(ਵਿਸ਼ਾ-ਸਤਵਾਂ, ਪੁਨਰਪਿ ਜਨਮੁ ਨ ਹੋਈ )
(ਭਾਗ ਅਠਵਾਂ )
ਜਨਮ ਮਰਣ ਭਵ ਭੰਜਨੁ ਗਾਈਐ ਪੁਨਰਪਿ ਜਨਮੁ ਨ ਹੋਈ ਜੀਉ ॥
ਸ਼ਬਦ ਸਰਬ ਜੀਆ ਸਿਰਿ ਲੇਖੁ ਧੁਰਾਹੂ ਬਿਨ ਲੇਖੈ ਨਹੀ ਕੋਈ ਜੀਉ ॥
ਆਪਿ ਅਲੇਖੁ ਕੁਦਰਤਿ ਕਰਿ ਦੇਖੈ ਹੁਕਮਿ ਚਲਾਏ ਸੋਈ ਜੀਉ ॥1॥
ਮਨ ਰੇ ਰਾਮ ਜਪਹੁ ਸੁਖੁ ਹੋਈ ॥
ਅਹਿਨਿਸਿ ਗੁਰ ਕੇ ਚਰਨ ਸਰੇਵਹੁ ਹਰਿ ਦਾਤਾ ਭੁਗਤਾ ਸੋਈ ॥ਰਹਾਉ॥
ਜੋ ਅੰਤਰਿ ਸੋ ਬਾਹਰਿ ਦੇਖਹੁ ਅਵਰੁ ਨ ਦੂਜਾ ਕੋਈ ਜੀਉ ॥
ਗੁਰਮੁਖਿ ਏਕ ਦ੍ਰਿਸਟਿ ਕਰਿ ਦੇਖਹੁ ਘਟਿ ਘਟਿ ਜੋਤਿ ਸਮੋਈ ਜੀਉ ॥2॥
ਚਲਤੌ ਠਾਕਿ ਰਖਹੁ ਘਰਿ ਅਪਨੈ ਗੁਰ ਮਿਲਿਐ ਇਹ ਮਤਿ ਹੋਈ ਜੀਉ ॥
ਦੇਖਿ ਅਦ੍ਰਿਸਟੁ ਰਹਉ ਬਿਸਮਾਦੀ ਦੁਖੁ ਬਿਸਰੈ ਸੁਖੁ ਹੋਈ ਜੀਉ ॥3॥
ਪੀਵਹੁ ਅਪਿਉ ਪਰਮ ਸੁਖੁ ਪਾਈਐ ਨਿਜ ਘਰਿ ਵਾਸਾ ਹੋਈ ਜੀਉ ॥
ਜਨਮ ਮਰਣ ਭਵ ਭੰਜਨੁ ਗਾਈਐ ਪੁਨਰਪਿ ਜਨਮੁ ਨ ਹੋਈ ਜੀਉ ॥4॥
ਤਤੁ ਨਿਰੰਜਨੁ ਜੋਤਿ ਸਬਾਈ ਸੋਹੰ ਭੇਦੁ ਨ ਕੋਈ ਜੀਉ ॥
ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰੁ ਮਿਲਿਆ ਸੋਈ ਜੀਉ ॥5॥11॥ (598-99)
॥ਰਹਾਉ॥ ਮਨ ਰੇ ਰਾਮ ਜਪਹੁ ਸੁਖੁ ਹੋਈ ॥
ਅਹਿਨਿਸਿ ਗੁਰ ਕੇ ਚਰਨ ਸਰੇਵਹੁ ਹਰਿ ਦਾਤਾ ਭੁਗਤਾ ਸੋਈ ॥ਰਹਾਉ॥
ਹੇ ਮੇਰੇ ਮਨ ! ਸਦਾ ਰਾਮ ਦਾ ਨਾਮ ਜਪੋ , (ਨਾਮ ਜਪਣ ਨਾਲ) ਆਤਮਕ ਸੁਖ ਮਿਲੇਗਾ। ਦਿਨ ਰਾਤ ਉਸ ਸਭ ਤੋਂ ਵੱਡੇ ਮਾਲਕ ਦੇ ਚਰਨਾਂ ਦਾ ਧਿਆਨ ਧਰੋ , ਉਹ ਹਰੀ (ਆਪ ਹੀ ਸਭ ਜੀਵਾਂ ਨੂੰ ਦਾਤਾਂ) ਦੇਣ ਵਾਲਾ ਹੈ , (ਆਪ ਹੀ ਸਭ ਵਿਚ ਵਿਆਪਕ ਹੋ ਕੇ) ਭੋਗਣ ਵਾਲਾ
ਹੈ ।
॥1॥ ਸਰਬ ਜੀਆ ਸਿਰਿ ਲੇਖੁ ਧੁਰਾਹੂ ਬਿਨ ਲੇਖੈ ਨਹੀ ਕੋਈ ਜੀਉ ॥
ਆਪਿ ਅਲੇਖੁ ਕੁਦਰਤਿ ਕਰਿ ਦੇਖੈ ਹੁਕਮਿ ਚਲਾਏ ਸੋਈ ਜੀਉ ॥1॥
