ਗੁਰਬਾਣੀ ਦੀ ਸਰਲ ਵਆਿਖਆਿ ਭਾਗ (366)
ਮਾਝ ਮਹਲਾ 3 ॥
ਆਤਮ ਰਾਮ ਪਰਗਾਸੁ ਗੁਰ ਤੇ ਹੋਵੈ ॥ ਹਉਮੈ ਮੈਲੁ ਲਾਗੀ ਗੁਰ ਸਬਦੀ ਖੋਵੈ ॥
ਮਨੁ ਨਿਰਮਲੁ ਅਨਦਿਨੁ ਭਗਤੀ ਰਾਤਾ ਭਗਤਿ ਕਰੇ ਹਰਿ ਪਾਵਣਿਆ ॥1॥
ਗੁਰੂ ਪਾਸੋਂ ਹੀ ਮਨੁੱਖ ਨੂੰ ਇਹ ਚਾਨਣ ਹੋ ਸਕਦਾ ਹੈ ਕਿ ਪਰਮਾਤਮਾ ਦੀ ਜੋਤ ਸਭ ਵਿਚ ਵਿਆਪਕ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨੁੱਖ, ਮਨ ਨੂੰ ਲੱਗੀ ਹੋਈ ਹਉਮੈ ਦੀ ਮੈਲ ਧੋ ਸਕਦਾ ਹੈ। ਜਿਸ ਮਨੁੱਖ ਦਾ ਮਨ ਮੈਲ ਰਹਿਤ ਹੋ ਜਾਂਦਾ ਹੈ, ਉਹ ਪ੍ਰਭੂ ਦੀ ਭਗਤੀ
ਵਿਚ ਰੰਗਿਆ ਜਾਂਦਾ ਹੈ, ਭਗਤੀ ਕਰ ਕਰ ਕੇ ਉਹ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ।1।
ਹਉ ਵਾਰੀ ਜੀਉ ਵਾਰੀ ਆਪਿ ਭਗਤਿ ਕਰਨਿ ਅਵਰਾ ਭਗਤਿ ਕਰਾਵਣਿਆ ॥
ਤਿਨਾ ਭਗਤ ਜਨਾ ਕਉ ਸਦ ਨਮਸਕਾਰੁ ਕੀਜੈ ਜੋ ਅਨਦਿਨੁ ਹਰਿ ਗੁਣ ਗਾਵਣਿਆ ॥1॥ ਰਹਾਉ ॥
ਮੈਂ ਉਨ੍ਹਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹਾਂ, ਜਿਹੜੇ ਆਪ ਪਰਮਾਤਮਾ ਦੀ ਭਗਤੀ ਕਰਦੇ ਹਨ ਤੇ ਹੋਰਨਾ ਪਾਸੋਂ ਭਗਤੀ ਕਰਾਂਦੇ ਹਨ। ਇਹੋ ਜਿਹੇ ਭਗਤਾਂ ਅੱਗੇ ਸਦਾ ਸਿਰ ਨਿਵਾਣਾ ਚਹੀਦਾ ਹੈ, ਜਿਹੜੇ ਹਰ ਰੋਜ਼ ਪ੍ਰਭੂ ਦੇ ਗੁਣ ਗਾਂਦੇ ਹਨ।1।ਰਹਾਉ।
ਆਪੇ ਕਰਤਾ ਕਾਰਣੁ ਕਰਾਏ ॥ ਜਿਤੁ ਭਾਵੈ ਤਿਤੁ ਕਾਰੈ ਲਾਏ ॥
ਪੂਰੈ ਭਾਗਿ ਗੁਰ ਸੇਵਾ ਹੋਵੈ ਗੁਰ ਸੇਵਾ ਤੇ ਸੁਖੁ ਪਾਵਣਿਆ ॥2॥
ਕਰਤਾਰ ਆਪ ਹੀ ਜੀਵਾਂ ਪਾਸੋਂ ਭਗਤੀ ਕਰਾਣ ਦਾ ਸਬੰਧ ਪੈਦਾ ਕਰਦਾ ਹੈ, ਕਿਉਂਕਿ ਉਹ ਜੀਵਾਂ ਨੂੰ ਉਸ ਕੰਮ ਵਿਚ ਲਾਂਦਾ ਹੈ, ਜਿਸ ਵਿਚ ਲਾਣਾ ਉਸ ਨੂੰ ਚੰਗਾ ਲਗਦਾ ਹੈ। ਵੱਡੀ ਕਿਸਮਤ ਨਾਲ ਹੀ ਜੀਵ ਪਾਸੋਂ ਗੁਰੂ ਦਾ ਆਸਰਾ ਲਿਆ ਜਾ ਸਕਦਾ ਹੈ।
