੋਹਿਆ ਸਹਜਿ ਸੁਭਾਏ ॥
ਸਹਜੇ ਪ੍ਰੀਤਮੁ ਪਿਆਰਾ ਪਾਇਆ ਸਹਜੇ ਸਹਜਿ ਮਿਲਾਵਣਿਆ ॥5॥
ਜਿਸ ਮਨੁੱਖ ਦਾ ਮਨ ਪੂਰੀ ਲਗਨ ਲਾ ਕੇ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਸ ਦਾ ਮਨ ਆਤਮਕ ਅਡੋਲਤਾ ਵਿਚ ਮਸਤ ਰਹਿੰਦਾ ਹੈ, ਉਸ ਦਾ ਸਰੀਰ ਪ੍ਰੇਮ-ਰੰਗ ਵਿਚ ਮਗਨ ਰਹਿੰਦਾ ਹੈ। ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਿਆਰੇ ਪ੍ਰੀਤਮ-ਪ੍ਰਭੂ ਨੂੰ ਮਿਲ ਪੈਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ।5।
ਜਿਸੁ ਅੰਦਰਿ ਰੰਗੁ ਸੋਈ ਗੁਣ ਗਾਵੈ ॥ ਗੁਰ ਕੈ ਸਬਦਿ ਸਹਜੇ ਸੁਖਿ ਸਮਾਵੈ ॥
ਹਉ ਬਲਿਹਾਰੀ ਸਦਾ ਤਿਨ ਵਿਟਹੁ ਗੁਰ ਸੇਵਾ ਚਿਤੁ ਲਾਵਣਿਆ ॥6॥
ਜਿਸ ਮਨੁੱਖ ਦੇ ਹਿਰਦੇ ਵਿਚ ਲਗਨ ਹੈ, ਉਹੀ ਸਦਾ ਪਰਮਾਤਮਾ ਦੀ ਸਿਫਤ-ਸਾਲਾਹ ਦੇ ਗੀਤ ਗਾਂਦਾ ਹੈ। ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਅਡੋਲਤਾ ਵਿਚ, ਆਤਮਕ ਆਨੰਦ ਵਿਚ ਮਗਨ ਹੋਇਆ ਰਹਿੰਦਾ ਹੈ। ਮੈਂ ਸਦਾ ਉਨ੍ਹਾਂ ਬੰਦਿਆਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਦੱਸੀ ਕਾਰ ਵਿਚ ਆਪਣਾ ਚਿੱਤ ਲਾਇਆ ਹੋਇਆ ਹੈ।6।
ਸਚਾ ਸਚੋ ਸਚਿ ਪਤੀਜੈ ॥ ਗੁਰ ਪਰਸਾਦੀ ਅੰਦਰੁ ਭੀਜੈ ॥
ਬੈਸਿ ਸੁਥਾਨਿ ਹਰਿ ਗੁਣ ਗਾਵਹਿ ਆਪੇ ਕਰਿ ਸਤਿ ਮਨਾਵਣਿਆ ॥7॥
ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਮਨੁੱਖਾਂ ਦਾ ਹਿਰਦਾ, ਸਿਫਤ-ਸਾਲਾਹ ਦੇ ਰਸ ਨਾਲ ਭਿਿਜਆ ਰਹਿੰਦਾ ਹੈ, ਜਿਨ੍ਹਾਂ ਦਾ ਮਨ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰ ਕੇ ਸਦਾ-ਥਿਰ ਦੀ ਯਾਦ ਵਿਚ ਗਿੱਝਿਆ ਰਹਿੰਦਾ ਹੈ, ਉਹ ਸ੍ਰੈਸ਼ਟ ਅੰਤਰ-ਆਤਮੇ ਵਿਚ ਟਿਕ ਕੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ। ਪ੍ਰਭੂ ਆਪ ਹੀ ਉਨ੍ਹਾਂ ਨੂੰ ਇਹ ਸ਼ਰਧਾ ਬਖਸ਼ਦਾ ਹੈ ਕਿ ਸਿਫਤ-ਸਾਲਾਹ ਦੀ ਕਾਰ ਹੀ ਸਹੀ ਜੀਵਨ-ਕਾਰ ਹੈ।7।
ਜਿਸ ਨੋ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਹਉਮੈ ਜਾਏ ॥
ਨਾਨਕ ਨਾਮੁ ਵਸੈ ਮਨ ਅੰਤਰਿ ਦਰਿ ਸਚੈ ਸੋਭਾ ਪਾਵਣਿਆ ॥8॥8॥9॥
ਪਰ ਪ੍ਰਭੂ ਦੇ ਨਾਮ ਸਿਮਰਨ ਦੀ ਸੂਝ, ਉਹੀ ਮਨੁੱਖ ਹਾਸਲ ਕਰਦਾ ਹੈ, ਜਿਸ ਉੱਤੇ ਪ੍ਰਭੂ ਮਿਹਰ ਦੀ ਨਿਗਾਹ ਕਰਦਾ ਹੈ।
ਗੁਰੂ ਦੀ ਕਿਰਪਾ ਨਾਲ ਨਾਮ ਸਿਮਰਦਿਆਂ, ਉਸ ਦੀ ਹਉਮੈ ਦੂਰ ਹੋ ਜਾਂਦੀ ਹੈ। ਹੇ ਨਾਨਕ, ਉਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਸਦਾ-ਥਿਰ ਰਹਣ ਵਾਲੇ ਪਰਮਾਤਮਾ ਦੇ ਦਰ ਤੇ ਉਸ ਨੂੰ ਸੋਭਾ ਮਿਲਦੀ ਹੈ ।8।8।9।
ਚੰਦੀ ਅਮਰ ਜੀਤ ਸਿੰਘ (ਚਲਦਾ)