ਧੁਰੋਂ (ਪਰਮਾਤਮਾ ਦੀ ਰਜ਼ਾ ਅਨੁਸਾਰ) ਹੀ ਸਭ ਜੀਵਾਂ ਦੇ ਮੱਥੇ ਉੱਤੇ (ਆਪੋ ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ) ਲੇਖ (ਉੱਕਰਿਆ ਪਿਆ) ਹੈ । ਕੋਈ ਜੀਵ ਐਸਾ ਨਹੀਂ ਹੈ ਜਿਸ ਉਤੇ ਇਸ ਲੇਖ ਦਾ ਪ੍ਰਭਾਵ ਨਾਂਹ ਹੋਵੇ । ਸਿਰਫ ਪਰਮਾਤਮਾ ਆਪ ਇਸ (ਕਰਮ-) ਲੇਖ ਤੋਂ ਸੁਤੰਤ੍ਰ ਹੈ ਜੋ ਇਸ ਕੁਦਰਤਿ ਨੂੰ ਰਚ ਕੇ ਇਸ ਦੀ ਸੰਭਾਲ ਕਰਦਾ ਹੈ , ਤੇ ਆਪਣੇ ਹੁਕਮ ਵਿਚ (ਜਗਤ-ਕਾਰ) ਚਲਾ ਰਿਹਾ ਹੈ ।
॥2॥ ਜੋ ਅੰਤਰਿ ਸੋ ਬਾਹਰਿ ਦੇਖਹੁ ਅਵਰੁ ਨ ਦੂਜਾ ਕੋਈ ਜੀਉ ॥
ਗੁਰਮੁਖਿ ਏਕ ਦ੍ਰਿਸਟਿ ਕਰਿ ਦੇਖਹੁ ਘਟਿ ਘਟਿ ਜੋਤਿ ਸਮੋਈ ਜੀਉ ॥2॥
ਹੇ ਮੇਰੇ ਮਨ ! ਜੇਹੜਾ ਪ੍ਰਭੂ ਤੇਰੇ ਅੰਦਰ ਵੱਸ ਰਿਹਾ ਹੈ ਉਸ ਨੂੰ ਬਾਹਰ (ਸਾਰੀ ਕੁਦਰਤਿ ਵਿਚ) ਵੇਖ , ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ ।
ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਇੱਕ ਨੂੰ ਵੇਖਣ ਵਾਲੀ ਨਜ਼ਰ ਬਣਾ (ਫਿਰ ਤੈਨੂੰ ਦਿੱਸ ਪਏਗਾ ਕਿ) ਹਰੇਕ ਸਰੀਰ ਵਿਚ ਪਰਮਾਤਮਾ ਦੀ ਹੀ ਜੋਤਿ ਮੌਜੂਦ ਹੈ ।
॥3॥ ਚਲਤੌ ਠਾਕਿ ਰਖਹੁ ਘਰਿ ਅਪਨੈ ਗੁਰ ਮਿਲਿਐ ਇਹ ਮਤਿ ਹੋਈ ਜੀਉ ॥
ਦੇਖਿ ਅਦ੍ਰਿਸਟੁ ਰਹਉ ਬਿਸਮਾਦੀ ਦੁਖੁ ਬਿਸਰੈ ਸੁਖੁ ਹੋਈ ਜੀਉ ॥3॥
(ਹੇ ਭਾਈ !) ਇਸ (ਬਾਹਰ) ਭਟਕਦੇ (ਮਨ) ਨੂੰ ਰੋਕ ਕੇ ਆਪਣੇ ਅੰਦਰ (ਵਸਦੇ ਪ੍ਰਭੂ ਵਿਚ) ਹੀ ਟਿਕਾ ਰੱਖ । ਪਰ ਗੁਰੂ ਨੂੰ ਮਿਲਿਆਂ ਹੀ ਇਹ ਅਕਲ ਆਉਂਦੀ ਹੈ । ਮੈਂ ਤਾਂ (ਗੁਰੂ ਦੀ ਕਿਰਪਾ ਨਾਲ) ਉਸ ਅਦ੍ਰਿਸ਼ਟ ਪ੍ਰਭੂ ਨੂੰ (ਸਭ ਵਿਚ ਵਸਦਾ) ਵੇਖ ਕੇ ਵਿਸਮਾਦ ਅਵਸਥਾ ਵਿਚ ਅੱਪੜ ਜਾਂਦਾ ਹਾਂ । (ਜੇਹੜਾ ਵੀ ਇਹ ਦੀਦਾਰ ਕਰਦਾ ਹੈ , ਉਸ ਦਾ) ਦੁੱਖ ਮਿਟ ਜਾਂਦਾ ਹੈ ਉਸ ਨੂੰ ਆਤਮਕ ਆਨੰਦ ਮਿਲ ਜਾਂਦਾ ਹੈ ।
