ਗੁਰਬਾਣੀ ਦੀ ਸਰਲ ਵਆਿਖਆਿ ਭਾਗ (344)
ਮਾਝ ਮਹਲਾ 3 ॥
ਐਥੈ ਸਾਚੇ ਸੁ ਆਗੈ ਸਾਚੇ ॥ ਮਨੁ ਸਚਾ ਸਚੈ ਸਬਦਿ ਰਾਚੇ ॥
ਸਚਾ ਸੇਵਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥1॥
ਹੇ ਭਾਈ ਜਿਹੜੇ ਮਨੁੱਖ ਇਸ ਲੋਕ ਵਿਚ ਅਡੋਲ-ਚਿੱਤ ਰਹਿੰਦੇ ਹਨ, ਉਹ ਪਰਲੋਕ ਵਿਚ ਵੀ ਪਰਮਾਤਮਾ ਨਾਲ ਇਕ-ਮਿਕ ਹੋਏ ਰਹਿੰਦੇ ਹਨ। ਜਿਹੜੇ ਬੰਦੇ ਸਦਾ-ਥਿਰ ਪ੍ਰਭੂ ਦੀ ਸਿਫਤ-ਸਾਲਾਹ ਦੇ ਸ਼ਬਦ ਨਾਲ ਜੁੜੇ ਰਹਿੰਦੇ ਹਨ, ਉਨ੍ਹਾਂ ਦਾ ਮਨ ਅਡੋਲ ਹੋ ਜਾਂਦਾ ਹੈ। ਉਹ ਹਮੇਸ਼ਾ ਹੀ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦੇ ਹਨ, ਸਿਮਰਨ ਦੀ ਹੀ ਕਮਾਈ ਕਰਦੇ ਹਨ, ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦੇ ਰਹਿੰਦੇ ਹਨ।1।
ਹਉ ਵਾਰੀ ਜੀਉ ਵਾਰੀ ਸਚਾ ਨਾਮੁ ਮੰਨਿ ਵਸਾਵਣਿਆ ॥
ਸਚੇ ਸੇਵਹਿ ਸਚਿ ਸਮਾਵਹਿ ਸਚੇ ਕੇ ਗੁਣ ਗਾਵਣਿਆ ॥1॥ ਰਹਾਉ ॥
ਮੈਂ ਉਨ੍ਹਾਂ ਤੋਂ ਕੁਰਬਾਨ ਹਾਂ, ਸਦਕੇ ਜਾਂਦਾ ਹਾਂ, ਜੋ ਸਦਾ-ਥਿਰ ਰਹਣ ਵਾਲੇ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਈ ਰੱਖਦੇ ਹਨ। ਜਿਹੜੇ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦੇ ਹਨ, ਸਦਾ-ਥਰ ਪ੍ਰਭੂ ਦੇ ਗੁਣ ਗਾਂਦੇ ਹਨ, ਉਹ ਸਦਾ-ਥਰ-ਪ੍ਰਭੂ ਵਿਚ ਲੀਨ ਰਹਿੰਦੇ ਹਨ ।1।ਰਹਾਉ।
ਪੰਡਿਤ ਪੜਹਿ ਸਾਦੁ ਨ ਪਾਵਹਿ ॥ ਦੂਜੈ ਭਾਇ ਮਾਇਆ ਮਨੁ ਭਰਮਾਵਹਿ ॥
ਮਾਇਆ ਮੋਹਿ ਸਭ ਸੁਧਿ ਗਵਾਈ ਕਰਿ ਅਵਗਣ ਪਛੋਤਾਵਣਿਆ ॥2॥
