ਗੁਰਬਾਣੀ ਦੀ ਸਰਲ ਵਿਆਖਿਆ ਭਾਗ (402)
ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿiਲਆ ਹਰਿ ਨਾਹੁ ॥
ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥
ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥
ਬਿiਖਆ ਪੋਹਿ ਨ ਸਕਈ ਮਿiਲ ਸਾਧੂ ਗੁਣ ਗਾਹੁ ॥
ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥
ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥
ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥
ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥
ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥11॥
ਪੋਹ ਦੇ ਮਹੀਨੇ ਵਿਚ ਜੀਵ ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ, ਉਸ ਨੂੰ ਕੱਕਰ, ਮਨ ਦੀ ਕਠੌਰਤਾ, ਕੋਰਾ-ਪਨ ਜੋਰ ਨਹੀਂ ਪਾ ਸਕਦਾ, ਕਿਉਂਕਿ ਉਸ ਦੀ ਬਿਰਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ, ਪ੍ਰਭੂ ਦੇ ਸੋਹਣੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ।
ਜਿਸ ਜੀਵ ਇਸਤ੍ਰੀ ਨੇ ਗੋਬਿੰਦ-ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ,
ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫਤ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਓਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ।
ਪਾਰ-ਬ੍ਰਹਮ ਨੇ ਉਸ ਦਾ ਹੱਥ ਫੜ ਕੇ, ਉਸ ਨੂੰ ਆਪਣੇ ਚਰਨਾਂ ਵਿਚ ਜੋੜਿਆ ਹੁੰਦਾ ਹੈ, ਉਹ ਮੁੜ ਉਸ ਦੇ ਚਰਨਾਂ ਤੋਂ ਵਿਛੜਦੀ ਨਹੀਂ। ਪਰ ਉਹ ਸੱਜਣ-ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲੱਖ ਵਾਰੀ ਕੁਰਬਾਨ ਹਾਂ।
ਹੇ ਨਾਨਕ, ਉਹ ਬੜਾ ਦਿਆਲ ਹੈ, ਦਰ ਉੱਤੇ ਡਿiਗਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ।
ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਨਾ ਲਗਦਾ ਹੈ, ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ।11।
ਚੰਦੀ ਅਮਰ ਜੀਤ ਸਿੰਘ (ਚਲਦਾ)