॥4॥ ਪੀਵਹੁ ਅਪਿਉ ਪਰਮ ਸੁਖੁ ਪਾਈਐ ਨਿਜ ਘਰਿ ਵਾਸਾ ਹੋਈ ਜੀਉ ॥
ਜਨਮ ਮਰਣ ਭਵ ਭੰਜਨੁ ਗਾਈਐ ਪੁਨਰਪਿ ਜਨਮੁ ਨ ਹੋਈ ਜੀਉ ॥4॥
(ਹੇ ਭਾਈ !) ਅਟੱਲ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਉ , (ਇਹ ਨਾਮ ਰਸ ਪੀਂਤਿਆਂ) ਸਭ ਤੋਂ ਉੱਚਾ ਆਤਮਕ ਆਨੰਦ ਮਿਲਦਾ ਹੈ , ਅਤੇ ਆਪਣੇ ਘਰ ਵਿਚ ਟਿਕਾਣਾ ਹੋ ਜਾਂਦਾ ਹੈ । (ਭਾਵ , ਸੁੱਖਾਂ ਦੀ ਖਾਤ੍ਰ ਮਨ ਬਾਹਰ ਭਟਕਣੋਂ ਹੱਟ ਜਾਂਦਾ ਹੈ) । (ਹੇ ਭਾਈ !) ਜਨਮ ਮਰਨ ਦਾ ਚੱਕ੍ਰ ਨਾਸ ਕਰਨ ਵਾਲੇ ਪ੍ਰਭੂ ਦੀ ਸਿਫਤਿ ਸਾਲਾਹ ਕਰਨੀ ਚਾਹੀਦੀ ਹੈ , (ਇਸ ਤਰ੍ਹਾਂ) ਮੁੜ ਮੁੜ ਜਨਮ (ਮਰਨ) ਨਹੀਂ ਹੁੰਦਾ।
॥5॥ ਤਤੁ ਨਿਰੰਜਨੁ ਜੋਤਿ ਸਬਾਈ ਸੋਹੰ ਭੇਦੁ ਨ ਕੋਈ ਜੀਉ ॥
ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰੁ ਮਿਲਿਆ ਸੋਈ ਜੀਉ ॥5॥
(ਹੇ ਭਾਈ !) ਪਰਮਾਤਮਾ ਸਾਰੇ ਜਗਤ ਦਾ ਅਸਲਾ ਹੈ (ਆਪ) ਮਾਇਆ ਦੇ ਪ੍ਰਭਾਵ ਤੋਂ ਰਹਿਤ ਹੈ , ਪ੍ਰਭੂ ਪਾਰਬ੍ਰਹਮ ਪਰੇ ਤੋਂ ਪਰੇ ਹੈ ਸਭ ਤੋਂ ਵੱਡਾ ਮਾਲਕ ਹੈ । ਹੇ ਨਾਨਕ ! ਜੋ ਮਨੁੱਖ ਗੁਰੂ ਨੂੰ ਮਿਲ ਪੈਂਦਾ ਹੈ ਉਸ ਨੂੰ (ਇਹ ਦਿਸ ਪੈਂਦਾ ਹੈ ਕਿ)
ਉਸ ਪ੍ਰਭੂ ਦੀ ਜੋਤ ਹਰ ਥਾਂ ਸੋਭ ਰਹੀ ਹੈ (ਤੇ ਉਸ ਦੀ ਵਿਆਪਕਤਾ ਵਿਚ ਕਿਤੇ) ਕੋਈ ਵਿੱਥ ਵਿਤਕਰਾ ਨਹੀਂ ਹੈ ।
ਸਵਾਲ :- ਜਨਮ ਮਰਨ ਦਾ ਚੱਕਰ ਨਾਸ ਕਰਨ ਵਾਲੇ ਪ੍ਰਭੂ ਦੀ ਸਿਫਤਿ ਸਾਲਾਹ ਕੀਂਤਿਆਂ , ਮੁੜ ਮੁੜ ਜਨਮ-ਮਰਨ ਨਹੀਂ ਹੁੰਦਾ । ਜੋ ਪ੍ਰਭੂ ਦੀ ਸਿਫਤਿ ਸਾਲਾਹ ਕਰਨੀ ਤਾਂ ਇਕ ਪਾਸੇ , ਉਸ ਦੀ ਹੋਂਦ ਨੂੰ ਹੀ ਨਹੀਂ ਮੰਨਦੇ , ਉਨ੍ਹਾਂ ਦਾ ਕੀ ਹੁੰਦਾ ਹੈ ?
ਅਮਰ ਜੀਤ ਸਿੰਘ ਚੰਦੀ