ਪੰਡਿਤ ਲੋਕ, ਵੇਦ ਆਦਿ ਧਰਮ-ਪੁਸਤਕਾਂ ਪੜ੍ਹਦੇ ਤਾਂ ਹਨ ਪਰ ਆਤਮਕ-ਆਨੰਦ ਨਹੀਂ ਮਾਣ ਸਕਦੇ, ਕਿਉਂਜੋ ਉਹ ਮਾਇਆ ਦੇ ਮੋਹ ਵਿਚ ਫਸ ਕੇ, ਆਪਣੇ ਮਨ ਨੂੰ ਮਾਇਆ ਵੱਲ ਹੀ ਦੁੜਾਂਦੇ ਰਹਿੰਦੇ ਹਨ। ਮਾਇਆ ਦੇ ਮੋਹ ਦੇ ਕਾਰਨ, ਉਨ੍ਹਾਂ ਨੇ ਉੱਚੇ ਆਤਮਕ-ਜੀਵਨ ਬਾਰੇ ਸਾਰੀ ਸੂਝ ਗਵਾ ਲਈ ਹੁੰਦੀ ਹੈ, ਮਾਇਆ ਲਈ ਔਗਣ ਕਰ ਕਰ ਕੇ ਪਛੁਤਾਂਦੇ ਰਹਿੰਦੇ ਹਨ।2।
ਸਤਿਗੁਰ ਮਿਲੈ ਤਾ ਤਤੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥
ਸਬਦਿ ਮਰੈ ਮਨੁ ਮਾਰੈ ਅਪਨਾ ਮੁਕਤੀ ਕਾ ਦਰੁ ਪਾਵਣਿਆ ॥3॥
ਜਦੋਂ ਮਨੁੱਖ ਨੂੰ ਗੁਰੂ ਮਿਲ ਪਵੇ ਤਾਂ ਉਹ ਅਸਲੀਅਤ ਸਮਝ ਲੈਂਦਾ ਹੈ, ਉਹ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾ ਲੈਂਦਾ ਹੈ। ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ, ਮਾਇਆ ਦੇ ਮੋਹ ਵਲੋਂ ਅਡੋਲ ਹੋ ਜਾਂਦਾ ਹੈ, ਆਪਣੇ ਮਨ ਨੂੰ ਕਾਬੂ ਕਰ ਲੈਂਦਾ ਹੈ, ਤੇ ਮੋਹ ਤੋਂ ਖਲਾਸੀ ਪਾਣ ਦਾ ਦਰਵਾਜਾ ਲੱਭ ਲੈਂਦਾ ਹੈ।3।
ਕਿਲਵਿਖ ਕਾਟੈ ਕ੍ਰੋਧੁ ਨਿਵਾਰੇ ॥ ਗੁਰ ਕਾ ਸਬਦੁ ਰਖੈ ਉਰ ਧਾਰੇ ॥
ਸਚਿ ਰਤੇ ਸਦਾ ਬੈਰਾਗੀ ਹਉਮੈ ਮਾਰਿ ਮਿਲਾਵਣਿਆ ॥4॥
ਜਿਹੜਾ ਮਨੁੱਖ ਗੁਰੂ ਦਾ ਸ਼ਬਦ ਹਿਰਦੇ ਵਿਚ ਟਿਕਾ ਲੈਂਦਾ ਹੈ, ਉਹ ਆਪਣੇ ਅੰਦਰੋਂ ਪਾਪ ਖਤਮ ਕਰ ਲੈਂਦਾ ਹੈ, ਕ੍ਰੋਧ ਦੂਰ ਕਰ ਲੈਂਦਾ ਹੈ। ਜਿਹੜੇ ਮਨੁੱਖ ਸਦਾ-ਥਿਰ, ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਮਾਇਆ ਦੇ ਮੋਹ ਤੋਂ ਸਦਾ ਉਪ੍ਰਾਮ ਰਹਿੰਦੇ ਹਨ। ਉਹ ਆਪਣੇ ਅੰਦਰੋਂ ਹਉਮੈ ਮਾਰ ਕੇ ਪ੍ਰਭੂ ਚਰਨਾਂ ਨਾਲ ਜੁੜੇ ਰਹਿੰਦੇ ਹਨ।4।
ਚੰਦੀ ਅਮਰ ਜੀਤ ਸਿੰਘ (ਚਲਦਾ)