ਗੁਰੂ ਦਾ ਆਸਰਾ ਲੈ ਕੇ ਵਡਭਾਗੀ ਮਨੁੱਖ ਆਤਮਕ ਆਨੰਦ ਮਾਣਦਾ ਹੈ।2।
ਮਰਿ ਮਰਿ ਜੀਵੈ ਤਾ ਕਿਛੁ ਪਾਏ ॥ ਗੁਰ ਪਰਸਾਦੀ ਹਰਿ ਮੰਨਿ ਵਸਾਏ ॥
ਸਦਾ ਮੁਕਤੁ ਹਰਿ ਮੰਨਿ ਵਸਾਏ ਸਹਜੇ ਸਹਜਿ ਸਮਾਵਣਿਆ ॥3॥
ਜਦੋਂ ਮਨੁੱਖ ਮੁੜ ਮੁੜ ਜਤਨ ਕਰ ਕੇ ਹਉਮੈ ਵਲੋਂ ਮਰਦਾ ਹੈ ਤੇ ਆਤਮਕ ਜੀਵਨ ਹਾਸਲ ਕਰਦਾ ਹੈ, ਤਦੋਂ ਉਹ ਪਰਮਾਤਮਾ ਦੀ ਭਗਤੀ ਦਾ ਕੁਝ ਆਨੰਦ ਮਾਣਦਾ ਹੈ, ਤਦੋਂ ਗੁਰੂ ਦੀ ਕਿਰਪਾ ਨਾਲ ਉਹ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾਂਦਾ ਹੈ।
ਜਿਹੜਾ ਮਨੁੱਖ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ, ਉਹ ਸਦਾ ਹਉਮੈ ਆਦਿ ਵਿਕਾਰਾਂ ਤੋਂ ਆਜ਼ਾਦ ਰਹਿੰਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ।3।
ਬਹੁ ਕਰਮ ਕਮਾਵੈ ਮੁਕਤਿ ਨ ਪਾਏ ॥ ਦੇਸੰਤਰੁ ਭਵੈ ਦੂਜੈ ਭਾਇ ਖੁਆਏ ॥
ਬਿਰਥਾ ਜਨਮੁ ਗਵਾਇਆ ਕਪਟੀ ਬਿਨੁ ਸਬਦੈ ਦੁਖੁ ਪਾਵਣਿਆ ॥4॥
ਭਗਤੀ ਤੋਂ ਬਿਨਾ ਜੋ ਮਨੁੱਖ ਅਨੇਕਾਂ ਹੋਰ ਮਿਥੇ ਹੋਏ ਧਾਰਮਿਕ ਕੰਮ ਕਰਦਾ ਹੈ, ਤਾਂ ਵੀ ਵਿਕਾਰਾਂ ਤੋਂ ਆਜ਼ਾਦੀ ਪ੍ਰਾਪਤ ਨਹੀਂ ਕਰ ਸਕਦਾ। ਜੇ ਹੋਰ ਹੋਰ ਦੇਸਾਂ ਦਾ ਰਟਨ ਕਰਦਾ ਫਿਰੇ, ਤਾਂ ਵੀ ਮਾਇਆ ਦੇ ਮੋਹ ਵਿਚ ਰਹਿ ਕੇ ਕੁਰਾਹੇ ਹੀ ਪਿਆ ਰਹਿੰਦਾ ਹੈ। ਅਸਲ ਵਿਚ ਉਹ ਮਨੁੱਖ ਛਲ ਹੀ ਕਰਦਾ ਹੈ ਤੇ ਛਲੀ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾਂਦਾ ਹੈ, ਗੁਰੂ ਦੇ ਸ਼ਬਦ ਦਾ ਆਸਰਾ ਲੈਣ ਤੋਂ ਬਿਨਾ ਉਹ ਦੁੱਖ ਹੀ ਪਾਂਦਾ ਰਹਿੰਦਾ ਹੈ।4।
ਚੰਦੀ ਅਮਰ ਜੀਤ ਸਿੰਘ (ਚਲਦਾ)